ਬੰਦੀ ਸਿੰਘਾਂ ਦੀ ਰਿਹਾਈ ਲਈ ਨਿੱਝਰ ਨੂੰ ਸੌਂਪਿਆ ਯਾਦ ਪੱਤਰ

ਬੰਦੀ ਸਿੰਘਾਂ ਦੀ ਰਿਹਾਈ ਲਈ ਨਿੱਝਰ ਨੂੰ ਸੌਂਪਿਆ ਯਾਦ ਪੱਤਰ

ਅੰਮ੍ਰਿਤਸਰ – ਹਵਾਰਾ ਕਮੇਟੀ ਰਿਹਾਈ ਫਰੰਟ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅੱਜ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਚੀਫ ਖਾਲਸਾ ਦੀਵਾਨ ਦੇ ਦਫਤਰ ਵਿੱਚ ਯਾਦ ਪੱਤਰ ਦਿੱਤਾ ਗਿਆ।

ਹਵਾਰਾ ਕਮੇਟੀ ਆਗੂਆਂ ਵੱਲੋਂ ਲਏ ਫੈਸਲੇ ਅਨੁਸਾਰ ਪੰਜਾਬ ਦੇ ਸਮੂਹ ਵਿਧਾਇਕਾਂ ਨੂੰ ਬੰਦੀ ਸਿੰਘਾਂ ਪ੍ਰਤੀ ਸੰਵਿਧਾਨਿਕ ਜ਼ਿੰਮੇਵਾਰੀ ਨਿਭਾਉਣ ਲਈ ਯਾਦ ਪੱਤਰ ਦੇਣ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਹੈ ਅਤੇ ਮੰਗ ਕੀਤੀ ਗਈ ਹੈ ਕਿ ਤਾਮਿਲਨਾਡੂ ਵਿਧਾਨ ਸਭਾ ਦੀ ਤਰਜ਼ ’ਤੇ ਪੰਜਾਬ ਵਿਧਾਨ ਸਭਾ ਵਿੱਚ ਮਤਾ ਪਾਸ ਕੀਤਾ ਜਾਵੇ।

ਪ੍ਰੋ. ਬਲਜਿੰਦਰ ਸਿੰਘ ਨੇ ਡਾ. ਨਿੱੱਝਰ ਨੂੰ ਕਿਹਾ ਕਿ ਪ੍ਰੋ. ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਅਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਵਿੱਚ ਤਬਦੀਲੀ ਦੋਹਾਂ ਸੂਬਿਆਂ ਦੀ ‘ਆਪ’ ਸਰਕਾਰ ਦੇ ਹੱਥ ਵਿੱਚ ਹੈ।

ਡਾ. ਨਿੱਝਰ ਨੇ ਪ੍ਰੋ. ਬਲਜਿੰਦਰ ਸਿੰਘ, ਭਾਈ ਸਤਨਾਮ ਸਿੰਘ ਖੰਡਾ, ਭਾਈ ਸਤਨਾਮ ਸਿੰਘ ਝੰਜੀਆਂ, ਮਹਾਂਬੀਰ ਸਿੰਘ ਸੁਲਤਾਨਵਿੰਡ, ਬਲਦੇਵ ਸਿੰਘ ਨਵਾਂਪਿੰਡ, ਰਘਬੀਰ ਸਿੰਘ ਭੁੱਚਰ ਅਤੇ ਸੁਖਵੰਤ ਸਿੰਘ ਬਿੱਟੂ ਨੂੰ ਯਾਦ ਪੱਤਰ ਲੈਣ ਤੋਂ ਬਾਅਦ ਭਰੋਸਾ ਦਿੱਤਾ ਕਿ ਉਹ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਵਿਚਾਰਨਗੇ।