ਪੰਜਾਬ ਭਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਸੰਗਰੂਰ ਵਿੱਚ ਸੂਬਾਈ ਰੈਲੀ

ਪੰਜਾਬ ਭਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਸੰਗਰੂਰ ਵਿੱਚ ਸੂਬਾਈ ਰੈਲੀ

‘ਆਪ’ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼; ਪ੍ਰਸ਼ਾਸਨ ਨੇ ਮੁਲਾਜ਼ਮ ਆਗੂਆਂ ਦੀ ਮੁੱਖ ਮੰਤਰੀ ਨਾਲ ਮੀਟਿੰਗ ਤੈਅ ਕਰਵਾਈ
ਸੰਗਰੂਰ- ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੱਦੇ ’ਤੇ ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੇ ਮੁਲਾਜ਼ਮਾਂ ਨੇ ਅੱਜ ਇੱਥੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਸੂਬਾਈ ਰੈਲੀ ਕੀਤੀ। ਰੈਲੀ ਵਿੱਚ ਹਜ਼ਾਰਾਂ ਦੀ ਗਿਣਤੀ ’ਚ ਪਹੁੰਚੇ ਕੱਚੇ, ਆਊਟਸੋਰਸ, ਠੇਕਾ ਆਧਾਰਿਤ ਮੁਲਾਜ਼ਮਾਂ, ਸਕੀਮ ਵਰਕਰਾਂ, ਰੈਗੂਲਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।

ਪ੍ਰਾਪਤ ਜਾਣਕਾਰੀ ਅਨੁਸਾਰ ਰੈਲੀ ਦੀ ਪ੍ਰਧਾਨਗੀ ਰਣਜੀਤ ਸਿੰਘ ਰਾਣਵਾਂ, ਜਗਦੀਸ਼ ਚਾਹਲ, ਦਰਸ਼ਨ ਸਿੰਘ ਲੁਬਾਣਾ, ਗੁਰਪ੍ਰੀਤ ਸਿੰਘ ਗਡੀਵਿੰਡ, ਅਮਰਜੀਤ ਕੌਰ ਰਣ ਸਿੰਘ ਵਾਲਾ ਤੇ ਸੁਰਿੰਦਰ ਪੁਆਰੀ ਆਦਿ ਵਲੋਂ ਕੀਤੀ ਗਈ। ਇਸ ਦੌਰਾਨ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਆਲ ਇੰਡੀਆ ਸਟੇਟ ਗੌਰਮਿੰਟ ਐਂਪਲਾਈਜ਼ ਕਨਫੈਡਰੇਸ਼ਨ ਦੇ ਕੌਮੀ ਚੇਅਰਮੈਨ ਐੱਮਐੱਲ ਸਹਿਗਲ ਅਤੇ ਪੰਜਾਬ ਏਟਕ ਦੇ ਜਨਰਲ ਸਕੱਤਰ ਕਾਮਰੇਡ ਨਿਰਮਲ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਮਾਨ ਸਰਕਾਰ ਵੀ ਪਿਛਲੀਆਂ ਸੂਬਾਈ ਸਰਕਾਰਾਂ ਅਤੇ ਕੇਂਦਰ ਸਰਕਾਰ ਵਾਂਗ ਸਰਮਾਏਦਾਰਾਂ ਦਾ ਪੱਖ ਪੂਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਹਾਲੇ ਤੱਕ ਹਰੇਕ ਕਿਰਤੀ ਨੂੰ ਘੱਟੋ ਘੱਟ 26000 ਰੁਪਏ ਮਹੀਨਾ ਮਿਹਨਤਾਨਾ ਦੇਣ ਤੋਂ ਮੂੰਹ ਮੋੜੀ ਬੈਠੀ ਹੈ। ਮੁਲਾਜ਼ਮ ਆਗੂ ਹਰਭਜਨ ਸਿੰਘ ਪਿਲਖਣੀ, ਡਾਕਟਰ ਐੱਨਕੇ ਕਲਸੀ, ਗੁਰਪ੍ਰੀਤ ਸਿੰਘ ਮਾੜੀਮੇਘਾ, ਉੱਤਮ ਸਿੰਘ ਬਾਗੜੀ, ਜਸਵਿੰਦਰ ਪਾਲ ਉੱਘੀ ਤੇ ਜਗਮੋਹਨ ਨੌਲੱਖਾ ਆਦਿ ਨੇ ਦੋਸ਼ ਲਾਇਆ ਕਿ ‘ਆਪ’ ਸਰਕਾਰ ਵੱਲੋਂ ਲਗਾਤਾਰ ਦਸ ਮਹੀਨਿਆਂ ਤੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ। ਇਸ ਮੌਕੇ ਮੁਲਾਜ਼ਮਾਂ ਨੇ ਪੈਨਸ਼ਨਰ ਫਰੰਟ ਵੱਲੋਂ 15 ਫਰਵਰੀ ਨੂੰ ਜ਼ਿਲ੍ਹਾ ਪੱਧਰ ’ਤੇ ਹੋ ਰਹੀਆਂ ਰੈਲੀਆਂ ਵਿੱਚ ਭਰਵੀਂ ਸ਼ਮੂਲੀਅਤ ਕਰਨ ਦਾ ਵੀ ਫੈਸਲਾ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸੰਗਰੂਰ ਦੇ ਪ੍ਰਤੀਨਿਧ ਤਹਿਸੀਲਦਾਰ ਨੇ ਰੈਲੀ ਵਿੱਚ ਪਹੁੰਚ ਕੇ ਮੰਗ ਪੱਤਰ ਪ੍ਰਾਪਤ ਕੀਤਾ ਅਤੇ 22 ਫਰਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਮੀਟਿੰਗ ਕਰਵਾਉਣ ਦਾ ਪੱਤਰ ਆਗੂਆਂ ਨੂੰ ਦਿੱਤਾ।