ਬੀਬੀ ਭੱਠਲ ਵੱਲੋਂ ਹੜ੍ਹਾਂ ਨਾਲ ਹੋਏ ਨੁਕਸਾਨ ਬਾਰੇ ਭਗਵੰਤ ਮਾਨ ਨਾਲ ਗੱਲਬਾਤ

ਬੀਬੀ ਭੱਠਲ ਵੱਲੋਂ ਹੜ੍ਹਾਂ ਨਾਲ ਹੋਏ ਨੁਕਸਾਨ ਬਾਰੇ ਭਗਵੰਤ ਮਾਨ ਨਾਲ ਗੱਲਬਾਤ

ਸੰਗਰੂਰ/ਖਨੌਰੀ- ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਨੇ ਹੜ੍ਹਾਂ ਨਾਲ ਹੋਏ ਨੁਕਸਾਨ ਦੇ ਸਬੰਧ ਵਿਚ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲਬਾਤ ਕੀਤੀ। ਬੀਬੀ ਭੱਠਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਇੱਕ ਵਿਆਹ ਸਮਾਗਮ ਦੌਰਾਨ ਮਿਲੇ ਸੀ ਜਿਥੇ ਚਾਹ ਦਾ ਕੱਪ ਸਾਂਝਾ ਕਰਦਿਆਂ ਹੜ੍ਹਾਂ ਨਾਲ ਹੋਏ ਨੁਕਸਾਨ ਸਬੰਧੀ ਆਪਸੀ ਗੱਲਬਾਤ ਹੋਈ। ਬੀਬੀ ਭੱਠਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੱਸਿਆ ਕਿ ਤੁਹਾਡੇ ਅਤੇ ਮੇਰੇ ਜ਼ੱਦੀ ਜ਼ਿਲ੍ਹਾ ਸੰਗਰੂਰ ਅਤੇ ਖਾਸ ਕਰਕੇ ਵਿਧਾਨ ਸਭਾ ਹਲਕਾ ਲਹਿਰਾ ’ਚ ਘੱਗਰ ’ਚ ਆਏ ਹੜ੍ਹ ਨੇ ਭਾਰੀ ਨੁਕਸਾਨ ਕੀਤਾ ਹੈ। ਬੀਬੀ ਭੱਠਲ ਨੇ ਕਿਹਾ ਕਿ ਖਨੌਰੀ ਤੇ ਮੂਨਕ ਇਲਾਕੇ ’ਚ ਘੱਗਰ ਦੀ ਮਾਰ ਨੇ ਫਸਲਾਂ ਤਬਾਹ ਕਰ ਦਿੱਤੀਆਂ ਹਨ, ਲੋਕਾਂ ਦੇ ਘਰਾਂ ਦਾ ਨੁਕਸਾਨ ਹੋਇਆ ਅਤੇ ਕਈ ਵਿਅਕਤੀਆਂ ਦੀ ਜਾਨ ਵੀ ਗਈ ਹੈ। ਇਸ ਸੰਕਟ ਦੀ ਘੜੀ ’ਚ ਸਰਕਾਰ ਨੂੰ ਲੋਕਾਂ ਦੀ ਬਾਂਹ ਫੜਨੀ ਚਾਹੀਦੀ ਹੈ। ਬੀਬੀ ਭੱਠਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਉਨ੍ਹਾਂ ਦੀ ਪੰਜਾਬ ਦੇ ਪਿੰਡ-ਪਿੰਡ ਉਪਰ ਨਜ਼ਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹਾਂ ਦੀ ਸਥਿਤੀ ਉਪਰ ਪੂਰੀ ਤਰ੍ਹਾਂ ਕੰਟਰੋਲ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਾਬਕਾ ਮੁੱਖ ਮੰਤਰੀ ਬੀਬੀ ਭੱਠਲ ਜ਼ਿਲ੍ਹਾ ਸੰਗਰੂਰ ਦੇ ਜ਼ੱਦੀ ਵਾਸੀ ਹਨ। ਹਲਕਾ ਲਹਿਰਾ ਬੀਬੀ ਭੱਠਲ ਦਾ ਜੱਦੀ ਹਲਕਾ ਹੈ ਜਿਸ ਅਧੀਨ ਖਨੌਰੀ ਅਤੇ ਮੂਨਕ ਪੈਂਦੇ ਹਨ।