ਪੱਕਾ ਮੋਰਚਾ: ਡੇਰਾ ਮੁਖੀ ਨੂੰ ਪੈਰੋਲ ਦੇਣ ’ਤੇ ਹਰਿਆਣਾ ਸਰਕਾਰ ਦਾ ਘਿਰਾਓ

ਪੱਕਾ ਮੋਰਚਾ: ਡੇਰਾ ਮੁਖੀ ਨੂੰ ਪੈਰੋਲ ਦੇਣ ’ਤੇ ਹਰਿਆਣਾ ਸਰਕਾਰ ਦਾ ਘਿਰਾਓ

ਸਰਕਾਰਾਂ ’ਤੇ ਸਿੱਖਾਂ ਪ੍ਰਤੀ ਦੋਹਰੇ ਮਾਪਦੰਡ ਅਪਣਾਉਣ ਦਾ ਦੋਸ਼; 26 ਨੂੰ ਇਨਸਾਫ਼ ਮਾਰਚ ਦਾ ਸੱਦਾ
ਐਸ.ਏ.ਐਸ. ਨਗਰ (ਮੁਹਾਲੀ)- ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ’ਤੇ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਹੋਰ ਸਿੱਖ ਮਸਲਿਆਂ ਲਈ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਅਤੇ ਪੰਥਕ ਕਮੇਟੀ ਸਮੇਤ ਹੋਰ ਸਿੱਖ ਜਥੇਬੰਦੀਆਂ ਦਾ ਪੱਕਾ ਮੋਰਚਾ ਜਾਰੀ ਹੈ। ਸਿੱਖ ਅਤੇ ਇਨਸਾਫ਼ ਪਸੰਦ ਲੋਕ ਕੜਾਕੇ ਦੀ ਠੰਢ ਵਿੱਚ ਲੜੀਵਾਰ ਧਰਨੇ ’ਤੇ ਬੈਠੇ ਹਨ ਅਤੇ ਰੋਜ਼ਾਨਾ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਮੋਰਚੇ ’ਚ ਜੁੜ ਰਹੀ ਹੈ।

ਅੱਜ ਪੱਕੇ ਮੋਰਚੇ ਵਿੱਚ ਜਬਰ-ਜਨਾਹ ਅਤੇ ਕਤਲ ਮਾਮਲੇ ਵਿੱਚ ਰੋਹਤਕ ਦੀ ਸੁਨਾਰੀਆ ਜੇਲ੍ਹ ’ਚ ਸਜ਼ਾ ਭੁਗਤ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ 40 ਰੋਜ਼ਾ ਪੈਰੋਲ ਮਨਜ਼ੂਰ ਹੋਣ ’ਤੇ ਸਿੱਖ ਭਾਈਚਾਰੇ ਨੇ ਕੇਂਦਰ ਤੇ ਹਰਿਆਣਾ ਸਰਕਾਰ ਦਾ ਘਿਰਾਓ ਕਰਦਿਆਂ ਸੰਗਤ ਨੂੰ ਅਪੀਲ ਕੀਤੀ ਕਿ ਗਣਤੰਤਰ ਦਿਹਾੜੇ ਨੂੰ ਕਾਲੇ ਦਿਵਸ ਵਜੋਂ ਮਨਾਇਆ ਜਾਵੇ।

ਬਾਪੂ ਗੁਰਚਰਨ ਸਿੰਘ, ਅਕਾਲ ਯੂਥ ਦੇ ਪ੍ਰਧਾਨ ਭਾਈ ਜਸਵਿੰਦਰ ਸਿੰਘ ਅਤੇ ਐਡਵੋਕੇਟ ਦਿਲਸ਼ੇਰ ਸਿੰਘ ਨੇ ਕਿਹਾ ਕਿ ਗਣਤੰਤਰ ਦਿਵਸ ਮੌਕੇ ਸਿੱਖ ਜਥੇਬੰਦੀਆਂ ਵੱਲੋਂ ਵਿਸ਼ਾਲ ਇਨਸਾਫ਼ ਮਾਰਚ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਸਿੱਖਾਂ ਲਈ ਵੱਖਰੇ ਕਾਨੂੰਨ ਹਨ ਜਦੋਂਕਿ ਸਰਕਾਰ ਦੇ ਆਪਣੇ ਚਹੇਤਿਆਂ ਲਈ ਵੱਖਰੇ ਕਾਨੂੰਨ ਹਨ। ਉਨ੍ਹਾਂ ਕਿਹਾ ਕਿ ਕਾਨੂੰਨ ਸਾਰਿਆਂ ਲਈ ਬਰਾਬਰ ਹੋਣਾ ਚਾਹੀਦਾ ਹੈ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਤੁਰੰਤ ਰਿਹਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਚੋਣਾਂ ਨੇੜੇ ਆਉਂਦੀਆਂ ਹਨ ਤਾਂ ਕੇਂਦਰ ਅਤੇ ਹਰਿਆਣਾ ਸਰਕਾਰ ਡੇਰਾ ਮੁਖੀ ਨੂੰ ਪੈਰੋਲ ’ਤੇ ਬਾਹਰ ਭੇਜ ਦਿੰਦੀ ਹੈ ਤੇ ਸਿੱਖਾਂ ਨੂੰ ਗੁਲਾਮੀ ਦਾ ਅਹਿਸਾਸ ਕਰਵਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਡੇਰਾ ਮੁਖੀ ਨੂੰ ਪੈਰੋਲ ਦੇ ਕੇ ਸਿੱਖਾਂ ਨੂੰ ਚੁਣੌਤੀ ਦਿੱਤੀ ਗਈ ਹੈ ਅਤੇ ਝੂਠ ਦਾ ਪ੍ਰਚਾਰ ਕਰਨ ਲਈ ਡੇਰਾ ਮੁਖੀ ਨੂੰ ਜ਼ੈੱਡ ਪਲੱਸ ਸੁਰੱਖਿਆ ਵੀ ਮੁਹੱਈਆ ਕਰਵਾਈ ਜਾਂਦੀ ਹੈ, ਜੋ ਬਹੁਤ ਹੀ ਸ਼ਰਮਨਾਕ ਗੱਲ ਹੈ। ਉਨ੍ਹਾਂ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਵੱਲੋਂ ਸਿੱਖਾਂ ਪ੍ਰਤੀ ਦੋਹਰੇ ਮਾਪਦੰਡ ਵਰਤੇ ਜਾ ਰਹੇ ਹਨ। ਇਸ ਮੌਕੇ ਬਲਵਿੰਦਰ ਸਿੰਘ, ਰੁਪਿੰਦਰ ਸਿੰਘ, ਕਥਾ ਵਾਚਕ ਪਰਮਜੀਤ ਸਿੰਘ, ਕਿਸਾਨ ਆਗੂ ਕਰਨੈਲ ਸਿੰਘ ਮੱਖੂ, ਬਲਵਿੰਦਰ ਸਿੰਘ ਮੱਲੀ, ਜਰਨੈਲ ਸਿੰਘ ਅਕਾਲੀ ਦਲ ਅੰਮ੍ਰਿਤਸਰ, ਸੁੱਖ ਜਗਰਾਓ, ਪਲਵਿੰਦਰ ਸਿੰਘ, ਪ੍ਰਗਟ ਸਿੰਘ ਨੇ ਵੀ ਹਾਜ਼ਰੀ ਲਗਵਾਈ।