ਭਾਈ ਮਨੀ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ

ਭਾਈ ਮਨੀ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ

ਰਾਗੀ ਜਥਿਆਂ ਨੇ ਸੰਗਤ ਨੂੰ ਭਾਈ ਮਨੀ ਸਿੰਘ ਦੇ ਜੀਵਨ ਸਬੰਧੀ ਜਾਣਕਾਰੀ ਦਿੱਤੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦ ਭਾਈ ਮਨੀ ਸਿੰਘ ਦਾ ਸ਼ਹੀਦੀ ਦਿਹਾੜਾ ਅੱਜ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ। ਇਸ ਮੌਕੇ ਅਖੰਡ ਪਾਠ ਦੇ ਭੋਗ ਪਾਏ ਗਏ। ਗੁਰਮਤਿ ਸਮਾਗਮ ਦੌਰਾਨ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਹਾਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਦਾ ਕੀਰਤਨ ਕੀਤਾ। ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ ਅਤੇ ਹੁਕਮਨਾਮਾ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸਰਵਣ ਕਰਵਾਇਆ। ਇਸ ਦੌਰਾਨ ਉਨ੍ਹਾਂ ਸ਼ਹੀਦ ਭਾਈ ਮਨੀ ਸਿੰਘ ਦੇ ਜੀਵਨ ਇਤਿਹਾਸ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਦੀ ਸ਼ਹਾਦਤ ਸਿੱਖੀ ਸਿਦਕ ਦੀ ਮਿਸਾਲ ਹੈ, ਜਿਨ੍ਹਾਂ ਨੇ ਆਪਣਾ ਬੰਦ-ਬੰਦ ਕਟਵਾ ਲਿਆ, ਪਰ ਦੁਸ਼ਮਣ ਦੀ ਈਨ ਨਾ ਮੰਨੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਬਲਵਿੰਦਰ ਸਿੰਘ ਵੇਈਂਪੂਈਂ, ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਵਧੀਕ ਸਕੱਤਰ ਸਕੱਤਰ ਡਾ. ਪਰਮਜੀਤ ਸਿੰਘ ਸਰੋਆ, ਪ੍ਰਤਾਪ ਸਿੰਘ, ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਮੀਤ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਮਲਕੀਤ ਸਿੰਘ ਬਹਿੜਵਾਲ ਅਤੇ ਸੰਗਤਾਂ ਹਾਜ਼ਰ ਸਨ।