ਬਜਟ ਵਿੱਚ ਸਾਰੇ ਵਰਗਾਂ ਨੂੰ ਰਾਹਤ ਦਿੱਤੀ: ਮੋਦੀ

ਬਜਟ ਵਿੱਚ ਸਾਰੇ ਵਰਗਾਂ ਨੂੰ ਰਾਹਤ ਦਿੱਤੀ: ਮੋਦੀ

ਭਾਜਪਾ ਦੀ ਸੰਸਦੀ ਪਾਰਟੀ ਦੀ ਪਹਿਲੀ ਮੀਟਿੰਗ ਨੂੰ ਪ੍ਰਧਾਨ ਮੰਤਰੀ ਨੇ ਕੀਤਾ ਸੰਬੋਧਨ
ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕਿਹਾ ਕਿ ਹਾਲ ਵਿੱਚ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਸਮਾਜ ਦੇ ਹਰ ਵਰਗ ਨੂੰ ਕੋਈ ਨਾ ਕੋਈ ਰਾਹਤ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਦੀ ਸਰਕਾਰ ਵੱਲੋਂ ਪੇਸ਼ ਕੀਤਾ ਜਾਂਦਾ ਹਰ ਬਜਟ ਗ਼ਰੀਬ ਵਰਗ ਦੇ ਹਿੱਤਾਂ ਨੂੰ ਧਿਆਨ ’ਚ ਰੱਖ ਕੇ ਤਿਆਰ ਕੀਤਾ ਜਾਂਦਾ ਹੈ। ਪਹਿਲੀ ਫਰਵਰੀ ਨੂੰ ਪੇਸ਼ ਕੀਤੇ ਗਏ ਬਜਟ ਮਗਰੋਂ ਮੋਦੀ ਭਾਜਪਾ ਦੀ ਸੰਸਦੀ ਪਾਰਟੀ ਦੀ ਪਹਿਲੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ।

ਉਨ੍ਹਾਂ ਕਿਹਾ ਕਿ ਕੋਈ ਵੀ ਇਹ ਨਹੀਂ ਕਹਿ ਸਕਦਾ ਕਿ ਇਹ ‘ਚੋਣਾਵੀ ਬਜਟ’ ਹੈ। ਸਮਾਜ ਦੇ ਹਰੇਕ ਵਰਗ ਦੇ ਹਿੱਤਾਂ ਅਤੇ ਵਿਕਾਸ ਦੇ ਮੱਦੇਨਜ਼ਰ ਬਜਟ ਤਿਆਰ ਕੀਤਾ ਗਿਆ ਹੈ। ਮੋਦੀ ਵੱਲੋਂ ਸੰਸਦ ਮੈਂਬਰਾਂ ਨੂੰ ਕੀਤੇ ਗਏ ਸੰਬੋਧਨ ਦਾ ਹਵਾਲਾ ਦਿੰਦਿਆਂ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿਹਾ ਕਿ ਜਿਹੜੇ ਭਾਰਤੀ ਜਨਤਾ ਪਾਰਟੀ ਦੀ ਵਿਚਾਰਧਾਰਾ ਦਾ ਵਿਰੋਧ ਕਰਦੇ ਹਨ, ਉਨ੍ਹਾਂ ਨੇ ਵੀ ਬਜਟ ਦਾ ਸਵਾਗਤ ਕੀਤਾ ਹੈ। ਸੂਤਰਾਂ ਨੇ ਦੱਸਿਆ ਕਿ ਮੋਦੀ ਨੇ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਆਪਣੇ ਸ਼ਾਸਨ ਨੂੰ ਯਾਦ ਕਰਦਿਆਂ ਕਿਹਾ ਕਿ ਜਦੋਂ ਲੋਕਾਂ ਵੱਲੋਂ ਕੰਮ ਨੂੰ ਸਰਾਹਿਆ ਜਾਂਦਾ ਹੈ ਤਾਂ ਇਸ ਵਰਗੀ ਕੋਈ ਰੀਸ ਨਹੀਂ ਹੁੰਦੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਪਰਿਵਾਰਕ ਸਮਾਗਮ ਵਿੱਚ 25 ਮਹਿਮਾਨਾਂ ਦੀ ਪਸੰਦ ਦਾ ਖਾਣਾ ਪਰੋਸਣਾ ਅੱਜ-ਕੱਲ੍ਹ ਇੰਨਾ ਔਖਾ ਹੈ ਪਰ ਬਜਟ ਵਿੱਚ ਦੇਸ਼ ਦੇ 130 ਕਰੋੜ ਲੋਕਾਂ ਦੀਆਂ ਉਮੀਦਾਂ ’ਤੇ ਖਰੇ ਉਤਰਿਆ ਗਿਆ ਹੈ। ਮੋਦੀ ਨੇ ਕਈ ਸਾਲਾਂ ਦੇ ਬਜਟਾਂ ਵਿੱਚ ਆਪਣੀ ਸ਼ਮੂਲੀਅਤ ਨੂੰ ਉਭਾਰਦਿਆਂ ਕਿਹਾ ਕਿ ਉਹ 25 ਬਜਟਾਂ ਦਾ ਹਿੱਸਾ ਰਹੇ ਹਨ। ਇਨ੍ਹਾਂ ਵਿੱਚ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਪੇਸ਼ ਕੀਤੇ ਗਏ ਬਜਟ ਵਿੱਚ ਸ਼ਾਮਲ ਹਨ। ਪ੍ਰਧਾਨ ਮੰਤਰੀ ਨੇ ਸੰਸਦ ਮੈਂਬਰਾਂ ਨੂੰ ਸਪੋਰਟਸ ਮੀਟ ਕਰਵਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ਦੇਖਣ ’ਚ ਆਇਆ ਹੈ ਕਿ ਸ਼ਹਿਰਾਂ ਦੇ ਨੌਜਵਾਨਾਂ ਦੀ ਖੇਡਾਂ ਵਿੱਚ ਭਾਗੀਦਾਰੀ ਘਟ ਰਹੀ ਹੈ। ਆਪਣੇ ਸੰਬੋਧਨ ਵਿੱਚ ਮੋਦੀ ਨੇ ਕਿਹਾ ਕਿ ਭਾਰਤ ਨੇ ਹੁਣ ਤੱਕ ਵੱਖ ਵੱਖ ਥਾਵਾਂ ’ਤੇ ਜੀ20 ਨਾਲ ਸਬੰਧਤ 20 ਮੀਟਿੰਗਾਂ ਕਰਵਾਈਆਂ ਹਨ ਅਤੇ ਵਿਦੇਸ਼ੀ ਮਹਿਮਾਨਾਂ ਨੇ ਇਸ ਦੀ ਪ੍ਰਸ਼ੰਸਾ ਵੀ ਕੀਤੀ।