ਬੇਅਦਬੀ ਕਾਂਡ: ਸੁਖਬੀਰ ’ਤੇ ਮੁਲਜ਼ਮਾਂ ਦੀ ਸਰਪ੍ਰਸਤੀ ਕਰਨ ਦੇ ਦੋਸ਼

ਚੰਡੀਗੜ੍ਹ – ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਬੇਅਦਬੀ ਅਤੇ ਗੋਲੀ ਕਾਂਡ ਦੇ ਮੁਲਜ਼ਮਾਂ ਦੀ ਕਥਿਤ ਸਰਪ੍ਰਸਤੀ ਕਰਨ ਦੇ ਦੋਸ਼ ਲਗਾਏ ਹਨ। ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਕੰਗ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਾਲੀ ਘਟਨਾ ਮਗਰੋਂ 2015 ’ਚ ਵਾਪਰੇ ਕੋਟਕਪੂਰਾ ਗੋਲੀਬਾਰੀ ਮਾਮਲੇ ਵਿੱਚ ਚੱਲ ਰਹੀ ਜਾਂਚ ’ਚ ਸੁਖਬੀਰ ਬਾਦਲ ਦਾ ਨਾਮ ਆ ਰਿਹਾ ਹੈ, ਜਿਸ ਲਈ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਨੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੂੰ ਪੁੱਛ-ਪੜਤਾਲ ਲਈ 30 ਅਗਸਤ ਨੂੰ ਤਲਬ ਕੀਤਾ ਹੈ। ਉਨ੍ਹਾਂ ਆਸ ਜਤਾਈ ਕਿ ਸਿੱਟ ਦੇ ਸੰਮਨ ਤੋਂ ਬਾਅਦ ਸੁਖਬੀਰ ਬਾਦਲ ਸਪੱਸ਼ਟ ਕਰਨਗੇ ਕਿ ਸ਼ਾਂਤਮਈ ਪ੍ਰਦਰਸ਼ਨ ਕਰ ਰਹੀ ਸਿੱਖ ਸੰਗਤ ’ਤੇ ਗੋਲੀ ਚਲਾਉਣ ਦਾ ਹੁਕਮ ਕਿਸ ਨੇ ਦਿੱਤਾ ਸੀ ਤੇ ਕਿਸ ਨੇ ਡੇਰਾ ਮੁਖੀ ਨਾਲ ਮਿਲ ਕੇ ਸਾਜ਼ਿਸ਼ ਰਚੀ ਸੀ।

‘ਆਪ’ ਦੇ ਮੁੱਖ ਬੁਲਾਰੇ ਨੇ ਸੁਖਬੀਰ ਬਾਦਲ ਵੱਲੋਂ ਲਾਏ ਗਏ ਸ਼ਰਾਬ ਨੀਤੀ ਵਿੱਚ ਬੇਨਿਯਮੀਆਂ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਬਾਦਲ ਪਰਿਵਾਰ ਨੇ ਦਹਾਕਿਆਂ ਤੋਂ ਪੰਜਾਬ ਨੂੰ ਲੁੱਟਿਆ ਹੈ, ਜਿਸ ਕਰਕੇ ਪੰਜਾਬ ਦੇ ਲੋਕਾਂ ਨੇ ਵੀ ਇਨ੍ਹਾਂ ਨੂੰ ਨਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੇ ਟਰਾਂਸਪੋਰਟ, ਡਰੱਗ, ਕੇਬਲ ਤੇ ਖਣਨ ਮਾਫੀਆ ਨੂੰ ਸਰਪ੍ਰਸਤੀ ਦਿੱਤੀ ਤੇ ਅਕਾਲੀਆਂ ਦੀਆਂ ਨਾਪਾਕ ਨੀਤੀਆਂ ਕਾਰਨ ਹੀ ਅੱਜ ਪੰਜਾਬ ਭਾਰੀ ਕਰਜ਼ੇ ਦੇ ਬੋਝ ਹੇਠ ਡੁੱਬਿਆ ਹੋਇਆ ਹੈ।