ਪੰਜਾਬ ਪੁਲੀਸ ਦਾ ਬਹਾਦਰੀ ਅਤੇ ਕੁਰਬਾਨੀ ਵਾਲਾ ਸ਼ਾਨਾਮੱਤਾ ਇਤਿਹਾਸ: ਗੌਰਵ ਯਾਦਵ

ਪੰਜਾਬ ਪੁਲੀਸ ਦਾ ਬਹਾਦਰੀ ਅਤੇ ਕੁਰਬਾਨੀ ਵਾਲਾ ਸ਼ਾਨਾਮੱਤਾ ਇਤਿਹਾਸ: ਗੌਰਵ ਯਾਦਵ

ਜਲੰਧਰ- ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਅਪਰਾਧੀਆਂ ਨਾਲ ਲੋਹਾ ਲੈਂਦਿਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਪੁਲੀਸ ਮੁਲਾਜ਼ਮਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਅੱਜ ਇੱਥੇ ਪੰਜਾਬ ਆਰਮਡ ਪੁਲੀਸ (ਪੀਏਪੀ) ਹੈੱਡਕੁਆਰਟਰ ਵਿੱਚ 64ਵਾਂ ਸੂਬਾ ਪੱਧਰੀ ਪੁਲੀਸ ਯਾਦਗਾਰੀ ਦਿਵਸ ਮਨਾਇਆ ਗਿਆ।

ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲੀਸ ਦਾ ਬਹਾਦਰੀ ਅਤੇ ਕੁਰਬਾਨੀ ਵਾਲਾ ਸ਼ਾਨਾਂਮੱਤਾ ਇਤਿਹਾਸ ਹੈ। ਉਨ੍ਹਾਂ ਕਿਹਾ ਕਿ ਪੁਲੀਸ ਬਲ ਦੇ ਮੈਂਬਰਾਂ ਨੇ ਦੇਸ਼ ਦੀ ਏਕਤਾ ਨੂੰ ਕਾਇਮ ਰੱਖਣ ਅਤੇ ਨਾਗਰਿਕਾਂ ਨੂੰ ਸੁਰੱਖਿਆ ਦੇਣ ਲਈ ਆਪਣੀਆਂ ਜਾਨਾਂ ਵਾਰ ਦਿੱਤੀਆਂ। ਉਨ੍ਹਾਂ ਕਿਹਾ ਕਿ ਸਤੰਬਰ 1981 ਤੋਂ ਹੁਣ ਤੱਕ ਪੁਲੀਸ ਦੇ 1797 ਅਧਿਕਾਰੀਆਂ ਤੇ ਮੁਲਾਜ਼ਮਾਂ ਜਨਿ੍ਹਾਂ ਵਿੱਚ ਇਸ ਸਾਲ ਸ਼ਹੀਦ ਹੋਏ ਤਿੰਨ ਜਵਾਨ ਵੀ ਸ਼ਾਮਲ ਹਨ, ਨੇ ਆਪਣਾ ਫ਼ਰਜ਼ ਨਿਭਾਉਂਦਿਆਂ ਆਪਣੀਆਂ ਜਾਨਾਂ ਦਿੱਤੀਆਂ ਹਨ। ਪੁਲੀਸ ਮੁਖੀ ਨੇ ਕਿਹਾ, ‘‘ਇਨ੍ਹਾਂ ਸ਼ਹੀਦਾਂ ਦੀ ਬਦੌਲਤ ਹੀ ਅਸੀਂ ਸਾਰੇ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ।’’ ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਆਪਣੀ ਬਹਾਦਰੀ ਤੇ ਦਲੇਰੀ ਦੇ ਨਾਲ ਅਤਿਵਾਦ ਨਾਲ ਨਜਿੱਠਣ ਲਈ ਜਾਣੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮਾਤ ਭੂਮੀ ਨੂੰ ਦੁਸ਼ਮਣਾਂ ਤੋਂ ਬਚਾਉਣ ਲਈ ਪੰਜਾਬ ਪੁਲੀਸ ਹਮੇਸ਼ਾ ਮੋਹਰੀ ਰਹੀ ਹੈ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਸੋਚ ਸਦਕਾ ‘ਸੜਕ ਸੁਰੱਖਿਆ ਬਲ’ (ਐੱਸਐੱਸਐੱਫ) ਨਾਂ ਦਾ ਪ੍ਰਮੁੱਖ ਪ੍ਰਾਜੈਕਟ ਜਲਦੀ ਹੀ ਸ਼ੁਰੂ ਹੋਵੇਗਾ। ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲੀਸ ਨੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਰੁਖ਼ ਅਪਣਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਨੇ ਸੂਬੇ ਨੂੰ ਨਸ਼ਾਮੁਕਤ ਕਰਨ ਲਈ ‘ਐਨਫੋਰਸਮੈਂਟ’, ‘ਨਸ਼ਾ ਮੁਕਤੀ’ ਅਤੇ ‘ਰੋਕਥਾਮ’ ਦੀ ਤਿੰਨ ਨੁਕਾਤੀ ਰਣਨੀਤੀ ਅਪਣਾਈ ਹੈ।

ਇਸ ਤੋਂ ਪਹਿਲਾਂ 80ਵੀਂ ਬਟਾਲੀਅਨ ਦੇ ਨਵਜੋਤ ਸਿੰਘ ਮਾਹਲ ਵੱਲੋਂ ਗੈਂਗਸਟਰਾਂ ਨਾਲ ਲੜਦਿਆਂ ਸ਼ਹੀਦ ਹੋਏ ਪੰਜਾਬ ਪੁਲੀਸ ਦੇ ਮਨਦੀਪ ਸਿੰਘ, ਕੁਲਦੀਪ ਸਿੰਘ, ਪਰਮਿੰਦਰ ਸਿੰਘ ਸਣੇ ਇਸ ਸਾਲ ਦੇ ਸਾਰੇ 189 ਸ਼ਹੀਦਾਂ ਦੇ ਨਾਮ ਪੜ੍ਹ ਕੇ ਸੁਣਾਏ ਗਏ। ਇਸ ਦੌਰਾਨ ਦੋ ਮਿੰਟ ਦਾ ਮੌਨ ਰੱਖਿਆ ਗਿਆ ਅਤੇ ਬਾਅਦ ਵਿੱਚ ਸੀਨੀਅਰ ਅਧਿਕਾਰੀਆਂ ਨੇ ਸ਼ਹੀਦੀ ਸਮਾਰਕ ’ਤੇ ਫੁੱਲਮਾਲਾਵਾਂ ਭੇਟ ਕੀਤੀਆਂ। ਇਸ ਮੌਕੇ ਕੈਬਨਿਟ ਮੰਤਰੀ ਬਲਕਾਰ ਸਿੰਘ, ਏਡੀਜੀਪੀਜ਼ ਅਤੇ ਆਈਜੀਪੀਜ਼ ਤੋਂ ਇਲਾਵਾ ਪੁਲੀਸ ਦੇ ਹੋਰ ਸੀਨੀਅਰ ਅਧਿਕਾਰੀ ਤੇ ਵੱਡੀ ਗਿਣਤੀ ਮੁਲਾਜ਼ਮ ਹਾਜ਼ਰ ਸਨ।