ਬੰਬੀਹਾ ਗੈਂਗ ਦਾ ਸ਼ਾਰਪ ਸ਼ੂਟਰ ਅਸਲੇ ਸਣੇ ਗ੍ਰਿਫ਼ਤਾਰ

ਬੰਬੀਹਾ ਗੈਂਗ ਦਾ ਸ਼ਾਰਪ ਸ਼ੂਟਰ ਅਸਲੇ ਸਣੇ ਗ੍ਰਿਫ਼ਤਾਰ

ਐਸ.ਏ.ਐਸ. ਨਗਰ (ਮੁਹਾਲੀ)- ਪੰਜਾਬ ਪੁਲੀਸ ਦੇ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ ਮੁਹਾਲੀ ਨੇ ਗੈਂਗਸਟਰ ਬੰਬੀਹਾ ਗੈਂਗ ਦੇ ਸ਼ਾਰਪ ਸ਼ੂਟਰ ਸਿਮਰਨਜੀਤ ਸਿੰਘ ਉਰਫ਼ ਸਿੰਮੀ (25) ਵਾਸੀ ਪਿੰਡ ਵਾਲੀਓ, ਸਮਰਾਲਾ (ਲੁਧਿਆਣਾ) ਨੂੰ ਗ੍ਰਿਫ਼ਤਾਰ ਕੀਤਾ ਹੈ। ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਏਆਈਜੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਮੁਲਜ਼ਮ ਕੋਲੋਂ ਪਿਸਤੌਲ ਅਤੇ ਚਾਰ ਕਾਰਤੂਸ ਬਰਾਮਦ ਕੀਤੇ ਗਏ ਹਨ। ਮੁਲਜ਼ਮ ਸਮਰਾਲਾ ਥਾਣੇ ਵਿੱਚ ਦਰਜ ਕਤਲ ਮਾਮਲੇ ਵਿੱਚ ਪੁਲੀਸ ਨੂੰ ਲੋੜੀਂਦਾ ਸੀ ਤੇ ਉਸ ਖ਼ਿਲਾਫ਼ ਹੋਰ ਵੀ ਕਈ ਅਪਰਾਧਿਕ ਕੇਸ ਦਰਜ ਹਨ।

ਏਆਈਜੀ ਨੇ ਦੱਸਿਆ ਕਿ ਮੁਲਜ਼ਮ ਦੀਆਂ ਗਤੀਵਿਧੀਆਂ ਬਾਰੇ ਪੁਖ਼ਤਾ ਜਾਣਕਾਰੀ ਮਿਲੀ ਸੀ। ਇਸ ਆਧਾਰ ’ਤੇ ਸਪੈਸ਼ਲ ਅਪਰੇਸ਼ਨ ਸੈੱਲ ਦੀਆਂ ਟੀਮਾਂ ਨੇ ਸਿੰਮੀ ਨੂੰ ਮੁਹਾਲੀ ਦੇ ਦਾਰਾ ਸਟੂਡੀਓ ਨੇੜਿਓਂ ਗ੍ਰਿਫ਼ਤਾਰ ਕਰ ਲਿਆ। ਪੁਲੀਸ ਅਨੁਸਾਰ ਮੁਲਜ਼ਮ ਪਟਿਆਲਾ ਤੋਂ ਆਪਣੇ ਸਾਥੀ ਨੂੰ ਹਥਿਆਰਾਂ ਦੀ ਖੇਪ ਪਹੁੰਚਾਉਣ ਲਈ ਜਾ ਰਿਹਾ ਸੀ। ਮੁੱਢਲੀ ਜਾਂਚ ਵਿੱਚ ਇਹ ਪਤਾ ਲੱਗਾ ਕਿ ਉਹ ਗੈਂਗਸਟਰ ਬੰਬੀਹਾ ਗਰੋਹ ਦੇ ਇੱਕ ਹੋਰ ਮੁੱਖ ਮੈਂਬਰ ਜਸਵਿੰਦਰ ਸਿੰਘ ਉਰਫ਼ ਖੱਟੂ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਿਹਾ ਸੀ। ਜਸਵਿੰਦਰ ਸਿੰਘ ਖੱਟੂ ਹਾਲ ਹੀ ਵਿੱਚ ਜੇਲ੍ਹ ’ਚੋਂ ਜ਼ਮਾਨਤ ’ਤੇ ਬਾਹਰ ਆਇਆ ਸੀ ਅਤੇ ਜਾਅਲੀ ਪਛਾਣ ਤੇ ਜਾਅਲੀ ਦਸਤਾਵੇਜ਼ਾਂ ਦੀ ਵਰਤੋਂ ਕਰ ਕੇ ਪਾਸਪੋਰਟ ਬਣਵਾ ਕੇ ਵਿਦੇਸ਼ ਚਲਾ ਗਿਆ ਸੀ। ਉਸ ਵਿਰੁੱਧ ਕਈ ਅਪਰਾਧਕ ਕੇਸ ਚੱਲ ਰਹੇ ਹਨ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਮੁਹਾਲੀ ਵਿੱਚ ਕੇਸ ਦਰਜ ਕੀਤਾ ਗਿਆ ਹੈ ਜਿਸ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ ਤਿੰਨ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ।