ਭਾਈ ਸਤਵੰਤ ਸਿੰਘ ਤੇ ਭਾਈ ਕੇਹਰ ਸਿੰਘ ਦੀ ਬਰਸੀ ਮਨਾਈ

ਭਾਈ ਸਤਵੰਤ ਸਿੰਘ ਤੇ ਭਾਈ ਕੇਹਰ ਸਿੰਘ ਦੀ ਬਰਸੀ ਮਨਾਈ

ਅੰਮ੍ਰਿਤਸਰ – ਜੂਨ 1984 ਵਿੱਚ ਸ੍ਰੀ ਦਰਬਾਰ ਸਾਹਿਬ ਅਤੇ ਅਕਾਲ ਤਖ਼ਤ ਵਿੱਚ ਫੌਜੀ ਹਮਲਾ ਕਰਨ ਦੇ ਦੋਸ਼ ਹੇਠ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਗੋਲੀਆਂ ਮਾਰ ਕੇ ਕਤਲ ਕਰਨ ਵਾਲੇ ਭਾਈ ਸਤਵੰਤ ਸਿੰਘ ਤੇ ਭਾਈ ਕੇਹਰ ਸਿੰਘ ਦੀ ਬਰਸੀ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿੱਚ ਮਨਾਈ ਗਈ। ਇਸ ਸਬੰਧ ਵਿੱਚ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਤੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਸਮਾਗਮ ਦੌਰਾਨ ਭਾਈ ਸਤਵੰਤ ਸਿੰਘ ਦੇ ਭਰਾ ਭਾਈ ਵਰਿਆਮ ਸਿੰਘ ਤੇ ਭਾਈ ਕੇਹਰ ਸਿੰਘ ਦੇ ਪਰਿਵਾਰ ਵਿੱਚੋਂ ਗੁਰਪ੍ਰੀਤ ਕੌਰ ਸਮੇਤ ਹੋਰਾਂ ਨੂੰ ਗਿਆਨੀ ਗੁਰਮਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਤੇ ਅਧਿਕਾਰੀਆਂ ਨੇ ਸਿਰੋਪਾਓ ਦਿੱਤੇ। ਇਸ ਬਰਸੀ ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿੱਚ ਨਤਮਸਤਕ ਹੋਏ। ਦਲ ਖਾਲਸਾ ਦੇ ਆਗੂ ਕੰਵਰਪਾਲ ਸਿੰਘ ਨੇ ਅੱਜ ਇਥੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਦਰਬਾਰ ਸਾਹਿਬ ਦੀ ਹਦੂਦ ਅੰਦਰ ਕਿਸੇ ਵੀ ਰੂਪ ਵਿੱਚ ਤੇ ਕਿਸੇ ਵੀ ਥਾਂ ’ਤੇ ਤਿੰਨਾਂ ਸ਼ਹੀਦਾਂ ਦੀ ਯਾਦਗਾਰ ਉਸਾਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਵੀ ਚਾਹੀਦਾ ਹੈ ਕਿ ਉਹ ਕਿਸੇ ਵੀ ਸਰਾਂ, ਹਸਪਤਾਲ, ਲਾਇਬ੍ਰੇਰੀ ਜਾਂ ਕਿਸੇ ਇਮਾਰਤ ਦਾ ਨਾਂ ਤਿੰਨਾਂ ਸ਼ਹੀਦਾਂ ਦੇ ਨਾਮ ’ਤੇ ਰੱਖ ਕੇ ਆਪਣੇ ਕੌਮੀ ਸ਼ਹੀਦਾਂ ਨੂੰ ਮਾਣ-ਸਤਿਕਾਰ ਦੇਵੇ।