ਫ਼ਰਜ਼ੀ ਪੁਲੀਸ ਮੁਕਾਬਲਾ: ਸੇਵਾਮੁਕਤ ਸਬ-ਇੰਸਪੈਕਟਰ ਤੇ ਏਐੱਸਆਈ ਦੋਸ਼ੀ ਕਰਾਰ

ਫ਼ਰਜ਼ੀ ਪੁਲੀਸ ਮੁਕਾਬਲਾ: ਸੇਵਾਮੁਕਤ ਸਬ-ਇੰਸਪੈਕਟਰ ਤੇ ਏਐੱਸਆਈ ਦੋਸ਼ੀ ਕਰਾਰ

ਸੀਬੀਆਈ ਅਦਾਲਤ 2 ਨਵੰਬਰ ਨੂੰ ਸੁਣਾਏਗੀ ਸਜ਼ਾ
ਐੱਸਏਐੱਸ ਨਗਰ (ਮੁਹਾਲੀ) – ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਕਰੀਬ ਤਿੰਨ ਦਹਾਕੇ ਪੁਰਾਣੇ ਫ਼ਰਜ਼ੀ ਪੁਲੀਸ ਮੁਕਾਬਲਾ ਬਾਰੇ ਕੇਸ ਦਾ ਨਿਬੇੜਾ ਕਰਦਿਆਂ ਪੰਜਾਬ ਪੁਲੀਸ ਦੇ ਦੋ ਸੇਵਾਮੁਕਤ ਅਧਿਕਾਰੀਆਂ ਸਬ-ਇੰਸਪੈਕਟਰ ਸ਼ਮਸ਼ੇਰ ਸਿੰਘ ਅਤੇ ਏਐੱਸਆਈ ਜਗਤਾਰ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਹੈ। ਦੋਸ਼ੀਆਂ ਨੂੰ 2 ਨਵੰਬਰ ਨੂੰ ਸਜ਼ਾ ਸੁਣਾਈ ਜਾਵੇਗੀ। ਇਸ ਮਾਮਲੇ ਵਿੱਚ ਨਾਮਜ਼ਦ ਦੋ ਹੋਰ ਪੁਲੀਸ ਮੁਲਾਜ਼ਮਾਂ ਇੰਸਪੈਕਟਰ ਪੂਰਨ ਸਿੰਘ ਅਤੇ ਏਐੱਸਆਈ ਜਗੀਰ ਸਿੰਘ ਦੀ ਟਰਾਇਲ ਦੌਰਾਨ ਮੌਤ ਹੋ ਚੁੱਕੀ ਹੈ।

ਪੀੜਤ ਪਰਿਵਾਰ ਦੇ ਵਕੀਲ ਸਰਬਜੀਤ ਸਿੰਘ ਨੇ ਦੱਸਿਆ ਕਿ ਅਪਰੈਲ 1993 ਵਿੱਚ ਥਾਣਾ ਸਦਰ ਤਰਨ ਤਾਰਨ ਦੀ ਪੁਲੀਸ ਨੇ ਹਰਬੰਸ ਸਿੰਘ ਵਾਸੀ ਉਬੋਕੇ (ਤਰਨ ਤਾਰਨ) ਨੂੰ ਪੁੱਛ-ਪੜਤਾਲ ਲਈ ਹਿਰਾਸਤ ਵਿੱਚ ਲਿਆ ਸੀ। ਪੁਲੀਸ ਅਨੁਸਾਰ ਹਰਬੰਸ ਸਿੰਘ ਨੇ ਪੁੱਛਗਿੱਛ ਦੌਰਾਨ ਦੱਸਿਆ ਸੀ ਕਿ ਉਸ ਨੇ ਚੰਬਲ ਏਰੀਆ ਵਿੱਚ ਹਥਿਆਰ ਛੁਪਾ ਕੇ ਰੱਖੇ ਹੋਏ ਹਨ। ਨੌਜਵਾਨ ਦੇ ਦੱਸਣ ਅਨੁਸਾਰ 15 ਅਪਰੈਲ 1993 ਨੂੰ ਤਰਨ ਤਾਰਨ ਜ਼ਿਲ੍ਹੇ ਦੀ ਪੁਲੀਸ ਹਥਿਆਰ ਬਰਾਮਦ ਕਰਵਾਉਣ ਲਈ ਹਰਬੰਸ ਸਿੰਘ ਨੂੰ ਆਪਣੇ ਨਾਲ ਲੈ ਕੇ ਜਾ ਰਹੀ ਸੀ ਕਿ ਰਸਤੇ ਵਿੱਚ ਖਾੜਕੂਆਂ ਨੇ ਪੁਲੀਸ ਪਾਰਟੀ ’ਤੇ ਫਾਇਰਿੰਗ ਕਰ ਦਿੱਤੀ। ਇਸ ਮੁਕਾਬਲੇ ਵਿੱਚ ਹਰਬੰਸ ਸਿੰਘ ਅਤੇ ਇਕ ਹੋਰ ਅਣਪਛਾਤਾ ਖਾੜਕੂ ਮਾਰਿਆ ਗਿਆ। ਤਰਨ ਤਾਰਨ ਪੁਲੀਸ ਵੱਲੋਂ ਪੁਲੀਸ ਪਾਰਟੀ ’ਤੇ ਹਮਲਾ ਕਰਨ ਸਬੰਧੀ ਅਣਪਛਾਤੇ ਖਾੜਕੂਆਂ ਖਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਪੁਲੀਸ ਨੇ ਦੋਸ਼ ਲਾਇਆ ਸੀ ਕਿ ਹਰਬੰਸ ਸਿੰਘ ਨੂੰ ਪੁਲੀਸ ਹਿਰਾਸਤ ’ਚੋਂ ਛੁਡਾਉਣ ਲਈ ਖਾੜਕੂਆਂ ਨੇ ਫਾਇਰਿੰਗ ਕੀਤੀ ਸੀ। ਉੱਚ ਅਦਾਲਤ ਦੇ ਹੁਕਮਾਂ ’ਤੇ ਮ੍ਰਿਤਕ ਨੌਜਵਾਨ ਦੇ ਭਰਾ ਪਰਮਜੀਤ ਸਿੰਘ ਦੀ ਸ਼ਿਕਾਇਤ ’ਤੇ 25 ਜਨਵਰੀ 1999 ਨੂੰ ਉਕਤ ਪੁਲੀਸ ਅਧਿਕਾਰੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ। ਕੇਸ ਦੀ ਸੁਣਵਾਈ ਮੁਹਾਲੀ ਸਥਿਤ ਸੀਬੀਆਈ ਅਦਾਲਤ ਵਿੱਚ ਚੱਲ ਰਹੀ ਸੀ। ਸੀਬੀਆਈ ਨੇ ਮੁੱਢਲੀ ਜਾਂਚ ਮਗਰੋਂ 13 ਦਸੰਬਰ 2002 ਨੂੰ ਉਕਤ ਪੁਲੀਸ ਅਧਿਕਾਰੀਆਂ ਖ਼ਿਲਾਫ਼ ਸੀਬੀਆਈ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਸੀ। ਕੇਸ ਦੀ ਸੁਣਵਾਈ ਦੌਰਾਨ ਸੀਬੀਆਈ ਨੇ 17 ਗਵਾਹ ਪੇਸ਼ ਕੀਤੇ।