ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਮੁੜ ਹਟਾਇਆ

ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਮੁੜ ਹਟਾਇਆ

ਚੰਡੀਗੜ੍ਹ- ਸਰਕਾਰ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਮੁੜ ਅਹੁਦੇ ਤੋਂ ਹਟਾ ਦਿੱਤਾ ਹੈ। ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰਦਿਆਂ ਮਨੀਸ਼ਾ ਗੁਲਾਟੀ ਦੇ ਕਾਰਜਕਾਲ ਵਿੱਚ ਕੀਤੇ ਵਾਧੇ ਨੂੰ ਤੁਰੰਤ ਪ੍ਰਭਾਵ ਨਾਲ ਵਾਪਸ ਲੈ ਲਿਆ ਹੈ। ਇਹ ਵਾਧਾ 18 ਸਤੰਬਰ 2020 ਨੂੰ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਸਰਕਾਰ ਨੇ ਕੀਤਾ ਸੀ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਫਰਵਰੀ 2023 ਵਿੱਚ ਮਨੀਸ਼ਾ ਗੁਲਾਟੀ ਨੂੰ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾ ਦਿੱਤਾ ਸੀ। ਉਸ ਸਮੇਂ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀ ਕ੍ਰਿਪਾ ਸ਼ੰਕਰ ਸਰੋਜ ਨੇ ਪੱਤਰ ਜਾਰੀ ਕਰਦਿਆਂ ਸਾਲ 2020 ’ਚ ਮਨੀਸ਼ਾ ਗੁਲਾਟੀ ਦੇ ਕਾਰਜਕਾਲ ’ਚ ਕੀਤੇ ਗਏ ਤਿੰਨ ਸਾਲ ਦੇ ਵਾਧੇ ਨੂੰ ਵਾਪਸ ਲੈ ਲਿਆ ਸੀ। ਸੂਬਾ ਸਰਕਾਰ ਨੇ ਦਾਅਵਾ ਕੀਤਾ ਸੀ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਕਾਰਜਕਾਲ ਵਿੱਚ ਵਾਧਾ ਨਹੀਂ ਕੀਤਾ ਜਾ ਸਕਦਾ। ਉਸ ਸਮੇਂ ਸੂਬਾ ਸਰਕਾਰ ਦੇ ਫ਼ੈਸਲੇ ਨੂੰ ਮਨੀਸ਼ਾ ਗੁਲਾਟੀ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਚੁਣੌਤੀ ਦਿੱਤੀ, ਜਿਸ ਤੋਂ ਬਾਅਦ ਸੂਬਾ ਸਰਕਾਰ ਨੇ ਜਾਰੀ ਆਦੇਸ਼ਾਂ ਨੂੰ ਰੱਦ ਕਰ ਦਿੱਤਾ ਸੀ। ਦੱਸਣਯੋਗ ਹੈ ਕਿ ਮਨੀਸ਼ਾ ਗੁਲਾਟੀ ਪੰਜਾਬ ਵਿਧਾਨ ਸਭਾ ਚੋਣਾਂ 2022 ਸਮੇਂ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ।

ਦੂਜੇ ਪਾਸੇ ਮਨੀਸ਼ਾ ਗੁਲਾਟੀ ਨੇ ਉਨ੍ਹਾਂ ਨੂੰ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਦੇ ਅਹੁਦੇ ਤੋਂ ਮੁੜ ਹਟਾਉਣ ਸਬੰਧੀ ਕੋਈ ਵੀ ਟਿੱਪਣੀ ਗੁਰੇਜ਼ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਸਰਕਾਰਾਂ ਦੇ ਫ਼ੈਸਲੇ ਹਨ ਤੇ ਇਸ ਬਾਰੇ ਕੁਝ ਵੀ ਕਿਹਾ ਨਹੀਂ ਜਾ ਸਕਦਾ। ਮਨੀਸ਼ਾ ਗੁਲਾਟੀ ਨੇ ਕਿਹਾ, ‘‘ਸਮਾਜ ਵਿੱਚ ਇਹੋ ਜਿਹੇ ਅਹੁਦਿਆਂ ਬਾਰੇ ਫ਼ੈਸਲੇ ਰਾਜਨੀਤੀ ਨੂੰ ਪਾਸੇ ਰੱਖ ਕੇ ਲੈਣੇ ਚਾਹੀਦੇ ਹਨ। ਮੈਂ ਬਤੌਰ ਚੇਅਰਪਰਸਨ ਲੋਕਾਂ ਦੀ ਭਲਾਈ ਲਈ ਕੰਮ ਕਰਦੀ ਰਹੀ ਹਾਂ ਅਤੇ ਭਵਿੱਖ ਵਿੱਚ ਵੀ ਉਹ ਕੰਮ ਜਾਰੀ ਰੱਖਾਂਗੀ।’’