ਭਗਵੰਤ ਮਾਨ ਤੇ ਕੇਜਰੀਵਾਲ ਵੱਲੋਂ ਮਹਾਤਮਾ ਗਾਂਧੀ ਤੇ ਸ਼ਾਸਤਰੀ ਨੂੰ ਸ਼ਰਧਾਂਜਲੀਆਂ

ਭਗਵੰਤ ਮਾਨ ਤੇ ਕੇਜਰੀਵਾਲ ਵੱਲੋਂ ਮਹਾਤਮਾ ਗਾਂਧੀ ਤੇ ਸ਼ਾਸਤਰੀ ਨੂੰ ਸ਼ਰਧਾਂਜਲੀਆਂ

ਪਟਿਆਲਾ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਨੂੰ ਉਨ੍ਹਾਂ ਦੇ ਜਨਮ ਦਵਿਸ ਮੌਕੇ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਕਿਹਾ ਕਿ ਰਾਸ਼ਟਰ ਪਿਤਾ ਦਾ ਜੀਵਨ, ਫ਼ਲਸਫ਼ਾ ਅਤੇ ਕੁਰਬਾਨੀ ਹਮੇਸ਼ਾ ਚਾਨਣ ਮੁਨਾਰੇ ਵਾਂਗ ਰੁਸ਼ਨਾਉਂਦੇ ਰਹਿਣਗੇ ਅਤੇ ਸਾਨੂੰ ਸਾਰਿਆਂ ਨੂੰ ਸਮਾਜ, ਰਾਜ ਅਤੇ ਦੇਸ਼ ਦੀ ਨਿਸ਼ਕਾਮ ਸੇਵਾ ਕਰਨ ਲਈ ਪ੍ਰੇਰਿਤ ਕਰਦੇ ਰਹਿਣਗੇ।

ਉਨ੍ਹਾਂ ਲੋਕਾਂ ਨੂੰ ਬਰਾਬਰੀ ਦੇ ਸਮਾਜ ਦੀ ਸਿਰਜਣਾ ਲਈ ਮਹਾਤਮਾ ਗਾਂਧੀ ਜੀ ਵੱਲੋਂ ਦਰਸਾਏ ਸ਼ਾਂਤੀ ਅਤੇ ਅਹਿੰਸਾ ਦੇ ਫ਼ਲਸਫ਼ੇ ’ਤੇ ਚੱਲਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਨੇ ਭਾਰਤੀ ਆਜ਼ਾਦੀ ਸੰਗਰਾਮ ਨੂੰ ਜਨ ਅੰਦੋਲਨ ਵਿੱਚ ਤਬਦੀਲ ਕੀਤਾ ਜਿਸ ਨਾਲ ਦੇਸ਼ ਨੂੰ ਬਰਤਾਨਵੀ ਸਾਮਰਾਜਵਾਦ ਦੀ ਜਕੜ ਤੋਂ ਮੁਕਤ ਕਰਵਾਇਆ ਗਿਆ। ਦੋਵਾਂ ਮੁੱਖ ਮੰਤਰੀਆਂ ਨੇ ਕਿਹਾ ਕਿ ਮਹਾਤਮਾ ਗਾਂਧੀ ਜੀ ਵਾਹਿਦ ਵਿਸ਼ਵ ਆਗੂ ਸਨ, ਜਨਿ੍ਹਾਂ ਨੇ ਅਹਿੰਸਾ ਦੀ ਆਪਣੀ ਵਿਚਾਰਧਾਰਾ ਰਾਹੀਂ ਆਜ਼ਾਦੀ ਦੀ ਲੜਾਈ ਜਿੱਤੀ। ਗਾਂਧੀ ਜੀ ਇੱਕ ਮਹਾਨ ਰਾਜਨੇਤਾ ਅਤੇ ਮਹਾਨ ਸ਼ਖ਼ਸੀਅਤ ਸਨ, ਜਨਿ੍ਹਾਂ ਨੇ ਪਿਆਰ, ਸ਼ਾਂਤੀ ਅਤੇ ਅਹਿੰਸਾ ਦੇ ਆਪਣੇ ਫ਼ਲਸਫ਼ੇ ਦਾ ਪ੍ਰਚਾਰ ਕਰਨ ਲਈ ਦੁਨੀਆ ਭਰ ਦੀ ਯਾਤਰਾ ਕੀਤੀ। ਉਨ੍ਹਾਂ ਕਿਹਾ ਕਿ ਦੁਨੀਆ ਭਰ ਦੇ ਲੋਕ ਮਹਾਤਮਾ ਗਾਂਧੀ ਜੀ ਦੀ ਵਿਚਾਰਧਾਰਾ ਦੇ ਪ੍ਰਸ਼ੰਸਕ ਅਤੇ ਪੈਰੋਕਾਰ ਹਨ।

ਲਾਲ ਬਹਾਦਰ ਸ਼ਾਸਤਰੀ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ, ਦੋਵਾਂ ਨੇ ਉਨ੍ਹਾਂ ਨੂੰ ਭਾਰਤੀ ਰਾਜਨੀਤੀ ਦਾ ਇੱਕ ਅਜਿਹਾ ਚਾਨਣ ਮੁਨਾਰਾ ਦੱਸਿਆ ਜਿਸ ਨੇ ਭਾਰਤ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਲਈ ਮੁੱਖ ਧੁਰੇ ਵਜੋਂ ਕੰਮ ਕੀਤਾ। ਉਨ੍ਹਾਂ ਕਿਹਾ ਕਿ ਲਾਲ ਬਹਾਦਰ ਸ਼ਾਸਤਰੀ ਜੀ ਵੱਲੋਂ ਦਿੱਤਾ ਗਿਆ ‘ਜੈ ਜਵਾਨ, ਜੈ ਕਿਸਾਨ‘ ਦਾ ਨਾਅਰਾ ਹਮੇਸ਼ਾ ਸਾਡਾ ਮਾਰਗਦਰਸ਼ਨ ਕਰਨ ਸਣੇ ਭਾਰਤ ਨੂੰ ਇੱਕ ਆਤਮ-ਨਿਰਭਰ ਅਤੇ ਸੁਰੱਖਿਅਤ ਰਾਸ਼ਟਰ ਵਜੋਂ ਅੱਗੇ ਵਧਾਉਣ ਵਿੱਚ ਮਦਦ ਕਰਦਾ ਰਹੇਗਾ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਅਤੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਮੌਜੂਦ ਸਨ।