ਮਮਤਾ ਸਰਕਾਰ ਨੇ ਕੇਂਦਰੀ ਫੰਡਾਂ ਦੀ ਦੁਰਵਰਤੋਂ ਕੀਤੀ: ਨੱਢਾ

ਮਮਤਾ ਸਰਕਾਰ ਨੇ ਕੇਂਦਰੀ ਫੰਡਾਂ ਦੀ ਦੁਰਵਰਤੋਂ ਕੀਤੀ: ਨੱਢਾ

ਕੇਂਦਰ ਸਰਕਾਰ ਵੱਲੋਂ ਫੰਡ ਜਾਰੀ ਨਾ ਕਰਨ ਦੇ ਦੋਸ਼ਾਂ ਨੂੰ ਨਕਾਰਿਆ
ਬੇਥੂਆਦਹਾਰੀ (ਪੱਛਮੀ ਬੰਗਾਲ) – ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੇ ਪੱਛਮੀ ਬੰਗਾਲ ਦੀ ਸੱਤਾਧਾਰੀ ਪਾਰਟੀ ਤ੍ਰਿਣਮੂਲ ਕਾਂਗਰਸ ’ਤੇ ਵੀਰਵਾਰ ਨੂੰ ਦੋਸ਼ ਲਾਇਆ ਕਿ ਇਸ ਸਰਕਾਰ ਵੱਲੋਂ ਮਗਨਰੇਗਾ ਅਤੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਫੰਡਾਂ ਨੂੰ ਸਬੰਧਤ ਕੰਮਾਂ ਲਈ ਨਹੀਂ ਵਰਤਿਆ ਜਾ ਰਿਹਾ। ਉਨ੍ਹਾਂ ਨੇ ਪੱਛਮੀ ਬੰਗਾਲ ਨੂੰ ਕੇਂਦਰ ਸਰਕਾਰ ਵੱਲੋਂ ਫੰਡ ਜਾਰੀ ਨਾ ਕਰਨ ਦੇ ਦੋਸ਼ਾਂ ਨੂੰ ਵੀ ਨਕਾਰ ਦਿੱਤਾ।

ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਸ੍ਰੀ ਨੱਢਾ ਦਾ ਪਾਰਟੀ ਪ੍ਰਧਾਨ ਵਜੋਂ ਕਾਰਜਕਾਲ ਵਧਾਇਆ ਗਿਆ ਹੈ ਅਤੇ ਇਸ ਕਾਰਜਕਾਲ ਵਿੱਚ ਵਾਧੇ ਮਗਰੋਂ ਉਨ੍ਹਾਂ ਦਾ ਪੱਛਮੀ ਬੰਗਾਲ ਵਿੱਚ ਇਹ ਪਹਿਲਾ ਦੌਰਾ ਹੈ। ਉਨ੍ਹਾਂ ਨੇ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਸਲਾਹ ਦਿੱਤੀ ਕਿ ਉਹ ਸੰਵਿਧਾਨ ਦੀਆਂ ਮੱਦਾਂ ਤਹਿਤ ਕੰਮ ਕਰਨ ਨਹੀਂ ਤਾਂ ਉਨ੍ਹਾਂ ਨੂੰ ਲੋਕਾਂ ਦੇ ਰੋਹ ਦਾ ਸਾਹਮਣਾ ਕਰਨਾ ਪਏਗਾ। ਕੋਲਕਾਤਾ ਹਾਈ ਕੋਰਟ ਦੇ ਵਕੀਲਾਂ ਵੱਲੋਂ ਕੁਝ ਅਦਾਲਤੀ ਫੈਸਲਿਆਂ ਬਾਰੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਬਾਰੇ ਸ੍ਰੀ ਨੱਢਾ ਨੇ ਕਿਹਾ ਕਿ ਇਹ ਸ਼ਰਮਨਾਕ ਗੱਲ ਹੈ ਕਿ ਤ੍ਰਿਣਾਮੂਲ ਕਾਂਗਰਸ ਵੱਲੋਂ ਨਿਆਂ ਪ੍ਰਣਾਲੀ ਖ਼ਿਲਾਫ਼ ਮੁਜ਼ਾਹਰੇ ਕੀਤੇ ਜਾ ਰਹੇ ਹਨ ਕਿਉਂਕਿ ਕੁਝ ਫੈਸਲੇ ਇਸ ਪਾਰਟੀ ਦੇ ਹੱਕ ਵਿੱਚ ਨਹੀਂ ਹੋਏ ਹਨ।