ਬੇਅਦਬੀ ਦਾ ਮਾਮਲਾ ਵਿਧਾਨ ਸਭਾ ’ਚ ਉਭਾਰਨ ’ਤੇ ਕੁੰਵਰ ਵਿਜੈ ਪ੍ਰਤਾਪ ਦਾ ਸਨਮਾਨ

ਅੰਮ੍ਰਿਤਸਰ- ਇਥੇ ਸਿੱਖ ਜਥੇਬੰਦੀਆਂ ਦੇ ਸਮੂਹ ਪੰਥਕ ਤਾਲਮੇਲ ਸੰਗਠਨ ਨੇ ਸਿੰਘ ਸਭਾ ਦੇ 150ਵੇਂ ਸਥਾਪਨਾ ਵਰ੍ਹੇ ਦੀ ਅਰੰਭਤਾ ਮੌਕੇ ਸਿੱਖ ਕੌਮ ਨੂੰ ਇਕ ਵਾਰ ਮੁੜ ਸਿੰਘ ਸਭਾ ਲਹਿਰ ਸ਼ੁਰੂ ਕਰਨ ਦਾ ਸੱਦਾ ਦਿੱਤਾ ਹੈ। ਇਸ ਮੌਕੇ ਵਿਧਾਇਕ ਅਤੇ ਸਾਬਕਾ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਬੇਅਦਬੀ ਮਾਮਲਿਆਂ ਦੀ ਜਾਂਚ ਕਰਨ ਅਤੇ ਮੁਲਜ਼ਮਾਂ ਨੂੰ ਸਜ਼ਾਵਾਂ ਦਿਵਾਉਣ ਦਾ ਮੁੱਦਾ ਵਿਧਾਨ ਸਭਾ ਵਿੱਚ ਉਭਾਰਨ ਲਈ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਬੰਧੀ ਅੱਜ ਇੱਥੇ ਸਥਾਨਕ ਕਬੀਰ ਪਾਰਕ ਦੇ ਗੁਰਦੁਆਰੇ ਵਿੱਚ ਇਕ ਸੈਮੀਨਾਰ ਕਰਵਾਇਆ ਗਿਆ ਹੈ। ਇਸ ਵਿੱਚ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸੰਗਠਨ ਦੇ ਕਨਵੀਨਰ ਅਤੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਨੇ ਦੱਸਿਆ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਇਨਸਾਫ਼ ਹਿੱਤ ਅਤੇ ਧਰਮ ਪਰਿਵਰਤਨ ਦੇ ਮੁੱਦੇ ਬਾਰੇ ਵਿਚਾਰ ਕਰਨ ਦੀ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਵਧੇਰੇ ਕੁਰਬਾਨੀਆਂ ਕਰਨ ਵਾਲੀ ਸਿੱਖ ਕੌਮ ਇਸ ਵੇਲੇ ਦੇਸ਼ ਵਿੱਚ ਧਰਮ ,ਵਿੱਦਿਆ, ਰਾਜਨੀਤੀ ਅਤੇ ਆਰਥਿਕ ਮਾਮਲਿਆਂ ਦੇ ਵਿਗੜ ਰਹੇ ਸੰਤੁਲਨ ਪ੍ਰਤੀ ਖ਼ਾਮੋਸ਼ ਹੈ। ਉਨ੍ਹਾਂ ਵਿਦਿਆਰਥੀਆਂ ਦੇ ਵਿਦੇਸ਼ ਜਾਣ ਦੇ ਲਗਾਤਾਰ ਵਧ ਰਹੇ ਰੁਝਾਨ ’ਤੇ ਚਿੰਤਾ ਪ੍ਰਗਟ ਕੀਤੀ। ਸੰਗਠਨ ਦੇ ਕੋ-ਕਨਵੀਨਰ ਜਸਵਿੰਦਰ ਸਿੰਘ ਐਡਵੋਕੇਟ ਨੇ ਸਿੰਘ ਸਭਾ ਲਹਿਰ ਨੂੰ ਮੁੜ ਆਰੰਭਣ ਦਾ ਹੋਕਾ ਦਿੱਤਾ। ਉਨ੍ਹਾਂ ਬੇਅਦਬੀ ਮਾਮਲਿਆਂ ਵਿਚ ਸਾਬਕਾ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਵੱਲੋਂ ਕੀਤੀ ਗਈ ਜਾਂਚ ਅਤੇ ਪੇਸ਼ ਕੀਤੀ ਰਿਪੋਰਟ ਵਿੱਚ ਦਿੱਤੇ ਸੱਚ ਦੀ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਕਿ ਪੰਥਕ ਤਾਲਮੇਲ ਸੰਗਠਨ ਦਾ ਇੱਕ ਵੱਡਾ ਕਾਫ਼ਲਾ 14 ਅਕਤੂਬਰ ਨੂੰ ਬਹਿਬਲ ਕਲਾਂ ਵਿੱਚ ਸ਼ਹੀਦੀ ਸਮਾਗਮ ਵਿੱਚ ਸ਼ਾਮਲ ਹੋਵੇਗਾ।