ਭਾਜਪਾ ਇੰਚਾਰਜ ਵਿਜੈ ਰੂਪਾਨੀ ਵੱਲੋਂ ਸੁਖਦੇਵ ਸਿੰਘ ਢੀਂਡਸਾ ਨਾਲ ਮੁਲਾਕਾਤ

ਭਾਜਪਾ ਇੰਚਾਰਜ ਵਿਜੈ ਰੂਪਾਨੀ ਵੱਲੋਂ ਸੁਖਦੇਵ ਸਿੰਘ ਢੀਂਡਸਾ ਨਾਲ ਮੁਲਾਕਾਤ

ਪੰਜਾਬ ਨੂੰ ਦਰਪੇਸ਼ ਚੁਣੌਤੀਆਂ ਅਤੇ ਸਿੱਖ ਪੰਥ ਦੇ ਮਸਲਿਆਂ ਬਾਰੇ ਕੀਤੀ ਵਿਚਾਰ ਚਰਚਾ
ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨਾਲ ਅੱਜ ਇੱਥੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਪੰਜਾਬ ਦੇ ਇੰਚਾਰਜ ਵਿਜੈ ਰੂਪਾਨੀ ਨੇ ਮੁਲਾਕਾਤ ਕੀਤੀ ਹੈ। ਵਿਜੈ ਰੂਪਾਨੀ ਦੀ ਇਹ ਮਿਲਣੀ ਜਲੰਧਰ ਜ਼ਿਮਨੀ ਚੋਣ ਦੇ ਮੱਦੇਨਜ਼ਰ ਕਾਫ਼ੀ ਅਹਿਮ ਹੈ ਕਿਉਂਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਜਲੰਧਰ ਜ਼ਿਮਨੀ ਚੋਣ ਵਿਚ ਕੋਈ ਆਪਣਾ ਉਮੀਦਵਾਰ ਖੜ੍ਹਾ ਨਹੀਂ ਕੀਤਾ ਗਿਆ ਹੈ। ਚਰਚੇ ਪਹਿਲਾਂ ਤੋਂ ਹੀ ਸਨ ਕਿ ਢੀਂਡਸਾ ਦੀ ਪਾਰਟੀ ਜਲੰਧਰ ਜ਼ਿਮਨੀ ਚੋਣ ਵਿਚ ਭਾਜਪਾ ਦੇ ਉਮੀਦਵਾਰ ਦੀ ਹਮਾਇਤ ਦਾ ਐਲਾਨ ਕਰ ਸਕਦੀ ਹੈ।

ਜਲੰਧਰ ਜ਼ਿਮਨੀ ਚੋਣ ਵਿਚ ਚੋਣ ਲੜਨ ਵਾਲੇ ਉਮੀਦਵਾਰਾਂ ’ਚੋਂ ਇਕੱਲੀ ਭਾਰਤੀ ਜਨਤਾ ਪਾਰਟੀ ਹੀ ਹੈ ਜਿਸ ਵੱਲੋਂ ਸਿੱਖ ਚਿਹਰਾ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਸਿਆਸੀ ਹਲਕੇ ਆਖਦੇ ਹਨ ਕਿ ਢੀਂਡਸਾ ਦੀ ਪਾਰਟੀ ਸਿੱਖ ਉਮੀਦਵਾਰ ਹੋਣ ਦੇ ਨਾਤੇ ਭਾਜਪਾ ਦੀ ਹਮਾਇਤ ਦਾ ਫ਼ੈਸਲਾ ਲੈ ਸਕਦੀ ਹੈ। ਅਕਾਲੀ ਦਲ (ਸੰਯੁਕਤ) ਦਾ ਤਰਕ ਹੈ ਕਿ ਉਹ ਵਿਧਾਨ ਸਭਾ ਚੋਣਾਂ ਅਤੇ ਸ਼੍ਰੋਮਣੀ ਕਮੇਟੀ ਚੋਣਾਂ ਹੀ ਲੜਨਗੇ ਤੇ ਸੰਸਦੀ ਚੋਣਾਂ ਵਿਚ ਉਨ੍ਹਾਂ ਦੀ ਦਿਲਚਸਪੀ ਨਹੀਂ ਹੈ। ਜਲੰਧਰ ਲੋਕ ਸਭਾ ਹਲਕੇ ਵਿਚ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦਾ ਪ੍ਰਭਾਵ ਹੋ ਸਕਦਾ ਹੈ। ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਜਲੰਧਰ ਜ਼ਿਮਨੀ ਚੋਣ ਵਿਚ ਹਮਾਇਤ ਦਾ ਫ਼ੈਸਲਾ ਲੈਣ ਬਾਰੇ ਸੋਮਵਾਰ ਨੂੰ ਪਾਰਟੀ ਦੀ ਮੀਟਿੰਗ ਮੁਹਾਲੀ ਵਿਖੇ ਸੱਦ ਲਈ ਹੈ। ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਪੁਸ਼ਟੀ ਕੀਤੀ ਹੈ ਕਿ ਭਾਜਪਾ ਇੰਚਾਰਜ ਅਤੇ ਸੁਖਦੇਵ ਸਿੰਘ ਢੀਂਡਸਾ ਦਰਮਿਆਨ ਅੱਜ ਇੱਥੇ ਉਨ੍ਹਾਂ ਦੀ ਰਿਹਾਇਸ਼ ’ਚ ਮੀਟਿੰਗ ਹੋਈ ਹੈ ਜਿਸ ਵਿਚ ਪੰਜਾਬ ਅੱਗੇ ਦਰਪੇਸ਼ ਚੁਣੌਤੀਆਂ ਅਤੇ ਸਿੱਖ ਪੰਥ ਦੇ ਮਸਲਿਆਂ ਬਾਰੇ ਵਿਚਾਰ ਚਰਚਾ ਹੋਈ ਹੈ। ਪਾਰਟੀ ਵੱਲੋਂ ਇਨ੍ਹਾਂ ਮੁਸ਼ਕਲਾਂ ਦੇ ਫ਼ੌਰੀ ਹੱਲ ਲਈ ਆਖਿਆ ਗਿਆ ਹੈ।

ਸਾਬਕਾ ਮੰਤਰੀ ਪਰਮਿੰਦਰ ਢੀਂਡਸਾ ਦਾ ਕਹਿਣਾ ਹੈ ਕਿ ਪੰਜਾਬ ਤੇ ਸਿੱਖ ਭਾਈਚਾਰੇ ਨਾਲ ਸਬੰਧਿਤ ਮਸਲਿਆਂ ਦੇ ਹੱਲ ਵਾਸਤੇ ਜਲਦੀ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸਾਹ ਨੂੰ ਪਾਰਟੀ ਆਗੂ ਮਿਲਣਗੇ ਅਤੇ ਛੇਤੀ ਮੁਲਾਕਾਤ ਕਰਾਏ ਜਾਣ ਦਾ ਭਰੋਸਾ ਵਿਜੈ ਰੂਪਾਨੀ ਨੇ ਦਿੱਤਾ ਹੈ। ਪਾਰਟੀ ਦੇ ਆਗੂਆਂ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਕਿ ਅੱਜ ਦੀ ਮੁਲਾਕਾਤ ਦੌਰਾਨ ਜਲੰਧਰ ਜ਼ਿਮਨੀ ਚੋਣ ਬਾਰੇ ਵੀ ਕੋਈ ਚਰਚਾ ਹੋਈ ਹੈ। ਮੀਟਿੰਗ ਵਿਚ ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ, ਸੀਨੀਅਰ ਆਗੂ ਕੇਵਲ ਸਿੰਘ ਢਿੱਲੋਂ ਅਤੇ ਸੁਭਾਸ਼ ਸ਼ਰਮਾ ਤੋਂ ਇਲਾਵਾ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਵੀ ਹਾਜ਼ਰ ਸਨ।