ਬੰਦੀ ਸਿੰਘਾਂ ਦੀ ਰਿਹਾਈ ਲਈ ਧਰਨੇ

ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਸਿੱਖ ਸੰਗਤ ਨੇ ਕਾਲੇ ਚੋਲੇ ਪਾ ਕੇ ਰੋਸ ਮਾਰਚ ਕੀਤੇ

ਬਠਿੰਡਾ-ਇੱਥੇ ਅੱਜ ਸਿੱਖ ਸੰਗਤ ਵੱਲੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਵਿਰੁੱਧ ਰੋਸ ਮਾਰਚ ਕਰ ਕੇ ਮਿੰਨੀ ਸਕੱਤਰੇਤ ਅੱਗੇ ਧਰਨਾ ਦਿੱਤਾ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵੱਲੋਂ ਪ੍ਰਦਰਸ਼ਨ ਦੇ ਇਸ ਸੱਦੇ ਤਹਿਤ ਜੁੜੇ ਪ੍ਰਦਰਸ਼ਨਕਾਰੀਆਂ ਨੇ ਡਿਪਟੀ ਕਮਿਸ਼ਨਰ ਕੋਲੋਂ ਮੰਗ ਕੀਤੀ ਕਿ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਉਨ੍ਹਾਂ ਦੀ ਮੰਗ ਕੇਂਦਰ ਸਰਕਾਰ ਤੱਕ ਪਹੁੰਚਾਈ ਜਾਵੇ। ਜ਼ਿਲ੍ਹੇ ਦੇ ਵੱਖ-ਵੱਖ ਗੁਰਧਾਮਾਂ ਤੋਂ ਪਹੁੰਚੇ ਪ੍ਰਦਰਸ਼ਨਕਾਰੀਆਂ ਨੇ ਕਾਲੀਆਂ ਦਸਤਾਰਾਂ, ਕੋਲੇ ਚੋਲੇ ਪਹਿਨੇ ਹੋਏ ਸਨ ਅਤੇ ਬੀਬੀਆਂ ਨੇ ਕਾਲੀਆਂ ਚੁੰਨੀਆਂ ਲਈਆਂ ਹੋਈਆਂ ਸਨ। ਇਸ ਤੋਂ ਇਲਾਵਾ ਉਨ੍ਹਾਂ ਖੁਦ ਨੂੰ ਗੁਲਾਮ ਦਰਸਾਉਣ ਲਈ ਜ਼ੰਜ਼ੀਰਾਂ ਵਿੱਚ ਜਕੜਿਆ ਹੋਇਆ ਸੀ।