ਬਡਰੁੱਖਾਂ ’ਚ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਰਾਜ ਪੱਧਰੀ ਸਮਾਗਮ

ਬਡਰੁੱਖਾਂ ’ਚ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਰਾਜ ਪੱਧਰੀ ਸਮਾਗਮ

ਸੰਗਰੂਰ- ਸਿੱਖ ਕੌਮ ਦੇ ਮਹਾਨ ਜਰਨੈਲ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਿੰਡ ਬਡਰੁੱਖਾਂ ਵਿਚ ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ ’ਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਦਾ ਰਸਮੀ ਉਦਘਾਟਨ ਕਰਦਿਆਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਸਮਾਗਮ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਾਮਲ ਹੋਣਾ ਸੀ ਪਰ ਉਹ ਰੁਝੇਵਿਆਂ ਕਾਰਨ ਨਹੀਂ ਪੁੱਜੇ। ਅਮਨ ਅਰੋੜਾ ਵੱਲੋਂ ਮੁੱਖ ਮੰਤਰੀ ਦੀ ਤਰਫ਼ੋਂ ਮਹਾਰਾਜਾ ਰਣਜੀਤ ਸਿੰਘ ਦੇ ਨਾਨਕੇ ਪਿੰਡ ਬਡਰੁੱਖਾਂ ਦੇ ਵਿਕਾਸ ਕਾਰਜਾਂ ਲਈ ਇੱਕ ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾ ਰਹੀ ਹੈ।

ਸ੍ਰੀ ਅਰੋੜਾ ਨੇ ਮਹਾਰਾਜਾ ਰਣਜੀਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਸ਼ੇਰ-ਏ-ਪੰਜਾਬ ਇਕੱਲੇ ਪੰਜਾਬ ਜਾਂ ਕੌਮ ਦਾ ਨਹੀਂ ਸਨ ਸਗੋਂ ਪੂਰੀ ਦੂਨੀਆਂ ਦੇ ਸਨ, ਜਿਨ੍ਹਾਂ ਨੇ ਹਰ ਖੇਤਰ ਵਿਚ ਅੱਧੀ ਸਦੀ ਤੱਕ ਆਪਣੇ ਰਾਜ ਦਾ ਲੋਹਾ ਮੰਨਵਾਇਆ। ਸ੍ਰੀ ਅਰੋੜਾ ਨੇ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮਿਲ ਰਹੀ ਪੂਰੀ ਬਿਜਲੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਥਰਮਲ ਪਲਾਂਟਾਂ ’ਚ 26 ਦਿਨਾਂ ਦਾ ਕੋਲਾ ਹੋਣ ਦੀ ਸ਼ਰਤ ਹੈ ਪਰ ਥਰਮਲਾਂ ਵਿਚ 42 ਦਿਨਾਂ ਦਾ ਕੋਲਾ ਪਿਆ ਹੈ ਜਿਸ ਕਰਕੇ ਕਿਸਾਨਾਂ ਨੂੰ ਕੋਈ ਫ਼ਿਕਰ ਕਰਨ ਦੀ ਲੋੜ ਨਹੀਂ। ਅਮਨ ਅਰੋੜਾ ਨੇ ਕਿਹਾ ਕਿ ਪਿੰਡ ਬਡਰੁੱਖਾਂ ਵਿੱਚ ਕਰੋੜਾਂ ਦੀ ਲਾਗਤ ਵਾਲੇ ਵਿਕਾਸ ਕਾਰਜ ਪਹਿਲਾਂ ਹੀ ਪ੍ਰਗਤੀ ਅਧੀਨ ਹਨ ਜਿਨ੍ਹਾਂ ਵਿੱਚ 10 ਲੱਖ ਰੁਪਏ ਦੀ ਲਾਗਤ ਨਾਲ ਯਾਦਗਾਰੀ ਗੇਟ, 30 ਲੱਖ ਰੁਪਏ ਦੀ ਲਾਗਤ ਨਾਲ ਲਾਇਬਰੇਰੀ, 29 ਲੱਖ ਰੁਪਏ ਦੀ ਲਾਗਤ ਨਾਲ ਹੈਲਥ ਵੈੱਲਨੈਸ ਸੈਂਟਰ, ਨਹਿਰੀ ਪਾਣੀ ਦੇ ਖਾਲਾਂ ਲਈ 2 ਕਰੋੜ 67 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਜਾ ਰਹੇ ਕੰਮਾਂ ਸਮੇਤ ਲਗਪਗ 4 ਕਰੋੜ ਰੁਪਏ ਦੇ ਵਿਕਾਸ ਕੰਮ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿੰਡ ਬਡਰੁੱਖਾਂ ਦੇ ਥਾਪਰ ਮਾਡਲ ਦੇ ਆਧਾਰ ’ਤੇ ਟੋਭਿਆਂ ਦੇ ਨਵੀਨੀਕਰਨ ਦਾ ਕੰਮ ਵੀ ਸ਼ੁਰੂ ਕਰਵਾਇਆ ਜਾ ਰਿਹਾ ਹੈ।