ਭਗਵੰਤ ਮਾਨ ਦੀ ਕੋਠੀ ਅੱਗੇ ਤਿੰਨ ਨੌਜਵਾਨਾਂ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼

ਭਗਵੰਤ ਮਾਨ ਦੀ ਕੋਠੀ ਅੱਗੇ ਤਿੰਨ ਨੌਜਵਾਨਾਂ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼

ਦੋ ਨੌਜਵਾਨਾਂ ਨੇ ਜ਼ਹਿਰੀਲੀ ਦਵਾਈ ਨਿਗਲੀ ਅਤੇ ਇੱਕ ਵੱਲੋਂ ਫਾਹਾ ਲੈਣ ਦਾ ਯਤਨ; ਮਰਨ ਵਰਤ ਜਾਰੀ
ਸੰਗਰੂਰ – ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਤਿੰਨ ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਪੰਜਾਬ ਪੁਲੀਸ ਭਰਤੀ-2016 ਦੇ ਤਿੰਨ ਉਮੀਦਵਾਰਾਂ ਵੱਲੋਂ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਮਰਤ ਵਰਤ ’ਤੇ ਬੈਠੇ ਦੋ ਧਰਨਾਕਾਰੀਆਂ ਨੇ ਅੱਜ ਇਥੇ ਜ਼ਹਿਰੀਲੀ ਦਵਾਈ ਨਿਗਲ ਲਈ, ਜਿਨ੍ਹਾਂ ਵਿੱਚੋਂ ਇੱਕ ਨੂੰ ਪਟਿਆਲਾ ਹਸਪਤਾਲ ਲਈ ਰੈਫ਼ਰ ਕੀਤਾ ਗਿਆ ਹੈ, ਜਦਕਿ ਇੱਕ ਉਮੀਦਵਾਰ ਸਥਾਨਕ ਸਿਵਲ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਜਾਣਕਾਰੀ ਅਨੁਸਾਰ ਬੀਤੀ ਰਾਤ ਪੁਲੀਸ ਭਰਤੀ ਉਮੀਦਵਾਰ ਗੁਰਦੀਪ ਸਿੰਘ ਨੇ ਮੁੱਖ ਮੰਤਰੀ ਦੀ ਰਿਹਾਇਸ਼ੀ ਕਲੋਨੀ ਦੇ ਸਾਹਮਣੇ ਖੇਤ ਵਿੱਚ ਇੱਕ ਦਰੱਖ਼ਤ ਨਾਲ ਆਪਣੀ ਪੱਗ ਨਾਲ ਫਾਹਾ ਲੈ ਖ਼ੁਦਕੁਸ਼ੀ ਕਰਨ ਦਾ ਯਤਨ ਕੀਤਾ, ਪਰ ਇਸ ਦਾ ਪਤਾ ਲੱਗਦੇ ਹੀ ਸਾਥੀ ਉਮੀਦਵਾਰਾਂ ਨੇ ਉਸ ਨੂੰ ਰੋਕ ਲਿਆ। ਇਸ ਘਟਨਾ ਤੋਂ ਕਰੀਬ ਅੱਧੇ ਘੰਟੇ ਬਾਅਦ ਇੱਕ ਹੋਰ ਉਮੀਦਵਾਰ ਗੁਰਜੀਤ ਸਿੰਘ ਨੇ ਮੁੱਖ ਮੰਤਰੀ ਦੀ ਕੋਠੀ ਅੱਗੇ ਮਰਨ ਵਰਤ ਕੈਂਪ ਵਿੱਚ ਕੋਈ ਜ਼ਹਿਰੀਲੀ ਦਵਾਈ ਨਿਗਲ ਲਈ, ਜਿਸ ਦੀ ਸੂਚਨਾ ਮਿਲਣ ’ਤੇ ਥਾਣਾ ਸਦਰ ਪੁਲੀਸ ਨੇ ਉਸ ਨੂੰ ਤੁਰੰਤ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਇਸੇ ਤਰ੍ਹਾਂ ਅੱਜ ਬਾਅਦ ਦੁਪਹਿਰ ਢਾਈ ਵਜੇ ਇੱਕ ਹੋਰ ਉਮੀਦਵਾਰ ਜਸਵਿੰਦਰ ਸਿੰਘ ਵਾਸੀ ਜ਼ਿਲ੍ਹਾ ਬਰਨਾਲਾ ਨੇ ਵੀ ਕੋਈ ਜ਼ਹਿਰੀਲੀ ਦਵਾਈ ਨਿਗਲ ਲਈ, ਜਿਸ ਮਗਰੋਂ ਉਸ ਨੂੰ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਲਿਜਾਇਆ ਗਿਆ, ਪਰ ਉਸ ਦੀ ਗੰਭੀਰ ਹਾਲਤ ਨੂੰ ਵੇਖਦੇ ਹੋਏ ਉਸ ਨੂੰ ਪਟਿਆਲਾ ਰੈਫ਼ਰ ਕਰ ਦਿੱਤਾ ਗਿਆ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਐੱਸਡੀਐੱਮ ਚਰਨਜੋਤ ਸਿੰਘ ਵਾਲੀਆ ਤੇ ਐੱਸਪੀ ਪਲਵਿੰਦਰ ਸਿੰਘ ਚੀਮਾ ਨੇ ਮਰਨ ਵਰਤ ’ਤੇ ਬੈਠੇ ਉਮੀਦਵਾਰ ਲੜਕੇ-ਲੜਕੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਖ਼ੁਦਕੁਸ਼ੀ ਵਰਗਾ ਗੰਭੀਰ ਕਦਮ ਨਾ ਚੁੱਕਣ ਦੀ ਅਪੀਲ ਕਰਦਿਆਂ ਭਰੋਸਾ ਦਿਵਾਇਆ ਕਿ ਇਹ ਮਸਲਾ ਹੱਲ ਕਰਨ ਲਈ ਸਰਕਾਰ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਸੰਘਰਸ਼ ਕਰ ਰਹੇ ਪੰਜਾਬ ਪੁਲੀਸ ਭਰਤੀ-2016 ਉਮੀਦਵਾਰਾਂ ਦੀ ਪੰਜ ਮੈਂਬਰੀ ਸੂਬਾ ਕਮੇਟੀ ਦੇ ਆਗੂ ਜਗਦੀਪ ਸਿੰਘ ਨੇ ਦੱਸਿਆ ਕਿ ਬੀਤੀ ਦੇਰ ਰਾਤ ਗੁਰਦੀਪ ਸਿੰਘ ਪਖਾਨੇ ਦਾ ਕਹਿ ਕੇ ਖੇਤ ਵੱਲ ਗਿਆ ਸੀ, ਜਿਸ ਮਗਰੋਂ ਉਸ ਨੇ ਫਾਹਾ ਲੈਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਦੱਸਿਆ ਗੁਰਦੀਪ ਨੇ ਇਸ ਮਗਰੋਂ ਬਿਜਲੀ ਦੀਆਂ ਤਾਰਾਂ ਨੂੰ ਵੀ ਹੱਥ ਪਾਉਣ ਦਾ ਯਤਨ ਕੀਤਾ ਪਰ ਉਸ ਨੂੰ ਅਜਿਹਾ ਕਰਨ ਤੋਂ ਰੋਕ ਲਿਆ ਗਿਆ। ਇਸ ਤੋਂ ਅੱਧੇ ਘੰਟੇ ਬਾਅਦ ਹੀ ਗੁਰਜੀਤ ਸਿੰਘ ਨੇ ਜ਼ਹਿਰੀਲੀ ਦਵਾਈ ਨਿਗਲ ਲਈ। ਅੱਜ ਪ੍ਰਸ਼ਾਸਨ ਵੱਲੋਂ ਮਰਨ ਵਰਤ ’ਤੇ ਬੈਠੇ ਧਰਨਾਕਾਰੀਆਂ ਨਾਲ ਗੱਲ ਕਰਨ ਤੋਂ ਬਾਅਦ ਦੁਪਹਿਰ ਕਰੀਬ ਢਾਈ ਵਜੇ ਜਸਵਿੰਦਰ ਨੇ ਵੀ ਜ਼ਹਿਰ ਨਿਗਲ ਲਿਆ ਜੋ ਹੁਣ ਪਟਿਆਲਾ ਦੇ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਮੁੱਖ ਮੰਤਰੀ ਦੀ ਕੋਠੀ ਅੱਗੇ ਵਿੱਢੇ ਮਰਨ ਵਰਤ ਦੇ ਤੀਜੇ ਦਿਨ ਅੱਜ ਵੀ ਕਰੀਬ ਦਰਜਨ ਉਮੀਦਵਾਰ ਉਥੇ ਡਟੇ ਹੋਏ ਹਨ। ਇਹ ਉਮੀਦਵਾਰ ਪੰਜਾਬ ਪੁਲੀਸ ਭਰਤੀ-2016 ਦੀ ਵੇਟਿੰਗ ਸੂਚੀ ਤੇ 2017 ਦੀ ਵੈਰੀਫਿਕੇਸ਼ਨ ਤਹਿਤ ਨੌਕਰੀ ’ਤੇ ਜੁਆਇੰਨ ਕਰਾਉਣ ਦੀ ਮੰਗ ਕਰ ਰਹੇ ਹਨ। ਇਸ ਸਬੰਧੀ ਐੱਸਡੀਐੱਮ ਦਾ ਕਹਿਣਾ ਹੈ ਕਿ ਉਨ੍ਹਾਂ ਮਰਨ ਵਰਤ ’ਤੇ ਬੈਠੇ ਉਮੀਦਵਾਰਾਂ ਨੂੰ ਸਮਝਾਇਆ ਹੈ ਕਿ ਉਹ ਅਜਿਹਾ ਕਦਮ ਨਾ ਚੁੱਕਣ। ਇਸ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਪੰਜਾਬ ਸਰਕਾਰ ਨਾਲ ਗੱਲਬਾਤ ਕੀਤੀ ਜਾ ਰਹੀ ਹੈ।