ਮਨੀਪੁਰ ਹਿੰਸਾ ਖ਼ਿਲਾਫ਼ ਪੰਜਾਬ ਯੂਨੀਵਰਸਿਟੀ ਵਿੱਚ ਰੋਸ ਮਾਰਚ

ਮਨੀਪੁਰ ਹਿੰਸਾ ਖ਼ਿਲਾਫ਼ ਪੰਜਾਬ ਯੂਨੀਵਰਸਿਟੀ ਵਿੱਚ ਰੋਸ ਮਾਰਚ

ਕੇਂਦਰ ਸਰਕਾਰ ਖ਼ਿਲਾਫ਼ ਸੇਧੇ ਨਿਸ਼ਾਨੇ; ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ
ਚੰਡੀਗੜ੍ਹ- ਮਨੀਪੁਰ ਜਿਣਸੀ ਹਿੰਸਾ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਿਦਿਆਰਥੀ ਵਿੰਗ ਸੀਵਾਈਐੱਸਐੱਸ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਅੱਜ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਪੈਦਲ ਰੋਸ ਮਾਰਚ ਕੀਤਾ ਗਿਆ, ਜੋ ਕਿ ਪ੍ਰਬੰਧਕੀ ਬਲਾਕ ਤੋਂ ਸ਼ੁਰੂ ਹੋ ਕੇ ਸਟੂਡੈਂਟਸ ਸੈਂਟਰ ਜਾ ਕੇ ਖ਼ਤਮ ਹੋਇਆ।

ਇਸ ਮੌਕੇ ਜਥੇਬੰਦੀ ਦੇ ਆਗੂਆਂ ਵਿੱਚ ਸੰਜੀਵ, ਨਵਲਦੀਪ, ਮਨਜੋਤ ਪੱਡਾ ਆਦਿ ਨੇ ਕਿਹਾ ਕਿ ਮਨੀਪੁਰ ਵਿੱਚ ਪਿਛਲੇ ਲਗਪਗ 70 ਦਿਨਾਂ ਤੋਂ ਉਕਤ ਜਿਣਸੀ ਹਿੰਸਾ ਦੀ ਘਟਨਾ ਸਬੰਧੀ ਵੀਡੀਓ ਵਾਇਰਲ ਹੁੰਦੀਆਂ ਰਹੀਆਂ ਸਨ ਪ੍ਰੰਤੂ ਭਾਜਪਾ ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤੀ ਜਦਕਿ ਉਥੇ ਸਾੜਫੂਕ ਵਰਗੀਆਂ ਘਟਨਾਵਾਂ ਲਗਾਤਾਰ ਚਲਦੀਆਂ ਰਹੀਆਂ। ਉਨ੍ਹਾਂ ਕਿਹਾ ਕਿ ਚਾਹੀਦਾ ਤਾਂ ਇਹ ਸੀ ਕਿ ਮਨੀਪੁਰ ਵਿੱਚ ਰਾਸ਼ਟਰਪਤੀ ਰਾਜ ਲਾਗੂ ਕਰਕੇ ਹਿੰਸਕ ਘਟਨਾਵਾਂ ਖ਼ਤਮ ਕਰਵਾਈਆਂ ਜਾਂਦੀਆਂ ਪ੍ਰੰਤੂ ਮੋਦੀ ਸਰਕਾਰ ਨੇ ਚੁੱਪੀ ਵੱਟ ਕੇ ਰੱਖੀ। ਉਨ੍ਹਾਂ ਇਹ ਵੀ ਸਵਾਲ ਕੀਤੀ ਕਿ ਮਨੀਪੁਰ ਵਿੱਚ ਰਾਸ਼ਟਰਪਤੀ ਰਾਜ ਲਾਗੂ ਕਿਉਂ ਨਹੀਂ ਕੀਤਾ ਗਿਆ। ਅਜਿਹੀਆਂ ਹਰਕਤਾਂ ਕਰਕੇ ਮੋਦੀ ਸਰਕਾਰ ਦਾ ਇਸਤਰੀ ਜਾਤੀ ਪ੍ਰਤੀ ਕਰੂਪ ਚਿਹਰਾ ਨੰਗਾ ਹੋ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਮਨੀਪੁਰ ਜਿਣਸੀ ਹਿੰਸਾ ਨੂੰ ਲੈ ਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੁਰੰਤ ਅਸਤੀਫ਼ਾ ਦੇਵੇ ਅਤੇ ਹਿੰਸਾ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਦੀ ਪਹਿਚਾਣ ਕਰਕੇ ਫਾਂਸੀ ਉਤੇ ਟੰਗਿਆ ਜਾਵੇ। ਪ੍ਰਦਰਸ਼ਨਕਾਰੀਆਂ ਨੇ ਭਾਜਪਾ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ।