ਬਟਾਲਾ: ਅਕਾਲੀ ਆਗੂ ਦੀ ਗੋਲੀਆਂ ਮਾਰ ਕੇ ਹੱਤਿਆ

ਬਟਾਲਾ: ਅਕਾਲੀ ਆਗੂ ਦੀ ਗੋਲੀਆਂ ਮਾਰ ਕੇ ਹੱਤਿਆ

ਬਟਾਲਾ- ਥਾਣਾ ਸਦਰ ਬਟਾਲਾ ਦੇ ਪਿੰਡ ਘਸੀਟਪੁਰ ਨੇੜੇ ਦੇਰ ਰਾਤ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਅਕਾਲੀ ਨੇਤਾ ਦੀ ਹੱਤਿਆ ਕਰ ਦਿੱਤੀ। ਮ੍ਰਿਤਕ ਵਿਅਕਤੀ ਦੀ ਸ਼ਨਾਖਤ ਅਜੀਤਪਾਲ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਪਿੰਡ ਸ਼ੇਖੂਪੁਰ ਵਜੋਂ ਹੋਈ ਹੈ। ਉਸ ਦੀ ਪਤਨੀ ਬਲਾਕ ਸਮਿਤੀ ਦੀ ਮੈਂਬਰ ਵੀ ਰਹਿ ਚੁੱਕੀ ਹੈ। ਥਾਣਾ ਸਦਰ ਬਟਾਲਾ ਦੇ ਮੁਖੀ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਲੰਘੀ ਰਾਤ ਅਜੀਤਪਾਲ ਸਿੰਘ ਆਪਣੇ ਦੋਸਤ ਅੰਮ੍ਰਿਤਪਾਲ ਸਿੰਘ ਦੇ ਨਾਲ ਕਾਰ ‘ਤੇ ਆਪਣੇ ਪਿੰਡ ਵਾਪਸ ਜਾ ਰਹੇ ਸਨ ਕਿ ਜਦੋਂ ਉਹ ਪਿੰਡ ਘਸੀਟਪੁਰ ਨੇੜੇ ਪਹੁੰਚੇ ਤਾਂ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ਦੀ ਕਾਰ ਨੂੰ ਰੋਕ ਕੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਲੱਗਣ ਕਾਰਨ ਅਜੀਤਪਾਲ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਹੈ। ਥਾਣਾ ਮੁਖੀ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾ ਰਹੀ ਹੈ।