ਪੰਜਾਬ ਵਜ਼ਾਰਤ ਵੱਲੋਂ ਸੂਬੇ ਵਿੱਚ ‘ਸੜਕ ਸੁਰੱਖਿਆ ਫੋਰਸ’ ਦੇ ਗਠਨ ਨੂੰ ਹਰੀ ਝੰਡੀ

ਪੰਜਾਬ ਵਜ਼ਾਰਤ ਵੱਲੋਂ ਸੂਬੇ ਵਿੱਚ ‘ਸੜਕ ਸੁਰੱਖਿਆ ਫੋਰਸ’ ਦੇ ਗਠਨ ਨੂੰ ਹਰੀ ਝੰਡੀ

5500 ਕਿਲੋਮੀਟਰ ਕੌਮੀ ਤੇ ਰਾਜ ਮਾਰਗਾਂ ਦੀ ਸੁਰੱਖਿਆ ਕਰੇਗੀ ਫੋਰਸ; 45 ਕੈਦੀਆਂ ਦੀ ਸਜ਼ਾ ਵਿੱਚ ਵਿਸ਼ੇਸ਼ ਛੋਟ ਦੇਣ ਦੀ ਪ੍ਰਵਾਨਗੀ
ਚੰਡੀਗੜ੍ਹ- ਪੰਜਾਬ ਮੰਤਰੀ ਮੰਡਲ ਨੇ ਸੜਕ ਹਾਦਸਿਆਂ ਵਿੱਚ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਦੇ ਉਦੇਸ਼ ਨਾਲ ਫੈਸਲਾ ਲੈਂਦਿਆਂ ਸੂਬੇ ਵਿਚ ‘ਸੜਕ ਸੁਰੱਖਿਆ ਫੋਰਸ’ ਬਣਾਉਣ ਨੂੰ ਹਰੀ ਝੰਡੀ ਦੇ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ ਜਿਨ੍ਹਾਂ ਵਿੱਚ ਸੂਬੇ ਦੀਆਂ ਜੇਲ੍ਹਾਂ ਵਿੱਚ ਬੰਦ 45 ਕੈਦੀਆਂ ਦੀ ਸਜ਼ਾ ਵਿੱਚ ਵਿਸ਼ੇਸ਼ ਛੋਟ, ਹਰੇਕ ਜ਼ਿਲ੍ਹੇ ਦੇ ਪ੍ਰਮੁੱਖ ਪਾਰਕ ਵਿਚ ਸ਼ਹੀਦੀ ਸਮਾਰਕ ਦੀ ਉਸਾਰੀ, ਸ਼ਾਸਨ ਵਿੱਚ ਹੋਰ ਸੁਧਾਰ ਲਈ ਆਰਟੀਫਿਸ਼ਲ ਇੰਟੈਲੀਜੈਂਸ ਦੀ ਵਰਤੋਂ ਅਤੇ ਐੱਨਆਰਆਈਜ਼ ਦੀ ਸਹੂਲਤ ਲਈ ਇੰਦਰਾ ਗਾਂਧੀ ਹਵਾਈ ਅੱਡੇ ’ਤੇ ਵਿਸ਼ੇਸ਼ ਕੇਂਦਰ ਸਥਾਪਤ ਕਰਨ ਦੀ ਪ੍ਰਵਾਨਗੀ ਆਦਿ ਸ਼ਾਮਲ ਹੈ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ‘ਸੜਕ ਸੁਰੱਖਿਆ ਫੋਰਸ’ 5500 ਕਿਲੋਮੀਟਰ ਰਾਜ ਤੇ ਕੌਮੀ ਮਾਰਗਾਂ ਦੀ ਸੁਰੱਖਿਆ ਕਰੇਗੀ। ਵਜ਼ਾਰਤ ਦਾ ਮੰਨਣਾ ਹੈ ਕਿ ਪੰਜਾਬ ਵਿਚ ਪਿਛਲੇ ਕੁਝ ਦਹਾਕਿਆਂ ਵਿਚ ਸੜਕਾਂ ਦਾ ਬੁਨਿਆਦੀ ਢਾਂਚਾ ਵਧਿਆ ਹੈ ਅਤੇ ਆਵਾਜਾਈ ਵਿਚ ਵੀ ਕਾਫੀ ਵਾਧਾ ਹੋਇਆ ਹੈ। ਸਰਕਾਰ ਵੱਲੋਂ ਇਨ੍ਹਾਂ ਰੂਟਾਂ ਉਤੇ 144 ਪੈਟਰੋਲਿੰਗ ਵਾਹਨ ਤਾਇਨਾਤ ਕੀਤੇ ਜਾਣਗੇ, ਜੋ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਅਤੇ ਓਵਰਸਪੀਡ ਦੀ ਜਾਂਚ ਕਰਨ ਲਈ ਵਿਸ਼ੇਸ਼ ਉਪਕਰਨਾਂ ਨਾਲ ਲੈਸ ਹੋਣਗੇ। ਹਰੇਕ ਵਾਹਨ 30 ਕਿਲੋਮੀਟਰ ਦੇ ਘੇਰੇ ਵਿਚ ਗਸ਼ਤ ਕਰੇਗਾ। ਇਹ ਵਾਹਨ ਖਰੀਦਣ ਅਤੇ ਇਨ੍ਹਾਂ ਉਪਰ ਲਾਏ ਜਾਣ ਵਾਲੇ ਆਧੁਨਿਕ ਉਪਕਰਨਾਂ ਦੀ ਖਰੀਦ ਉਤੇ 30 ਕਰੋੜ ਰੁਪਏ ਖਰਚ ਆਉਣਗੇ। ਸੜਕ ਸੁਰੱਖਿਆ ਫੋਰਸ ਵਿਚ 5000 ਪੁਲੀਸ ਜਵਾਨ ਤਾਇਨਾਤ ਕੀਤੇ ਜਾਣਗੇ ਜਿਨ੍ਹਾਂ ਵਿੱਚੋਂ 1200 ਤੋਂ 1500 ਪੁਲੀਸ ਜਵਾਨ ਨਵੇਂ ਭਰਤੀ ਹੋਏ ਪੁਲੀਸ ਮੁਲਾਜ਼ਮਾਂ ਵਿੱਚੋਂ ਹੀ ਤਾਇਨਾਤ ਕੀਤੇ ਜਾਣਗੇ। ਆਜ਼ਾਦੀ ਦੇ ਸੰਘਰਸ਼ ਦੌਰਾਨ ਮਾਤ ਭੂਮੀ ਦੀ ਰਾਖੀ ਕਰਦੇ ਹੋਏ ਜਾਨਾਂ ਵਾਰਨ ਵਾਲੇ ਮਹਾਨ ਸੁਤੰਤਰਤਾ ਸੈਨਾਨੀਆਂ ਅਤੇ ਕੌਮੀ ਨਾਇਕਾਂ ਦੇ ਸਤਿਕਾਰ ਵਿਚ ਮੰਤਰੀ ਮੰਡਲ ਨੇ ਹਰੇਕ ਜ਼ਿਲ੍ਹੇ ਦੇ ਪ੍ਰਮੁੱਖ ਪਾਰਕ ਵਿਚ ਸ਼ਹੀਦੀ ਸਮਾਰਕ ਬਣਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਸਮਾਰਕ ਉਤੇ ਸਬੰਧਤ ਜ਼ਿਲ੍ਹੇ ਦੇ ਸ਼ਹੀਦਾਂ ਅਤੇ ਸੁਤੰਤਰਤਾ ਸੰਗਰਾਮੀਆਂ ਦੇ ਨਾਮ ਲਿਖੇ ਜਾਣਗੇ।

ਐੱਨਆਰਆਈਜ਼ ਦੀ ਸਹੂਲਤ ਲਈ ਇੰਦਰਾ ਗਾਂਧੀ ਹਵਾਈ ਅੱਡੇ ’ਤੇ ਬਣੇਗਾ ਵਿਸ਼ੇਸ਼ ਕੇਂਦਰ

ਮੰਤਰੀ ਮੰਡਲ ਨੇ ਇੰਟਰਨੈਸ਼ਨਲ ਟਰਮੀਨਲ ਦੇ ਅਰਾਈਵਲ ਹਾਲ (ਪਹੁੰਚ ਹਾਲ) ਵਿਚ ਸਹੂਲਤ ਪ੍ਰਦਾਨ ਕਰਨ ਵਾਲਾ ਕੇਂਦਰ (ਫੈਸਿਲੀਟੇਸ਼ਨ ਸੈਂਟਰ) ਸਥਾਪਤ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਹ ਕੇਂਦਰ 24 ਘੰਟੇ ਖੁੱਲ੍ਹਾ ਰਹੇਗਾ ਅਤੇ ਟਰਮੀਨਲ ’ਤੇ ਪਹੁੰਚਣ ਵਾਲੇ ਸਾਰੇ ਐਨਆਰਆਈਜ਼ ਅਤੇ ਹੋਰ ਮੁਸਾਫਰਾਂ ਨੂੰ ਸਹਾਇਤਾ ਪ੍ਰਦਾਨ ਕਰੇਗਾ। ਇਸ ਵਿਸ਼ੇਸ਼ ਕੇਂਦਰ ਵਿਚ ਮੁਸਾਫਰਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਦੇ ਬੈਠਣ ਲਈ ਢੁਕਵੀਂ ਸਹੂਲਤ ਹੋਵੇਗੀ। ਇਹ ਕੇਂਦਰ ਮੁਸਾਫਰ ਦੀ ਇੱਛਾ ਮੁਤਾਬਕ ਵਾਜਬ ਕੀਮਤਾਂ ਉਤੇ ਟੈਕਸੀ ਦੀਆਂ ਸੇਵਾਵਾਂ ਮੁਹੱਈਆ ਕਰਵਾਉਣ ਲਈ ਕੰਮ ਕਰੇਗਾ। ਇਸ ਤੋਂ ਇਲਾਵਾ ਇਸ ਕੇਂਦਰ ਕੋਲ ਮੁਸਾਫਰਾਂ ਨੂੰ ਪੰਜਾਬ ਭਵਨ ਜਾਂ ਨੇੜੇ ਦੀਆਂ ਥਾਵਾਂ ਉਤੇ ਲਿਜਾਣ ਵਿਚ ਮਦਦ ਲਈ ਵਾਹਨ ਵੀ ਹੋਣਗੇ। ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਦੇ ਤੀਜੇ ਪੜਾਅ ਦੇ ਮੌਕੇ ਉਤੇ ਕੈਬਨਿਟ ਨੇ ਸੁਤੰਤਰਤਾ ਦਿਵਸ ਤੋਂ ਪਹਿਲਾਂ ਸੂਬੇ ਭਰ ਦੀਆਂ ਜੇਲ੍ਹਾਂ ਵਿੱਚ ਬੰਦ 45 ਕੈਦੀਆਂ ਦੀ ਸਜ਼ਾ ਵਿੱਚ ਵਿਸ਼ੇਸ਼ ਛੋਟ ਦੇਣ ਦਾ ਫੈਸਲਾ ਕੀਤਾ ਹੈ।