ਬੇਮੌਸਮੇ ਮੀਂਹ: ਕੌਮੀ ਆਫਤ ਰਾਹਤ ਫੰਡ ’ਚੋਂ ਕਿਸਾਨਾਂ ਨੂੰ ਦਿੱਤੀ ਜਾਵੇਗੀ ਰਾਹਤ

ਬੇਮੌਸਮੇ ਮੀਂਹ: ਕੌਮੀ ਆਫਤ ਰਾਹਤ ਫੰਡ ’ਚੋਂ ਕਿਸਾਨਾਂ ਨੂੰ ਦਿੱਤੀ ਜਾਵੇਗੀ ਰਾਹਤ

ਨਵੀਂ ਦਿੱਲੀ: ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਅੱਜ ਕਿਹਾ ਕਿ ਬੇਮੌਸਮੇ ਮੀਂਹ ਕਾਰਨ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ ਅਤੇ ਕੇਂਦਰ ਸਰਕਾਰ ਇਸ ਨੁਕਸਾਨ ਦਾ ਮੁਲਾਂਕਣ ਕਰਨ ਲਈ ਰਾਜਾਂ ਤੋਂ ਜਾਣਕਾਰੀ ਦੀ ਉਡੀਕ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨੁਕਸਾਨ ਦਾ ਮੁਲਾਂਕਣ ਕਰਨ ਤੋਂ ਬਾਅਦ ਕੇਂਦਰੀ ਆਫਤ ਰਾਹਤ ਫੰਡ ’ਚੋਂ ਹੋਰ ਰਾਸ਼ੀ ਜਾਰੀ ਕੀਤੀ ਜਾਵੇਗੀ। ਤੋਮਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ‘‘ਬੇਮੌਸਮੇ ਮੀਂਹ ਕਾਰਨ ਯਕੀਨੀ ਤੌਰ ’ਤੇ ਫਸਲਾਂ ਦਾ ਨੁਕਸਾਨ ਹੋਇਆ ਹੈ। ਸਰਵੇਖਣ ਚੱਲ ਰਿਹਾ ਹੈ ਅਤੇ ਨੁਕਸਾਨ ਦਾ ਮੁਲਾਂਕਣ ਕਰਨ ਲਈ ਅਸੀਂ ਰਾਜਾਂ ਤੋਂ ਜਾਣਕਾਰੀ ਦੀ ਉਡੀਕ ਕਰ ਰਹੇ ਹਾਂ।’’ ਉਨ੍ਹਾਂ ਕਿਹਾ ਕਿ ਸੂਬਾ ਸਰਕਾਰਾਂ ਕੋਲ ਸੂਬਾ ਆਫਤ ਰਾਹਤ ਫੰਡ ਹੈ ਜਿਸ ਦੀ ਵਰਤੋਂ ਉਹ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਕਰ ਸਕਦੀਆਂ ਹਨ।