ਭਗਵੰਤ ਮਾਨ ਨੇ ਪੰਜਾਬ ਦੇ ਹੱਕ ਹਰਿਆਣਾ ਨੂੰ ਸੌਂਪੇ: ਸੁਖਬੀਰ

ਭਗਵੰਤ ਮਾਨ ਨੇ ਪੰਜਾਬ ਦੇ ਹੱਕ ਹਰਿਆਣਾ ਨੂੰ ਸੌਂਪੇ: ਸੁਖਬੀਰ

ਬਰਨਾਲਾ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੁਣੌਤੀ ਦਿੱਤੀ ਕਿ ਉਹ ਸਤਲੁਜ ਯਮੁਨਾ ਲਿੰਕ ਨਹਿਰ (ਐੱਸਵਾਈਐੱਲ) ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਦਰਿਆਈ ਪਾਣੀਆਂ ਦੇ ਹੱਕ ਹਰਿਆਣਾ ਨੂੰ ਦੇਣ ਦੇ ਮਾਮਲੇ ’ਤੇ 10 ਅਕਤੂਬਰ ਨੂੰ ਬਹਿਸ ਕਰਨ। ਉਨ੍ਹਾਂ ਕਿਹਾ ਕਿ ਸ੍ਰੀ ਮਾਨ ਨੇ ਪੰਜਾਬ ਦੇ ਹੱਕ ਹਰਿਆਣਾ ਨੂੰ ਸੌਂਪ ਦਿੱਤੇ ਹਨ।

ਇੱਥੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵੱਲੋਂ ਕਰਵਾਏ ਯੂਥ ਮਿਲਣੀ ਪ੍ਰੋਗਰਾਮ ਦੌਰਾਨ ਸੰਬੋਧਨ ਕਰਦਿਆਂ ਨੇ ਸੁਖਬੀਰ ਬਾਦਲ ਨੇ ਕਿਹਾ ਕਿ ਪਾਰਟੀ ਵੱਲੋਂ 10 ਅਕਤੂਬਰ ਨੂੰ ਚੰਡੀਗੜ੍ਹ ’ਚ ਮੁੱਖ ਮੰਤਰੀ ਦੀ ਰਿਹਾਇਸ਼ ਤੱਕ ਰੋਸ ਮਾਰਚ ਕੀਤਾ ਜਾਵੇਗਾ। ਇਸ ਦੌਰਾਨ ਉਹ ਮੁੱਖ ਮੰਤਰੀ ਨੂੰ ਚੁਣੌਤੀ ਦਿੰਦੇ ਹਨ ਕਿ ਉਹ ਮਾਰਚ ਦੌਰਾਨ ਐੱਸਵਾਈਐੱਲ ਨਹਿਰ ਦੇ ਮਾਮਲੇ ’ਤੇ ਬਹਿਸ ਕਰ ਕੇ ਦਿਖਾਉਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਰਚ ਵਾਲੇ ਦਿਨ ਰੁਝੇਵਿਆਂ ਦਾ ਹਵਾਲਾ ਦੇ ਕੇ ਬਹਿਸ ਤੋਂ ਨਾ ਭੱਜਣ। ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬੀ ਇਸ ਗੱਲੋਂ ਹੈਰਾਨ ਹਨ ਕਿ ਭਗਵੰਤ ਮਾਨ ਨੇ ਕਿਸ ਤਰ੍ਹਾਂ ਕੇਜਰੀਵਾਲ ਦੇ ਦਬਾਅ ਹੇਠ ਆ ਕੇ ਐੱਸਵਾਈਐੱਲ ਦੇ ਮਾਮਲੇ ’ਤੇ ਪੰਜਾਬ ਦੇ ਹਿੱਤ ਹਰਿਆਣਾ ਅੱਗੇ ਸਰੰਡਰ ਕੀਤੇ ਹਨ। ਪਾਰਟੀ ਪ੍ਰਧਾਨ ਨੇ ਕਿਹਾ ਕਿ ਉਹ ਐੱਸਵਾਈਐੱਲ ਸਮੇਤ ਸੂਬੇ ਦੇ ਹੋਰ ਮਸਲਿਆਂ ’ਤੇ ਮੁੱਖ ਮੰਤਰੀ ਨਾਲ ਬਹਿਸ ਵਾਸਤੇ ਤਿਆਰ ਹਨ। ਉਨ੍ਹਾਂ ਕਿਹਾ ਕਿ ਬਹਿਸ ਲਈ ਮੀਡੀਆ ਨੂੰ ਵੀ ਸੱਦਾ ਦੇਣਾ ਚਾਹੀਦਾ ਹੈ।

ਇਸ ਦੌਰਾਨ ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਸੂਬੇ ਦੀ ਵਾਗਡੋਰ ਸੰਭਾਲਣ ਤੋਂ ਬਾਅਦ 50 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲਿਆ ਹੈ ਪਰ ਹਾਲੇ ਤੱਕ ਸੂਬੇ ’ਚ ਬੁਨਿਆਦੀ ਢਾਂਚੇ ਦੇ ਪ੍ਰਾਜੈਕਟ ਨੂੰ ਨਹੀਂ ਲਿਆਂਦਾ ਗਿਆ। ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਕਿਹਾ ਕਿ ‘ਆਪ’ ਸਰਕਾਰ ਨੇ ਸਰਕਾਰੀ ਭਰਤੀ ਵਿਚ ਹਰਿਆਣਾ ਤੇ ਰਾਜਸਥਾਨ ਦੇ ਨੌਜਵਾਨਾਂ ਨੂੰ ਪਹਿਲ ਦੇ ਕੇ ਨੌਜਵਾਨਾਂ ਨਾਲ ਧੋਖਾ ਕੀਤਾ ਹੈ। ਇਸ ਦੌਰਾਨ ਅਕਾਲੀ ਦਲ ਦੇ ਬਰਨਾਲਾ ਹਲਕੇ ਦੇ ਇੰਚਾਰਜ ਕੁਲਵੰਤ ਸਿੰਘ ਕੀਤੂ ਨੇ ਵੀ ਸੰਬੋਧਨ ਕੀਤਾ।