ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਂਦੇ ਰਹੇ ਕਾਂਗਰਸ ਤੇ ਅਕਾਲੀ: ਚੀਮਾ

ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਂਦੇ ਰਹੇ ਕਾਂਗਰਸ ਤੇ ਅਕਾਲੀ: ਚੀਮਾ

ਚੰਡੀਗੜ੍ਹ – ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿਛਲੀਆਂ ਸਰਕਾਰਾਂ ’ਤੇ ਬੇਅਦਬੀ ਮਾਮਲਿਆਂ ਦੇ ਦੋਸ਼ੀਆਂ ਨੂੰ ਬਚਾਉਣ ਦਾ ਦੋਸ਼ ਲਾਇਆ ਹੈ। ਸ੍ਰੀ ਚੀਮਾ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਕਦੇ ਵੀ ਇਨ੍ਹਾਂ ਘਿਨਾਉਣੇ ਮਾਮਲਿਆਂ ਵਿੱਚ ਪੰਜਾਬ ਦੇ ਲੋਕਾਂ ਨੂੰ ਇਨਸਾਫ਼ ਨਹੀਂ ਦਿਵਾਉਣਾ ਚਾਹੁੰਦੇ ਸਨ, ਜਿਸ ਲਈ ਉਨ੍ਹਾਂ ਨੇ ਕਦੇ ਪੂਰੇ ਸਬੂਤ ਅਦਾਲਤ ’ਚ ਪੇਸ਼ ਨਹੀਂ ਕੀਤੇ ਅਤੇ ਨਾ ਹੀ ਸਖ਼ਤੀ ਨਾਲ ਕੇਸ ਦੀ ਪੈਰਵੀ ਕੀਤੀ।

ਉਨ੍ਹਾਂ ਕਿਹਾ ਕਿ ਸਾਲ 2015 ਵਿੱਚ ਜ਼ਿਲ੍ਹਾ ਮੋਗਾ ਦੇ ਪਿੰਡ ਮੱਲਕੇ ਵਿੱਚ ਬੇਅਦਬੀ ਦਾ ਮਾਮਲਾ ਅਕਾਲੀ ਦਲ ਦੀ ਸਰਕਾਰ ਵੇਲੇ ਸਾਹਮਣੇ ਆਇਆ ਸੀ, ਇੱਥੋਂ ਤੱਕ ਕਿ ਇਸ ਵਿੱਚ ਇਨਸਾਫ਼ ਦਿਵਾਉਣ ਦੇ ਵਾਅਦੇ ’ਤੇ ਕਾਂਗਰਸ ਨੇ ਸਰਕਾਰ ਬਣਾਈ ਸੀ। ਹਾਲਾਂਕਿ, ਉਨ੍ਹਾਂ ਨੇ ਆਪਣੇ ਸਾਸ਼ਨ ਦੌਰਾਨ ਅਜਿਹਾ ਕੁਝ ਨਹੀਂ ਕੀਤਾ। ਸ੍ਰੀ ਚੀਮਾ ਨੇ ਮੋਗਾ ਅਦਾਲਤ ਵੱਲੋਂ ਬੇਅਦਬੀ ਦੇ ਕੇਸ ਵਿੱਚ ਤਿੰਨ ਵਿਅਕਤੀਆਂ ਨੂੰ ਸਜ਼ਾ ਸੁਣਾਏ ਜਾਣ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ਸ੍ਰੀ ਚੀਮਾ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਆਪਸ ਵਿੱਚ ਰਲੇ ਹੋਏ ਹਨ ਅਤੇ ਦਹਾਕਿਆਂ ਤੋਂ ਇੱਕ ਦੂਜੇ ਦੇ ਅਪਰਾਧਾਂ ’ਤੇ ਪਰਦਾ ਪਾ ਰਹੇ ਹਨ। ‘ਆਪ’ ਸਰਕਾਰ ਨੇ ਇਸ ਗੱਠਜੋੜ ਨੂੰ ਤੋੜ ਦਿੱਤਾ ਹੈ ਅਤੇ ਹੁਣ ਦੋਸ਼ੀਆਂ ਨੂੰ ਉਨ੍ਹਾਂ ਦੇ ਅਪਰਾਧਾਂ ਦੀ ਮਿਸਾਲੀ ਸਜ਼ਾ ਮਿਲੇਗੀ। ਵਿੱਤ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਉਲਟ, ‘ਆਪ’ ਸਰਕਾਰ ਨੇ ਬੇਅਦਬੀ ਦੇ ਸਾਰੇ ਮਾਮਲਿਆਂ ਦੀ ਜਾਂਚ ਵਿੱਚ ਤੇਜ਼ੀ ਲਿਆਂਦੀ ਹੈ ਅਤੇ ਮੁੱਖ ਮੰਤਰੀ ਨੇ ਨਿੱਜੀ ਤੌਰ ’ਤੇ ਇਹ ਯਕੀਨੀ ਬਣਾਇਆ ਹੈ ਕਿ ਇਨ੍ਹਾਂ ਮਾਮਲਿਆਂ ਦੀ ਸਹੀ ਜਾਂਚ ਹੋਵੇ ਅਤੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਮਿਲੇ।