ਬੇਅਦਬੀ ਕਾਂਡ: ਭਗੌੜਾ ਮੁਲਜ਼ਮ ਸੰਦੀਪ ਬਰੇਟਾ ਬੰਗਲੂਰੂ ਤੋਂ ਗ੍ਰਿਫ਼ਤਾਰ

ਬੇਅਦਬੀ ਕਾਂਡ: ਭਗੌੜਾ ਮੁਲਜ਼ਮ ਸੰਦੀਪ ਬਰੇਟਾ ਬੰਗਲੂਰੂ ਤੋਂ ਗ੍ਰਿਫ਼ਤਾਰ

ਪੰਜ ਕੇਸਾਂ ਵਿੱਚ ਭਗੌੜਾ ਸੀ ਡੇਰੇ ਦੀ ਕੌਮੀ ਕਮੇਟੀ ਦਾ ਮੈਂਬਰ
ਫ਼ਰੀਦਕੋਟ- ਮਾਲਵੇ ਵਿੱਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਦੇ ਕਥਿਤ ਸਾਜ਼ਿਸ਼ਘਾੜੇ ਡੇਰਾ ਸੱਚਾ ਸੌਦਾ ਦੀ ਕੌਮੀ ਕਮੇਟੀ ਦੇ ਮੈਂਬਰ ਸੰਦੀਪ ਬਰੇਟਾ ਨੂੰ ਅੱਜ ਸਵੇਰੇ ਬੰਗਲੂਰੂ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਸੰਦੀਪ ਬਰੇਟਾ ਫ਼ਰੀਦਕੋਟ ਜ਼ਿਲ੍ਹੇ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਸਬੰਧੀ ਵਾਪਰੀਆਂ ਤਿੰਨ ਘਟਨਾਵਾਂ ਵਿੱਚ ਲੋੜੀਂਦਾ ਸੀ, ਪਰ ਘਟਨਾ ਤੋਂ ਅੱਠ ਸਾਲ ਬਾਅਦ ਵੀ ਪੁਲੀਸ ਉਸ ਤੱਕ ਪੁੱਜਣ ਵਿੱਚ ਨਾਕਾਮ ਰਹੀ ਸੀ। ਪੰਜਾਬ ਸਰਕਾਰ ਨੇ ਕੁਝ ਸਮਾਂ ਪਹਿਲਾਂ ਹੀ ਸੰਦੀਪ ਬਰੇਟਾ ਅਤੇ ਉਸ ਦੇ ਦੋ ਹੋਰ ਸਾਥੀਆਂ ਖਿਲਾਫ਼ ‘ਲੁਕਆਊਟ’ ਨੋਟਿਸ ਜਾਰੀ ਕੀਤਾ ਸੀ। ਉਸ ਦੀ ਗ੍ਰਿਫ਼ਤਾਰੀ ਨਾਲ ਬੇਦਅਬੀ ਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੂੰ ਵੱਡੀ ਸਫ਼ਲਤਾ ਮਿਲੀ ਹੈ। ਬੇਅਦਬੀ ਕਾਂਡ ਦੇ ਕੇਸਾਂ ਦੀ ਪੜਤਾਲ ਲਈ ਬਣੀ ‘ਸਿਟ’ ਦੇ ਮੁਖੀ ਐੱਸ.ਪੀ.ਐੱਸ ਪਰਮਾਰ ਨੇ ਸੰਦੀਪ ਬਰੇਟਾ ਨੂੰ ਬੰਗਲੂਰੂ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤੇ ਜਾਣ ਦੀ ਪੁਸ਼ਟੀ ਕੀਤੀ ਹੈ। ਫਰੀਦਕੋਟ ਪੁਲੀਸ ਦੀ ਇੱਕ ਵਿਸ਼ੇਸ਼ ਟੀਮ ਸੰਦੀਪ ਬਰੇਟਾ ਨੂੰ ਗ੍ਰਿਫ਼ਤਾਰ ਕਰਨ ਲਈ ਬੰਗਲੂਰੂ ਲਈ ਰਵਾਨਾ ਹੋ ਗਈ ਹੈ। ਫਰੀਦਕੋਟ ਦੇ ਆਈਜੀ ਪੀ.ਕੇ. ਯਾਦਵ ਨੇ ਕਿਹਾ ਕਿ 24 ਮਈ ਸ਼ਾਮ ਤੱਕ ਪੁਲੀਸ ਸੰਦੀਪ ਬਰੇਟਾ ਨੂੰ ਗ੍ਰਿਫ਼ਤਾਰ ਕਰਕੇ ਫਰੀਦਕੋਟ ਲੈ ਆਵੇਗੀ। ਸੂਚਨਾ ਅਨੁਸਾਰ ਸੰਦੀਪ ਬਰੇਟਾ, ਹਰਸ਼ ਧੂਰੀ ਅਤੇ ਪ੍ਰਦੀਪ ਕਲੇਰ ਡੇਰਾ ਸੱਚਾ ਸੌਦਾ ਦੀ ਕੌਮੀ ਕਮੇਟੀ ਦੇ ਮੈਂਬਰ ਸਨ ਅਤੇ ਇਨ੍ਹਾਂ ਨੇ ਕਥਿਤ ਤੌਰ ’ਤੇ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿੱਚੋਂ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੋਰੀ ਕਰਨ, ਉਸ ਦੇ ਅੰਗ ਗਲੀਆਂ ਵਿੱਚ ਖਿਲਾਰਨ ਤੇ ਇਤਰਾਜ਼ਯੋਗ ਪੋਸਟਰ ਲਗਾਉਣ ਦੀ ਸਾਜ਼ਿਸ਼ ਰਚੀ ਸੀ। ਇਸ ਘਟਨਾ ਨੂੰ ਲੈ ਕੇ ਪੰਜਾਬ ਵਿੱਚ ਤਿੱਖਾ ਪ੍ਰਤੀਕਰਮ ਹੋਇਆ ਸੀ ਜਿਸ ਦੇ ਸਿੱਟੇ ਵਜੋਂ ਬਹਿਬਲ ਤੇ ਕੋਟਕਪੂਰਾ ਗੋਲੀ ਕਾਂਡ ਵਾਪਰ ਗਏ।

ਵਿਸ਼ੇਸ਼ ਜਾਂਚ ਟੀਮ ਨੇ ਉਕਤ ਤਿੰਨੇ ਕਮੇਟੀ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਲਈ ਦੇਸ਼ ਭਰ ਵਿੱਚ ਛਾਪੇਮਾਰੀ ਕੀਤੀ ਸੀ, ਪਰ ਇਨ੍ਹਾਂ ਦੀ ਗ੍ਰਿਫ਼ਤਾਰੀ ਨਹੀਂ ਹੋ ਸਕੀ। ਲਿਹਾਜ਼ਾ ਇਲਾਕਾ ਮੈਜਿਸਟਰੇਟ ਫਰੀਦਕੋਟ ਨੇ ਮਈ 2021 ਵਿੱਚ ਉਕਤ ਤਿੰਨੇ ਕਮੇਟੀ ਮੈਂਬਰਾਂ ਨੂੰ ਭਗੌੜੇ ਐਲਾਨਦਿਆਂ ਉਨ੍ਹਾਂ ਦੀ ਜਾਇਦਾਦ ਕੁਰਕ ਕਰਨ ਦੇ ਹੁਕਮ ਦਿੱਤੇ ਸਨ। ਸੰਦੀਪ ਬਰੇਟਾ ਦੀ ਗ੍ਰਿਫ਼ਤਾਰੀ ਨਾਲ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀਆਂ ਸੰਭਾਵਨਾਵਾਂ ਵਧ ਗਈਆਂ ਹਨ। ਸੂਚਨਾ ਅਨੁਸਾਰ ਬੇਅਦਬੀ ਦੀਆਂ ਘਟਨਾਵਾਂ ਤੋਂ ਪਹਿਲਾ ਸੰਦੀਪ ਬਰੇਟਾ ਤੇ ਉਸ ਦੇ ਬਾਕੀ ਦੋ ਸਾਥੀ ਡੇਰਾ ਸੱਚਾ ਸੌਦਾ ਸਿਰਸਾ ਵਿੱਚ ਹੀ ਪੱਕੇ ਤੌਰ ’ਤੇ ਰਹਿ ਰਹੇ ਸਨ, ਪਰ ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ ਇਹ ਅਚਾਨਕ ਰੂਪੋਸ਼ ਹੋ ਗਏ।