ਫ਼ਾਰਸੀ ਦੀ ਥਾਂ ਸੌਖੀ ਪੰਜਾਬੀ ’ਚ ਮਿਲੇਗਾ ਜ਼ਮੀਨੀ ਰਿਕਾਰਡ

ਫ਼ਾਰਸੀ ਦੀ ਥਾਂ ਸੌਖੀ ਪੰਜਾਬੀ ’ਚ ਮਿਲੇਗਾ ਜ਼ਮੀਨੀ ਰਿਕਾਰਡ

ਮੁੱਖ ਮੰਤਰੀ ਵੱਲੋਂ ਲੋਕਾਂ ਦੀ ਸਹੂਲਤ ਲਈ ਤਹਿਸੀਲ ਪੱਧਰ ’ਤੇ ਵਿਆਪਕ ਸੁਧਾਰ ਲਿਆਉਣ ਦੀ ਹਦਾਇਤ
ਚੰਡੀਗੜ੍ਹ – ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਤਹਿਸੀਲਾਂ ਵਿਚ ਹੁਣ ਜ਼ਮੀਨੀ ਰਿਕਾਰਡ ’ਚ ਫਾਰਸੀ ਸ਼ਬਦਾਂ ਦੀ ਥਾਂ ਸਰਲ ਪੰਜਾਬੀ ਭਾਸ਼ਾ ਦੀ ਵਰਤੋਂ ਕੀਤੀ ਜਾਵੇਗੀ ਤਾਂ ਜੋ ਲੋਕਾਂ ਨੂੰ ਜ਼ਮੀਨ ਨਾਲ ਜੁੜੇ ਦਸਤਾਵੇਜ਼ਾਂ ਦੀ ਸਾਰੀ ਜਾਣਕਾਰੀ ਪੜ੍ਹਨ ਤੇ ਸਮਝਣ ’ਚ ਆਸਾਨੀ ਹੋਵੇ। ਇਸ ਤੋਂ ਪਹਿਲਾਂ ਜ਼ਮੀਨੀ ਰਿਕਾਰਡ ਵਿੱਚ ਕੁਝ ਫ਼ਾਰਸੀ ਦੇ ਸ਼ਬਦਾਂ ਦੀ ਵਰਤੋਂ ਕੀਤੀ ਜਾਂਦੀ ਹੈ, ਜਿਸ ਨੂੰ ਸਮਝਣ ’ਚ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਹ ਫ਼ੈਸਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਲੈਂਡ ਰਿਕਾਰਡ ਸੁਸਾਇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ ਹੈ। ਉਨ੍ਹਾਂ ਕਿਹਾ ਕਿ ਜ਼ਮੀਨੀ ਰਿਕਾਰਡ ਸਰਲ ਪੰਜਾਬੀ ਭਾਸ਼ਾ ਵਿਚ ਉਪਲਬਧ ਕਰਵਾਇਆ ਜਾਵੇ ਤਾਂ ਜੋ ਲੋਕਾਂ ਨੂੰ ਇਸ ਨੂੰ ਪੜ੍ਹਨ ’ਚ ਕਿਸੇ ਕਿਸਮ ਦੀ ਦਿੱਕਤ ਨਾ ਆਏ। ਮੁੱਖ ਮੰਤਰੀ ਨੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਮੀਨ ਨਾਲ ਸਬੰਧਤ ਸਾਰੇ ਰਿਕਾਰਡ ਨੂੰ ਆਨਲਾਈਨ ਕਰਨ ’ਤੇ ਜ਼ੋਰ ਦਿੱਤਾ ਤਾਂ ਜੋ ਲੋਕ ਇਕ ਕਲਿੱਕ ’ਤੇ ਜ਼ਮੀਨੀ ਰਿਕਾਰਡ ਬਾਰੇ ਸਾਰੀ ਜਾਣਕਾਰੀ ਹਾਸਲ ਕਰ ਸਕਣ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸੂਬੇ ਦੇ ਹਰ ਤਰ੍ਹਾਂ ਦੇ ਰਿਕਾਰਡ ਨੂੰ ਪੂਰੀ ਤਰ੍ਹਾਂ ਡਿਜੀਟਾਈਜ਼ ਕੀਤਾ ਜਾਵੇ। ਸੂਬੇ ਦੇ ਨਾਲ-ਨਾਲ ਜ਼ਿਲ੍ਹਾ ਅਤੇ ਸਬ-ਡਿਵੀਜ਼ਨ ਪੱਧਰ ’ਤੇ ਰਿਕਾਰਡ ਰੂਮਾਂ ਦੀ ਢੁੱਕਵੇਂ ਢੰਗ ਨਾਲ ਸਾਂਭ-ਸੰਭਾਲ ਕੀਤੀ ਜਾਵੇ। ਇਸ ਤੋਂ ਇਲਾਵਾ ਮਾਲ ਵਿਭਾਗ ਦੇ ਕੰਮਕਾਜ ’ਚ ਪਾਰਦਰਸ਼ਤਾ ਤੇ ਕੁਸ਼ਲਤਾ ਲਿਆਉਣ ਲਈ ਰਜਿਸਟਰੇਸ਼ਨ ਸਬੰਧੀ ਤੇ ਦਫਤਰੀ ਕੰਮਕਾਜ ਨੂੰ ਆਨਲਾਈਨ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਅੱਜ ਤਹਿਸੀਲ ਪੱਧਰ ’ਤੇ ਵਿਆਪਕ ਸੁਧਾਰ ਲਿਆਉਣ ਦਾ ਐਲਾਨ ਕੀਤਾ ਤਾਂ ਜੋ ਲੋਕ ਆਪਣੇ ਰੋਜ਼ਾਨਾ ਦੇ ਪ੍ਰਸ਼ਾਸਕੀ ਕੰਮ ਬਿਨਾਂ ਕਿਸੇ ਦਿੱਕਤ ਤੇ ਪ੍ਰੇਸ਼ਾਨੀ ਤੋਂ ਕਰਵਾ ਸਕਣ। ਉਨ੍ਹਾਂ ਸੂਬੇ ’ਚ ਮਾਲ ਵਿਭਾਗ ਦੇ ਕੰਪਿਊਟਰੀਕਰਨ ਪ੍ਰਾਜੈਕਟਾਂ ਦਾ ਵੀ ਜਾਇਜ਼ਾ ਲਿਆ ਅਤੇ ਇਨ੍ਹਾਂ ਨੂੰ ਜਲਦੀ ਮੁਕੰਮਲ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸਾਂ, ਤਹਿਸੀਲ ਕੰਪਲੈਕਸਾਂ, ਸਬ-ਤਹਿਸੀਲ ਕੰਪਲੈਕਸਾਂ ਦੀ ਉਸਾਰੀ ਅਤੇ ਕਾਇਆ-ਕਲਪ ਲਈ ਸਿਵਲ ਕਾਰਜਾਂ ਅਤੇ ਫਰਨੀਚਰ ਦੇ ਕੰਮ ਅਤੇ ਸਬ-ਰਜਿਸਟਰਾਰ ਦਫਤਰਾਂ, ਪਟਵਾਰ ਵਰਕ ਸਟੇਸ਼ਨਾਂ ਅਤੇ ਫਰਦ ਕੇਂਦਰਾਂ ਦੇ ਆਧੁਨਿਕੀਕਰਨ ਦੇ ਕੰਮ ਨੂੰ ਸਮਾਂ-ਬੱਧ ਢੰਗ ਨਾਲ ਮੁਕੰਮਲ ਕੀਤਾ ਜਾਵੇ।

ਜਲ ਸਰੋਤਾਂ ਦੀ ਸਫਾਈ 30 ਜੂਨ ਤੱਕ ਮੁਕੰਮਲ ਕਰਨ ਦੇ ਆਦੇਸ਼

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਅਗਾਮੀ ਮੌਨਸੂਨ ਸੀਜ਼ਨ ਤੋਂ ਪਹਿਲਾਂ ਹੀ ਹੜ੍ਹਾਂ ਕਰ ਕੇ ਹੋਣ ਵਾਲੇ ਨੁਕਸਾਨ ਨੂੰ ਰੋਕਣ ਲਈ ਅੱਜ ਚੰਡੀਗੜ੍ਹ ਵਿਖੇ ਸੂਬਾਈ ਹੜ੍ਹ ਕੰਟਰੋਲ ਬੋਰਡ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੁੱਖ ਮੰਤਰੀ ਨੇ ਸੂਬੇ ’ਚ ਡਰੇਨਾਂ ਦੀ ਸਫਾਈ ਅਤੇ ਹੜ੍ਹ ਰੋਕੂ ਪ੍ਰਬੰਧ 30 ਜੂਨ ਤੋਂ ਪਹਿਲਾਂ ਮੁਕੰਮਲ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ’ਚ ਕੰਮ ਚੱਲ ਰਿਹਾ ਹੈ। ਪੁਲਾਂ ਹੇਠਾਂ ਜਲ-ਸਰੋਤਾਂ ਦੀ ਸਫਾਈ ਤੇ ਜਲ ਸਰੋਤਾਂ ਵਿੱਚੋਂ ਗਾਰ ਕੱਢਣ ਦੇ ਨਾਲ-ਨਾਲ ਬਾਰਿਸ਼ਾਂ ਕਾਰਨ ਅਕਸਰ ਹੜ੍ਹਾਂ ਦੀ ਸੰਭਾਵਨਾ ਵਾਲੀਆਂ ਥਾਵਾਂ ਨੂੰ ਮਜ਼ਬੂਤ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰਾਂ ਨਾਲ ਤਾਲਮੇਲ ਕਰਕੇ ਉਨ੍ਹਾਂ ਨੂੰ ਹੜ੍ਹ ਰੋਕੂ ਕੰਮਾਂ ਦੀ ਬਾਕਾਇਦਾ ਨਿਗਰਾਨੀ ਕਰਨ ਦੀ ਹਦਾਇਤ ਕੀਤੀ ਹੈ।