ਪੱਕਾ ਮੋਰਚਾ: ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ’ਤੇ ਸੁਰੱਖਿਆ ਵਧਾਈ

ਪੱਕਾ ਮੋਰਚਾ: ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ’ਤੇ ਸੁਰੱਖਿਆ ਵਧਾਈ

ਬੁਲੇਟ ਪਰੂਫ ਟਰੈਕਟਰ ਖੜ੍ਹਾਏ; ਚੰਡੀਗੜ੍ਹ ਨੂੰ ਜਾਣ ਵਾਲੇ ਛੋਟੇ ਰਸਤੇ ਵੀ ਸੀਲ
ਐਸ.ਏ.ਐਸ. ਨਗਰ (ਮੁਹਾਲੀ)-ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਸਣੇ ਹੋਰ ਸਿੱਖ ਮਸਲਿਆਂ ਸਬੰਧੀ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਤੇ ਹੋਰ ਸਿੱਖ ਜਥੇਬੰਦੀਆਂ ਦਾ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਪੱਕਾ ਮੋਰਚਾ ਜਾਰੀ ਹੈ। ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਵੱਲ ਕੂਚ ਕਰਨ ਦਾ ਯਤਨ ਕਰਨ ਸਮੇਂ ਪ੍ਰਦਰਸ਼ਨਕਾਰੀਆਂ ਤੇ ਪੁਲੀਸ ਵਿਚਾਲੇ ਹੋਏ ਟਕਰਾਅ ਮਗਰੋਂ ਪੰਜਾਬ ਸਰਕਾਰ ਦੇ ਹੁਕਮਾਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਸੁਰੱਖਿਆ ਵਧਾ ਦਿੱਤੀ ਹੈ।

ਚੰਡੀਗੜ੍ਹ ਦੀਆਂ ਬਰੂਹਾਂ ’ਤੇ ਹੁਣ ਦੋ ਬੁਲੇਟ ਪਰੂਫ ਟਰੈਕਟਰਾਂ ਸਣੇ ਰੇਤੇ ਨਾਲ ਭਰੇ ਚਾਰ ਵੱਡੇ ਟਿੱਪਰ ਵੀ ਖੜ੍ਹੇ ਕੀਤੇ ਗਏ ਹਨ ਤਾਂ ਜੋ ਪ੍ਰਦਰਸ਼ਨਕਾਰੀ ਬੈਰੀਕੇਡ ਤੋੜ ਕੇ ਚੰਡੀਗੜ੍ਹ ਵਿੱਚ ਦਾਖ਼ਲ ਨਾ ਹੋ ਸਕਣ।ਅੱਜ ਬਾਅਦ ਦੁਪਹਿਰ ਕੌਮੀ ਇਨਸਾਫ਼ ਮੋਰਚੇ ਦੇ ਬੈਨਰ ਹੇਠ ਅਵਤਾਰ ਸਿੰਘ ਫੂਲੇਵਾਲ ਦੀ ਅਗਵਾਈ ਵਾਲੇ 31 ਮੈਂਬਰੀ ਵਫ਼ਦ ਨੇ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ਵੱਲ ਵਧਣ ਦਾ ਯਤਨ ਕੀਤਾ ਪਰ ਪੁਲੀਸ ਬਲ ਨੇ ਪ੍ਰਦਰਸ਼ਨਕਾਰੀਆਂ ਦਾ ਰਾਹ ਡੱਕ ਲਿਆ। ਰੋਕੇ ਜਾਣ ’ਤੇ ਪ੍ਰਦਰਸ਼ਨਕਾਰੀ ਉੱਥੇ ਸ਼ਾਂਤਮਈ ਧਰਨੇ ’ਤੇ ਬੈਠ ਗਏ। ਕਰੀਬ ਦੋ ਘੰਟੇ ਬਾਅਦ ਸਾਰੇ ਧਰਨਾਕਾਰੀ ਮੁੜ ਪੱਕੇ ਮੋਰਚੇ ਵਾਲੀ ਥਾਂ ’ਤੇ ਚਲੇ ਗਏ।

ਮੁਹਾਲੀ ਅਤੇ ਚੰਡੀਗੜ੍ਹ ਦੀਆਂ ਸਾਂਝੀਆਂ ਹੱਦਾਂ ’ਤੇ ਪੁਲੀਸ ਵੱਲੋਂ ਕੰਡਾ ਤਾਰ ਲਗਾ ਕੇ ਬੈਰੀਕੇਡਿੰਗ ਕੀਤੀ ਗਈ ਹੈ। ਇਸ ਤੋਂ ਇਲਾਵਾ ਛੋਟੇ ਰਸਤਿਆਂ ਨੂੰ ਵੀ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ ਜਿਸ ਕਾਰਨ ਰਾਹਗੀਰ ਪ੍ਰੇਸ਼ਾਨ ਹੋ ਰਹੇ ਹਨ। ਪੱਕੇ ਮੋਰਚੇ ਨੇੜੇ ਵੀ ਪੰਜਾਬ ਪੁਲੀਸ ਦਾ ਸੁਰੱਖਿਆ ਘੇਰਾ ਪਹਿਲਾਂ ਨਾਲੋਂ ਵਧੇਰੇ ਮਜ਼ਬੂਤ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਪਰਿਸ਼ਦ ਫ਼ਤਹਿਗੜ੍ਹ ਸਾਹਿਬ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਸੰਗਤ ਅਤੇ ਇਨਸਾਫ਼ਪਸੰਦ ਲੋਕਾਂ ਨੇ ਮੋਰਚੇ ਦੀ ਹਮਾਇਤ ਦਾ ਐਲਾਨ ਕੀਤਾ। ਇਸ ਮੌਕੇ ਗੁਰਚਰਨ ਸਿੰਘ, ਬਲਵਿੰਦਰ ਸਿੰਘ, ਜਸਵਿੰਦਰ ਸਿੰਘ, ਦਿਲਸ਼ੇਰ ਸਿੰਘ ਅਤੇ ਗੁਰਸ਼ਰਨ ਸਿੰਘ ਨੇ ਉਨ੍ਹਾਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਤੇ ਲੋੜ ਪੈਣ ’ਤੇ ਗੁਪਤ ਐਕਸ਼ਨ ਵੀ ਕੀਤੇ ਜਾਣਗੇ।

ਚੰਡੀਗੜ੍ਹ ਪੁਲੀਸ ਵੱਲੋਂ 10 ਹੋਰ ਜਣਿਆਂ ਦੀਆਂ ਤਸਵੀਰਾਂ ਜਾਰੀ
ਚੰਡੀਗੜ੍ਹ: ਮੁਹਾਲੀ ਅਤੇ ਚੰਡੀਗੜ੍ਹ ਦੀ ਸਾਂਝੀ ਸਰਹੱਦ ’ਤੇ ਕੌਮੀ ਇਨਸਾਫ ਮੋਰਚਾ ਅਤੇ ਚੰਡੀਗੜ੍ਹ ਪੁਲੀਸ ਵਿਚਕਾਰ ਹੋਈ ਝੜਪ ਮਗਰੋਂ ਅੱਜ ਚੰਡੀਗੜ੍ਹ ਪੁਲੀਸ ਨੇ ਭੰਨ-ਤੋੜ ਕਰਨ ਵਾਲੇ 10 ਹੋਰ ਜਣਿਆਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ। ਇਸ ਦੇ ਨਾਲ ਹੀ ਚੰਡੀਗੜ੍ਹ ਪੁਲੀਸ ਨੇ ਮੁੜ ਪ੍ਰਦਰਸ਼ਨਕਾਰੀਆਂ ਦੀ ਸ਼ਨਾਖਤ ਕਰਨ ਵਾਲਿਆਂ ਨੂੰ 10 ਹਜ਼ਾਰ ਰੁਪਏ ਇਨਾਮ ਦੇਣ ਦਾ ਐਲਾਨ ਕੀਤਾ ਹੈ। ਪੁਲੀਸ ਦਾ ਕਹਿਣਾ ਹੈ ਕਿ ਜਾਣਕਾਰੀ ਦੇਣ ਵਾਲੇ ਦੀ ਸ਼ਨਾਖਤ ਗੁਪਤ ਰੱਖੀ ਜਾਵੇਗੀ। ਜ਼ਿਕਰਯੋਗ ਹੈ ਕਿ ਚੰਡੀਗੜ੍ਹ ਪੁਲੀਸ ਨੇ ਦੋ ਦਿਨ ਪਹਿਲਾਂ ਵੀ 10 ਜਣਿਆਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਸਨ। ਇਸ ਤਰ੍ਹਾਂ ਪੁਲੀਸ ਨੇ ਹੁਣ ਤੱਕ 20 ਜਣਿਆਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ। ਪਰ ਉਨ੍ਹਾਂ ਵਿੱਚੋਂ ਸ਼ਨਾਖਤ ਸਿਰਫ਼ 7 ਜਣਿਆਂ ਦੀ ਹੋ ਸਕੀ ਹੈ। ਪੁਲੀਸ ਹੋਰਨਾਂ 13 ਜਣਿਆਂ ਦੀ ਸ਼ਨਾਖਤ ਕਰਨ ਵਿੱਚ ਜੁਟੀ ਹੋਈ ਹੈ। ਦੱਸਣਯੋਗ ਹੈ ਕਿ ਕੌਮੀ ਇਨਸਾਫ ਮੋਰਚਾ ਦੀ ਅਗਵਾਈ ਹੇਠ ਸੈਕਟਰ-52/53 ਦੇ ਨਜ਼ਦੀਕ ਪੱਕਾ ਮੋਰਚਾ ਲੱਗਾ ਹੋਇਆ ਹੈ। 8 ਫਰਵਰੀ ਨੂੰ ਪ੍ਰਦਰਸ਼ਨਕਾਰੀਆਂ ਨੇ ਚੰਡੀਗੜ੍ਹ ਸਥਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਤੱਕ ਪਹੁੰਚ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲੀਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਝੜਪ ਹੋ ਗਈ।