ਭਗਵੰਤ ਮਾਨ ਦੇ ਵਿਆਹ ਮੌਕੇ ਪਾਵਨ ਸਰੂਪ ਵਾਲੇ ਵਾਹਨ ਦੀ ਤਲਾਸ਼ੀ ਲੈਣ ਕਾਰਨ ਰੋਸ

ਭਗਵੰਤ ਮਾਨ ਦੇ ਵਿਆਹ ਮੌਕੇ ਪਾਵਨ ਸਰੂਪ ਵਾਲੇ ਵਾਹਨ ਦੀ ਤਲਾਸ਼ੀ ਲੈਣ ਕਾਰਨ ਰੋਸ

ਧਾਮੀ ਸਣੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਮੰਗ ਪੱਤਰ ਸੌਂਪਿਆ
ਅੰਮ੍ਰਿਤਸਰ – ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਮੌਕੇ ਉਨ੍ਹਾਂ ਦੀ ਰਿਹਾਇਸ਼ ’ਤੇ ਪਾਵਨ ਸਰੂਪ ਲਿਜਾਣ ਵਾਲੀ ਗੱਡੀ ਨੂੰ ਤਲਾਸ਼ੀ ਲਈ ਰੋਕੇ ਜਾਣ ’ਤੇ ਸ਼੍ਰੋਮਣੀ ਕਮੇਟੀ ਨੇ ਸਖ਼ਤ ਇਤਰਾਜ਼ ਕੀਤਾ ਹੈ। ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਸਣੇ ਹੋਰਨਾਂ ਕਮੇਟੀ ਮੈਂਬਰਾਂ ਨੇ ਅੱਜ ਅਕਾਲ ਤਖ਼ਤ ਦੇ ਜਥੇਦਾਰ ਹਰਪ੍ਰੀਤ ਸਿੰਘ ਨੂੰ ਇੱਕ ਪੱਤਰ ਦੇ ਕੇ ਦੋਸ਼ ਲਾਇਆ ਕਿ ਪਾਵਨ ਸਰੂਪ ਵਾਲੇ ਵਾਹਨ ਦੀ ਤਲਾਸ਼ੀ ਲੈਣ ਕਾਰਨ ਗੁਰੂ ਗ੍ਰੰਥ ਸਾਹਿਬ ਦੀ ਮਾਣ ਮਰਿਆਦਾ ਨੂੰ ਠੇਸ ਪੁੱਜੀ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਇਸ ਸਬੰਧੀ ਮੁੱਖ ਮੰਤਰੀ ਸਣੇ ਸਾਰੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਸ੍ਰੀ ਧਾਮੀ ਦੀ ਅਗਵਾਈ ਹੇਠ ਵੱਡੀ ਗਿਣਤੀ ਸ਼੍ਰੋਮਣੀ ਕਮੇਟੀ ਮੈਂਬਰ ਅੱਜ ਇੱਥੇ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿੱਚ ਜਥੇਦਾਰ ਹਰਪ੍ਰੀਤ ਸਿੰਘ ਨੂੰ ਮਿਲ ਤੇ ਪਾਵਨ ਸਰੂਪ ਵਾਲੇ ਵਾਹਨ ਦੀ ਤਲਾਸ਼ੀ ਲਏ ਜਾਣ ਸਬੰਧੀ ਵਾਇਰਲ ਹੋਈ ਇੱਕ ਵੀਡੀਓ ਦਾ ਹਵਾਲਾ ਦਿੰਦਿਆਂ ਰੋਸ ਜ਼ਾਹਿਰ ਕੀਤਾ ਕਿ ਇਸ ਘਟਨਾ ਨਾਲ ਸਿੱਖ ਭਾਵਨਾਵਾਂ ਨੂੰ ਸੱਟ ਵੱਜੀ ਹੈ। ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਆਖਿਆ ਕਿ ਇਸ ਨਾਲ ਗੁਰੂ ਸਾਹਿਬ ਦੀ ਮਾਣ ਮਰਿਆਦਾ ਨੂੰ ਠੇਸ ਪੁੱਜੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਿੱਖ ਬਹੁਗਿਣਤੀ ਵਾਲੇ ਸੂਬੇ ਦਾ ਮੁੱਖ ਮੰਤਰੀ ਹੀ ਗੁਰੂ ਗ੍ਰੰਥ ਸਾਹਿਬ ਦਾ ਅਦਬ ਸਤਿਕਾਰ ਕਾਇਮ ਨਹੀਂ ਰੱਖ ਸਕਦਾ ਤਾਂ ਇਸ ਤੋਂ ਵੱਡੀ ਮੰਦਭਾਗੀ ਗੱਲ ਹੋਰ ਕੋਈ ਨਹੀਂ ਹੋ ਸਕਦੀ। ਉਨ੍ਹਾਂ ਇਸ ਸਬੰਧੀ ਮੁੱਖ ਮੰਤਰੀ ਤੇ ਸਬੰਧਤ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਇਸ ਸਬੰਧੀ ਜਥੇਦਾਰ ਨੇ ਭਰੋਸਾ ਦਿੱਤਾ ਹੈ ਕਿ ਵਿਚਾਰ-ਵਟਾਂਦਰਾ ਕਰਕੇ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।

ਇਸ ਮੌਕੇ ਭਾਈ ਮਨਜੀਤ ਸਿੰਘ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਆਦੇਸ਼ ਜਾਰੀ ਕਰਨ ਕਿ ਕਿਸੇ ਵੀ ਥਾਂ ’ਤੇ ਪਾਵਨ ਸਰੂਪ ਵਾਲੇ ਵਾਹਨ ਨੂੰ ਤਲਾਸ਼ੀ ਆਦਿ ਲਈ ਨਾ ਰੋਕਿਆ ਜਾਵੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਅੰਤ੍ਰਿੰਗ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਜਰਨੈਲ ਸਿੰਘ ਡੋਗਰਾਂਵਾਲਾ, ਗੁਰਿੰਦਰਪਾਲ ਸਿੰਘ ਗੋਰਾ, ਬੀਬੀ ਗੁਰਪ੍ਰੀਤ ਕੌਰ, ਬਲਵਿੰਦਰ ਸਿੰਘ ਵੇਈਂਪੂਈਂ, ਅਲਵਿੰਦਲਪਾਲ ਸਿੰਘ ਪੱਖੋਕੇ, ਬਲਵਿੰਦਰ ਕੌਰ, ਕਿਰਨਜੋਤ ਕੌਰ, ਹਰਜਿੰਦਰ ਕੌਰ ਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਮੌਜੂਦ ਸਨ।