ਪੱਕਾ ਮੋਰਚਾ: ਕਿਸਾਨ ਯੂਨੀਅਨਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਮੰਗੀ

ਪੱਕਾ ਮੋਰਚਾ: ਕਿਸਾਨ ਯੂਨੀਅਨਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਮੰਗੀ

ਧਰਨੇ ਵਿੱਚ ਵੱਡੀ ਗਿਣਤੀ ਕਿਸਾਨ ਸ਼ਾਮਲ ਹੋਏ
ਮੁਹਾਲੀ – ਬੰਦੀ ਸਿੰਘਾਂ ਦੀ ਰਿਹਾਈ, 328 ਸਰੂਪਾਂ ਦਾ ਮਾਮਲਾ, ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀਕਾਂਡ ਆਦਿ ਮੁੱਦਿਆਂ ’ਤੇ ਸਮੇਂ ਦੀਆਂ ਸਰਕਾਰਾਂ ਦੀ ਅਣਦੇਖੀ ਦੇ ਚੱਲਦਿਆਂ ਸਿੱਖਾਂ ਦਾ ਰੋਹ ਵਧਦਾ ਜਾ ਰਿਹਾ ਹੈ। ਕੌਮੀ ਇਨਸਾਫ਼ ਮੋਰਚਾ, ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਅਤੇ ਪੰਥਕ ਕਮੇਟੀ ਸਮੇਤ ਹੋਰ ਸਿੱਖ ਜਥੇਬੰਦੀਆਂ ਦਾ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਪੱਕਾ ਮੋਰਚਾ ਜਾਰੀ ਹੈ। ਕਿਸਾਨ ਜਥੇਬੰਦੀਆਂ ਨੇ ਸਿੱਖਾਂ ਦੇ ਸੰਘਰਸ਼ ਦੀ ਹਮਾਇਤ ਕਰਕੇ ਆਖਰੀ ਦਮ ਤੱਕ ਸਾਥ ਦੇਣ ਦਾ ਅਹਿਦ ਲਿਆ। ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਮੇਹਰ ਸਿੰਘ ਥੇੜੀ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਦੀ ਅਗਵਾਈ ਹੇਠ ਵੱਡੀ ਗਿਣਤੀ ਕਿਸਾਨਾਂ ਨੇ ਪੱਕੇ ਮੋਰਚੇ ਵਿੱਚ ਸ਼ਮੂਲੀਅਤ ਕੀਤੀ।

ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਦੀ ਘੱਟ ਗਿਣਤੀ ਵਿਰੋਧੀ ਤੇ ਗੈਰ ਜਮਹੂਰੀ ਪਹੁੰਚ ਕਾਰਨ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਵਾਲੇ ਸਿੱਖਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਜਦਕਿ ਦੇਸ਼ ਦੇ ਕਾਨੂੰਨ ਅਨੁਸਾਰ ਆਪਣੀ ਸਜ਼ਾ ਮੁਕੰਮਲ ਕਰ ਚੁੱਕੇ ਕੈਦੀਆਂ ਨੂੰ ਰਿਹਾਅ ਕਰਨਾ ਬਣਦਾ ਹੈ। ਜਦੋਂ ਵੀ ਇਹ ਮਸਲਾ ਚੁੱਕਿਆ ਜਾਂਦਾ ਹੈ ਤਾਂ ਹਮੇਸ਼ਾ ਕੇਂਦਰ ਅਤੇ ਸੂਬਾ ਸਰਕਾਰਾਂ ਵਲੋਂ ਸੁਰੱਖਿਆ ਦਾ ਬਹਾਨਾ ਲਾ ਕੇ ਇਸ ਮਸਲੇ ਨੂੰ ਠੰਢੇ ਬਸਤੇ ਵਿੱਚ ਪਾ ਦਿੱਤਾ ਜਾਂਦਾ ਹੈ।

ਕਿਸਾਨ ਆਗੂਆਂ ਨੇ ਕਿਹਾ ਕਿ ਇਹ ਮਸਲਾ ਸਿਰਫ਼ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦਾ ਜਾਂ ਸਿਰਫ਼ ਸਿੱਖਾਂ ਦਾ ਨਹੀਂ ਬਲਕਿ ਇਹ ਮਸਲਾ ਹਰ ਇਨਸਾਫ਼ਪਸੰਦ ਅਤੇ ਜਮਹੂਰੀਅਤ ਪਸੰਦ ਸ਼ਹਿਰੀਆਂ ਦਾ ਹੈ, ਇਸ ਲਈ ਸਾਰਿਆਂ ਨੂੰ ਸਿੱਖਾਂ ਦੇ ਪੱਕੇ ਮੋਰਚੇ ਦੀ ਪੂਰਨ ਹਮਾਇਤ ਵਿੱਚ ਅੱਗੇ ਆਉਣਾ ਚਾਹੀਦਾ ਹੈ।