ਭਗਵੰਤ ਮਾਨ ਨੇ ਪਰਿਵਾਰ ਸਣੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਮੱਥਾ ਟੇਕਿਆ

ਭਗਵੰਤ ਮਾਨ ਨੇ ਪਰਿਵਾਰ ਸਣੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਮੱਥਾ ਟੇਕਿਆ

ਗੁਰਪੁਰਬ ਮੌਕੇ ਭਾਈਚਾਰਕ ਸਾਂਝ ਤੇ ਸ਼ਾਂਤੀ ਲਈ ਅਰਦਾਸ ਕੀਤੀ
ਰੀ ਆਨੰਦਪੁਰ ਸਾਹਿਬ- ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸੂਬੇ ਅੰਦਰ ਆਨੰਦ ਮੈਰਿਜ ਐਕਟ ਨੂੰ ਪੂਰਨ ਰੂਪ ਵਿੱਚ ਲਾਗੂ ਕੀਤਾ ਜਾਵੇਗਾ।

ਉਨ੍ਹਾਂ ਸੂਬੇ ਵਿੱਚ ਭਾਈਚਾਰਕ ਸਾਂਝ, ਸ਼ਾਂਤੀ ਅਤੇ ਤਰੱਕੀ ਲਈ ਅਰਦਾਸ ਕੀਤੀ। ਉਨ੍ਹਾਂ ਪ੍ਰਕਾਸ਼ ਪੁਰਬ ਮੌਕੇ ਸੰਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਮਹਾਨ ਅਧਿਆਤਮਕ ਆਗੂ ਸਨ। ਉਨ੍ਹਾਂ ਕਿਹਾ ਕਿ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਵਰਗੀਆਂ ਸਿੱਖਿਆਵਾਂ ਅਜੋਕੇ ਪਦਾਰਥਵਾਦੀ ਸਮਾਜ ਵਿੱਚ ਵੀ ਪ੍ਰਸੰਗਿਕ ਹਨ।

ਮੁੱਖ ਮੰਤਰੀ ਨੇ ਪ੍ਰਕਾਸ਼ ਪੁਰਬ ਨੂੰ ਜਾਤ-ਪਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉਪਰ ਉੱਠ ਕੇ ਸ਼ਰਧਾ ਤੇ ਲਗਨ ਨਾਲ ਮਨਾਉਣ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਔਰਤਾਂ ਨੂੰ ਬਰਾਬਰੀ ਦਾ ਦਰਜਾ ਦੇਣ ਦੇ ਪੈਰੋਕਾਰ ਸਨ।

ਜਥੇਦਾਰ ਰਘਬੀਰ ਸਿੰਘ ਨਾਲ ਬੰਦ ਕਮਰਾ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਅੱਜ ਬੰਦ ਕਮਰਾ ਮੀਟਿੰਗ ਕੀਤੀ। ਇਸ ਮੀਟਿੰਗ ਸਬੰਧੀ ਜਥੇਦਾਰ ਰਘਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਸੂਬੇ ਦੇ ਮੁੱਖ ਮੰਤਰੀ ਨੂੰ ਧਾਰਮਿਕ ਨਗਰੀ ਆਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਦੀਆਂ ਸਮੱਸਿਆਵਾਂ ਸਬੰਧੀ ਜਾਣੂ ਕਰਵਾਇਆ ਹੈ ਅਤੇ ਇਨ੍ਹਾਂ ਸਮੱਸਿਆਵਾਂ ਨੂੰ ਤਰਜੀਹੀ ਤੌਰ ’ਤੇ ਹੱਲ ਕਰਨ ਦੀ ਅਪੀਲ ਕੀਤੀ ਹੈ। ਇਸ ਮੌਕੇ ਜਥੇਦਾਰ ਵੱਲੋਂ ਮੁੱਖ ਮੰਤਰੀ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਤਸਵੀਰ ਵੀ ਭੇਟ ਕੀਤੀ ਗਈ।