ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਵਾਲੇ ਫਲੈਕਸ ਲਾਏ

ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਵਾਲੇ ਫਲੈਕਸ ਲਾਏ

ਫ਼ਤਹਿਗੜ੍ਹ ਸਾਹਿਬ – ਇਤਿਹਾਸਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਅਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਚੀਮਾ ਆਦਿ ਨੇ ਫਲੈਕਸ ਲਾਏ। ਜਥੇਦਾਰ ਪੰਜੋਲੀ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਅਰੰਭ ਕੀਤੀ ਜੱਦੋ-ਜਹਿਦ ਦਾ ਸੁਨੇਹਾ ਪੂਰੇ ਪੰਥ ਤੱਕ ਪਹੁੰਚਾਉਣ ਲਈ ਇਹ ਫਲੈਕਸ ਲਾਏ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰਾਂ ਦੇ ਜਬਰ ਖ਼ਿਲਾਫ਼ ਲੜੇ ਸਿੰਘਾਂ ਨੂੰ ਸਜ਼ਾ ਭੁਗਤਣ ਤੋਂ ਬਾਅਦ ਵੀ ਦੇਸ਼ ਵਿੱਚ ਵੱਖ-ਵੱਖ ਸੂਬਿਆਂ ਦੀਆਂ ਜੇਲ੍ਹਾਂ ਵਿਚ ਕੈਦ ਰਹਿਣਾ ਪੈ ਰਿਹਾ ਹੈ। ਆਗੂਆ ਨੇ ਕਿਹਾ ਕਿ ਪੰਥਕ ਧਿਰਾਂ ਦੀ ਸਾਂਝੀ ਕਮੇਟੀ ਵੱਲੋਂ ਇਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਅਰੰਭ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਿੰਘਾਂ ਦੀ ਰਿਹਾਈ ਲਈ ਸਮੁੱਚੇ ਖਾਲਸਾ ਪੰਥ ਨੂੰ ਇੱਕ ਪਲੈਟਫਾਰਮ ’ਤੇ ਇੱਕਠੇ ਹੋਣ ਦੀ ਲੋੜ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਅਵਤਾਰ ਸਿੰਘ ਰਿਆ, ਜਸਮੇਰ ਸਿੰਘ ਲਾਛੜੂ, ਭਗਵੰਤ ਸਿੰਘ ਮੈਨੇਜਰ ਆਦਿ ਹਾਜ਼ਰ ਸਨ।