ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਅਤੇ ਭਾਈ ਕੁਲਵਿੰਦਰ ਸਿੰਘ ਸੋਨੇ ਦੇ ਖੰਡਿਆਂ ਨਾਲ ਸਨਮਾਨਿਤ

ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਅਤੇ ਭਾਈ ਕੁਲਵਿੰਦਰ ਸਿੰਘ ਸੋਨੇ ਦੇ ਖੰਡਿਆਂ ਨਾਲ ਸਨਮਾਨਿਤ

ਆਕਲੈਂਡ : ਪਿਛਲੇ ਕਰੀਬ ਇਕ ਹਫ਼ਤੇ ਤੋਂ ਨਿਊਜ਼ੀਲੈਂਡ ਦੌਰੇ ’ਤੇ ਆਏ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਵਲੋਂ ਨਿਊਜ਼ੀਲੈਂਡ ਦੇ ਵੱਖ-ਵੱਖ ਗੁਰੂ ਘਰਾਂ ’ਚ ਵਿਸ਼ੇਸ਼ ਦੀਵਾਨ ਸਜਾਏ ਗਏ। ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਪੁਰਬ ਸੰਬੰਧੀ ਵਿਸ਼ੇਸ਼ ਸਮਾਗਮ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਟਾਕਾਨੀਨੀ ਵਿਖੇ ਕਰਵਾਏ ਗਏ। ਕਰੀਬ ਇਕ ਹਫ਼ਤਾ ਚੱਲੇ ਇਨ੍ਹਾਂ ਸਮਾਗਮਾਂ ’ਚ ਜਿੱਥੇ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਨੇ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਜੀਵਨ ਸੰਬੰਧੀ ਕਥਾ ਵਿਚਾਰ ਰਾਹੀਂ ਸੰਗਤਾਂ ਨਾਲ ਗੁਰਵਿਚਾਰ ਸਾਂਝੇ ਕੀਤੇ, ਉਥੇ ਇਨ੍ਹਾਂ ਸਮਾਗਮਾਂ ਦੇ ਆਖਰੀ ਦਿਨ ਦੀਵਾਨ ਦੀ ਸਮਾਪਤੀ ਉਪਰੰਤ ਸੁਪਰੀਮ ਸਿੱਖ ਸੁਸਾਇਟੀ ਆਫ਼ ਨਿਊਜ਼ੀਲੈਂਡ ਵਲੋਂ ਭਾਈ ਪਿੰਦਰਪਾਲ ਸਿੰਘ ਦੀਆਂ ਸੇਵਾਵਾਂ ਲਈ ਉਨ੍ਹਾਂ ਦਾ ਸੋਨੇ ਦੇ ਖੰਡੇ ਨਾਲ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਪਿਛਲੇ ਕਈ ਦਿਨਾਂ ਤੋਂ ਨਿਊਜ਼ੀਲੈਂਡ ਦੌਰੇ ’ਤੇ ਆਏ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਸੇਵਾ ਮੁਕਤ ਅਰਦਾਸੀਏ ਭਾਈ ਕੁਲਵਿੰਦਰ ਸਿੰਘ ਜਿਨ੍ਹਾਂ ਦੀ ਅਰਦਾਸ ਦੀ ਆਵਾਜ਼ ਸੰਗਤਾਂ ਦੀ ਬਿਰਤੀ ਨੂੰ ਦਰਬਾਰ ਸਾਹਿਬ ਅੰਮ੍ਰਿਤਸਰ ’ਚ ਹੋ ਰਹੀ ਅਰਦਾਸ ਨਾਲ ਜੋੜ ਦਿੰਦੀ ਸੀ, ਉਨ੍ਹਾਂ ਦਾ ਵੀ ਸੁਪਰੀਮ ਸਿੱਖ ਸੁਸਾਇਟੀ ਆਫ਼ ਨਿਊਜ਼ੀਲੈਂਡ ਵਲੋਂ ਸੋਨੇ ਦੇ ਖੰਡੇ ਨਾਲ ਸਨਮਾਨ ਕੀਤਾ ਗਿਆ। ਇਸ ਮੌਕੇ ਸਥਾਨਕ ਮੈਂਬਰ ਪਾਰਲੀਮੈਂਟ ਰੀਮਾਂ ਨਾਖਲੇ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।