ਪੰਜਾਬ ਵਿਕਾਸ ਪੱਖੋਂ ਪੱਛੜਿਆ: ਹਰਦੀਪ ਪੁਰੀ

ਪੰਜਾਬ ਵਿਕਾਸ ਪੱਖੋਂ ਪੱਛੜਿਆ: ਹਰਦੀਪ ਪੁਰੀ

ਜਲੰਧਰ- ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਪੁਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਅਤੇ ਭਾਜਪਾ ਸ਼ਾਸਿਤ ਸੂਬੇ ਤੇਜ਼ੀ ਨਾਲ ਤਰੱਕੀ ਕਰ ਰਹੇ ਹਨ, ਪਰ ਪੰਜਾਬ ਪੱਛੜਦਾ ਜਾ ਰਿਹਾ ਹੈ, ਕਿਉਂਕਿ ਆਮ ਆਦਮੀ ਪਾਰਟੀ ਦੇ ਇੱਕ ਸਾਲ ਦੇ ਕਾਰਜਕਾਲ ਦੌਰਾਨ ਇੱਥੇ ਕਾਨੂੰਨ ਵਿਵਸਥਾ ਢਹਿ-ਢੇਰੀ ਹੋ ਗਈ ਹੈ। ਅਜਿਹੇ ਮਾਹੌਲ ਵਿੱਚ ਨਾ ਤਾਂ ਕੋਈ ਨਿਵੇਸ਼ਕ ਇੱਥੇ ਨਿਵੇਸ਼ ਕਰੇਗਾ ਤੇ ਨਾ ਹੀ ਇੱਥੇ ਕੋਈ ਨਵਾਂ ਉਦਯੋਗ ਸਥਾਪਿਤ ਹੋਵੇਗਾ। ਉਨ੍ਹਾਂ ਕਿਹਾ ਕਿ ਇੱਥੇ ਕਾਨੂੰਨ ਵਿਵਸਥਾ ਨੂੰ ਸੁਧਾਰਨਾ ਬਹੁਤ ਜ਼ਰੂਰੀ ਹੈ। ਇੱਥੇ ਇਕ ਸਥਾਨਕ ਹੋਟਲ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਦੀਪ ਪੁਰੀ ਨੇ ਕਿਹਾ ਕਿ ਪੰਜਾਬੀਆਂ ਨੇ ‘ਆਪ’ ਨੂੰ ਇੱਕ ਬਦਲਾਅ ਵਜੋਂ ਮੌਕਾ ਦਿੱਤਾ ਸੀ ਪਰ ਇੱਕ ਸਾਲ ਦੇ ਕਾਰਜਕਾਲ ਵਿੱਚ ਹੀ ਲੋਕਾਂ ਨੂੰ ਇਨ੍ਹਾਂ ਦਾ ਅਸਲੀ ਚਿਹਰਾ ਨਜ਼ਰ ਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਤਾਂ ਹਾਸਲ ਕੀਤੀ, ਪਰ ਹੁਣ ਉਹ ਵਾਅਦੇ ਪੂਰੇ ਕਰਨ ਤੋਂ ਭੱਜ ਰਹੀ ਹੈ।

ਉਨ੍ਹਾਂ ਕਿਹਾ ਕਿ ਜਲੰਧਰ ਜ਼ਿਮਨੀ ਚੋਣ, ਨਗਰ ਨਿਗਮ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਟਰਨਿੰਗ ਪੁਆਇੰਟ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਯੋਜਨਾਵਾਂ ਅਤੇ ਨੀਤੀਆਂ ਨੂੰ ਸਮਝ ਚੁੱਕੇ ਹਨ ਅਤੇ ਉਹ ਹੁਣ ਪੰਜਾਬ ’ਚ ਭਾਜਪਾ ਨੂੰ ਬਦਲ ਵਜੋਂ ਦੇਖ ਰਹੇ ਹਨ। ਇਸ ਮੌਕੇ ਭਾਜਪਾ ਦੇ ਕੌਮੀ ਸਕੱਤਰ ਤੇ ਪੰਜਾਬ ਦੇ ਸਹਿ ਇੰਚਾਰਜ ਡਾ. ਨਰਿੰਦਰ ਸਿੰਘ ਰੈਨਾ ਤੇ ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਆਦਿ ਹਾਜ਼ਰ ਸਨ।