ਭਾਜਪਾ ’ਤੇ ਲਾਇਆ ਤਾਨਾਸ਼ਾਹੀ ਦਾ ਦੋਸ਼; ਲੋਕਤੰਤਰ ਨੂੰ ਬਚਾਉਣ ਲਈ ਕਾਂਗਰਸ ਵੱਲੋਂ ਸੱਤਿਆਗ੍ਰਹਿ

ਭਾਜਪਾ ’ਤੇ ਲਾਇਆ ਤਾਨਾਸ਼ਾਹੀ ਦਾ ਦੋਸ਼; ਲੋਕਤੰਤਰ ਨੂੰ ਬਚਾਉਣ ਲਈ ਕਾਂਗਰਸ ਵੱਲੋਂ ਸੱਤਿਆਗ੍ਰਹਿ

ਚੰਡੀਗੜ੍ਹ- ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਲੋਕ ਸਭਾ ਮੈਂਬਰ ਰਾਹੁਲ ਗਾਂਧੀ ਨੂੰ ਸੂਰਤ ਦੀ ਅਦਾਲਤ ਵੱਲੋਂ ਸਜ਼ਾ ਸੁਣਾਏ ਜਾਣ ਮਗਰੋਂ ਉਨ੍ਹਾਂ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕੀਤੇ ਜਾਣ ਨੂੰ ਕਾਂਗਰਸ ਵੱਲੋਂ ਲੋਕਤੰਤਰ ਵਿਰੋਧੀ ਕਰਾਰ ਦਿੱਤਾ ਗਿਆ ਹੈ। ਇਸੇ ਫ਼ੈਸਲੇ ਖ਼ਿਲਾਫ਼ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਆਲ ਇੰਡੀਆ ਕਾਂਗਰਸ ਕਮੇਟੀ ਦੇ ਸੱਦੇ ’ਤੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ’ਚ ਸੱਤਿਆਗ੍ਰਹਿ ਕਰਕੇ ਦੇਸ਼ ਵਿੱਚ ਲੋਕਤੰਤਰ ਨੂੰ ਬਚਾਉਣ ਦਾ ਸੱਦਾ ਦਿੱਤਾ ਗਿਆ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਭਾਜਪਾ ਕਾਂਗਰਸ ਪਾਰਟੀ ਦੇ ਕਿਸੇ ਵੀ ਆਗੂ ਅਤੇ ਰਾਹੁਲ ਗਾਂਧੀ ਦੀ ਆਵਾਜ਼ ਨੂੰ ਦਬਾ ਨਹੀਂ ਸਕਦੀ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਭਾਜਪਾ ਤਾਨਾਸ਼ਾਹੀ ਰਵੱਈਏ ਨਾਲ ਸਰਕਾਰ ਚਲਾਉਣ ਦਾ ਕੰਮ ਕਰ ਰਹੀ ਹੈ ਤੇ ਹੁਣ ਸਭ ਤੋਂ ਜ਼ਰੂਰੀ ਲੋਕਤੰਤਰ ਨੂੰ ਬਚਾਉਣਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਵਿਰੋਧੀਆਂ ਦੀ ਆਵਾਜ਼ ਦਬਾਉਣ ਲਈ ਕੇਂਦਰ ਸਰਕਾਰ ਲਗਾਤਾਰ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ। ਇਸੇ ਤਹਿਤ ਪਹਿਲਾਂ ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਖ਼ਿਲਾਫ਼ ਪਹਿਲਾਂ ਝੂਠੇ ਕੇਸ ’ਚ ਸਜ਼ਾ ਸੁਣਾਈ ਗਈ ਤੇ ਮਗਰੋਂ ਲੋਕ ਸਭਾ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ। ਸ੍ਰੀ ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਪਿਛਲੇ 70 ਸਾਲਾਂ ਵਿੱਚ ਦੇਸ਼ ਦੇ ਵਿਕਾਸ ਲਈ ਵੱਡੀ ਗਿਣਤੀ ਕੰਮ ਕੀਤੇ ਹਨ, ਪਰ ਕਾਂਗਰਸ ਪਾਰਟੀ ਵੱਲੋਂ ਕੀਤੇ ਗਏ ਕੰਮਾਂ ਦਾ ਸਿਹਰਾ ਭਾਜਪਾ ਆਪਣੇ ਸਿਰ ਬੰਨ੍ਹ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਵਿੱਚ ਬੇਰੁਜ਼ਗਾਰੀ ਤੇ ਮਹਿੰਗਾਈ ਲਗਾਤਾਰ ਵਧ ਰਹੀ ਹੈ। ਇਸ ਮੌਕੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸੁਖ ਸਰਕਾਰੀਆ, ਬ੍ਰਹਮ ਮਹਿੰਦਰਾ, ਓਪੀ ਸੋਨੀ, ਯੂਥ ਕਾਂਗਰਸ ਦਾ ਪ੍ਰਧਾਨ ਬਰਿੰਦਰ ਢਿੱਲੋਂ, ਐੱਨਐੱਸਯੂਆਈ ਦਾ ਪ੍ਰਧਾਨ ਇਸ਼ਰਪ੍ਰੀਤ ਸਿੱਧੂ, ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇਪੀ ਤੇ ਸੀਨੀਅਰ ਕਾਂਗਰਸੀ ਆਗੂ ਦੀਪਇੰਦਰ ਢਿੱਲੋਂ ਸਣੇ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਹਾਜ਼ਰ ਰਹੇ।