ਮਹਾਰਾਸ਼ਟਰ ’ਚ ਭੀੜ ਵਲੋਂ 3 ਸਿੱਖ ਬੱਚਿਆਂ ਦੀ ਬੁਰੀ ਤਰ੍ਹਾਂ ਕੁੱਟਮਾਰ-1 ਦੀ ਮੌਤ

ਮਹਾਰਾਸ਼ਟਰ ’ਚ ਭੀੜ ਵਲੋਂ 3 ਸਿੱਖ ਬੱਚਿਆਂ ਦੀ ਬੁਰੀ ਤਰ੍ਹਾਂ ਕੁੱਟਮਾਰ-1 ਦੀ ਮੌਤ

ਮੁੰਬਈ : ਮਹਾਰਾਸ਼ਟਰ ਦੇ ਪਰਭਣੀ ਜ਼ਿਲ੍ਹੇ ਦੇ ਉਖਲਦ ਪਿੰਡ ਵਿਚ ਭੀੜ ਵਲੋਂ 3 ਸਿੱਖ ਨੌਜਵਾਨਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ, ਜਿਸ ਕਾਰਨ ਇਨ੍ਹਾਂ ’ਚ ਇਕ 14 ਸਾਲ ਦੇ ਸਿੱਖ ਬੱਚੇ ਦੀ ਮੌਤ ਹੋ ਗਈ ਹੈ, ਜਦਕਿ 2 ਹੋਰ ਸਿੱਖ ਬੱਚੇ ਗੰਭੀਰ ਜ਼ਖ਼ਮੀ ਹੋ ਗਏ ਹਨ। ਜਿਨ੍ਹਾਂ ਨੂੰ ਪੁਲਿਸ ਨੇ ਭੀੜ ਤੋਂ ਬਚਾ ਕੇ ਹਸਪਤਾਲ ਦਾਖ਼ਲ ਕਰਵਾਇਆ ਹੈ। ਇਸ ਮਾਮਲੇ ’ਚ ਪੁਲਿਸ ਨੇ ਕੁੱਲ 9 ਵਿਅਕਤੀਆਂ ’ਤੇ ਕੇਸ ਦਰਜ ਕੀਤਾ ਹੈ ਅਤੇ ਜਿਨ੍ਹਾਂ ’ਚੋਂ 4 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਖਲਦ ਪਿੰਡ ਵਿਖੇ ਭੀੜ ਨੇ ਸਿੱਖ ਬੱਚਿਆਂ ਨੂੰ ਬੱਕਰੀ ਚੋਰ ਸਮਝ ਕੇ ਬੁਰੀ ਤਰ੍ਹਾਂ ਨਾਲ ਕੁੱਟਣਾ ਸ਼ੁਰੂ ਕਰ ਦਿੱਤਾ। ਸੂਚਨਾ ਮਿਲਣ ’ਤੇ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਉਨ੍ਹਾਂ ਨੇ 3 ਸਿੱਖ ਬੱਚਿਆਂ ਨੂੰ ਭੀੜ ਤੋਂ ਛੁਡਵਾਇਆ। ਇਨ੍ਹਾਂ ਤਿੰਨ ਸਿੱਖ ਬੱਚਿਆਂ ਦੀ ਪਛਾਣ ਕ੍ਰਿਪਾਨ ਸਿੰਘ ਭੋਂਦ, ਗੋਰਾ ਸਿੰਘ ਟਾਕ ਅਤੇ ਅਰੁਣ ਸਿੰਘ ਟਾਕ ਵਜੋਂ ਹੋਈ ਹੈ। ਬੁਰੀ ਤਰ੍ਹਾਂ ਕੁੱਟਮਾਰ ਕਰਨ ਕਾਰਨ ਕ੍ਰਿਪਾਨ ਸਿੰਘ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਤਿੰਨੋਂ ਸਿੱਖ ਬੱਚੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਹੇ ਸਨ ਕਿ ਭੀੜ ਨੇ ਬੱਕਰੀ ਚੋਰ ਸਮਝ ਕੇ 3 ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ।
ਸੁਖਬੀਰ ਅਤੇ ਧਾਮੀ ਵਲੋਂ ਨਿੰਦਾ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਮਹਾਰਾਸ਼ਟਰ ਵਿਖੇ ਇਕ ਸਿੱਖ ਬੱਚੇ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਨ ਨਾਲ ਮੌਤ ਹੋਣ ਅਤੇ 2 ਹੋਰ ਸਿੱਖ ਬੱਚਿਆਂ ਦੇ ਗੰਭੀਰ ਜ਼ਖ਼ਮੀ ਹੋਣ ਦੀ ਘਟਨਾ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕੀਤੀ ਹੈ। ਸੁਖਬੀਰ ਨੇ ਪਾਰਟੀ ਦੀ ਮਹਾਰਾਸ਼ਟਰ ਇਕਾਈ ਨੂੰ ਹਿਦਾਇਤ ਕੀਤੀ ਹੈ ਕਿ ਉਹ ਪੀੜਤ ਸਿੱਖ ਪਰਿਵਾਰਾਂ ਨੂੰ ਲੋੜੀਂਦੀ ਹਰ ਸਹਾਇਤਾ ਪ੍ਰਦਾਨ ਕਰੇ ਅਤੇ ਉਨ੍ਹਾਂ ਦੀ ਡਟਵੀਂ ਹਮਾਇਤ ਕਰਦਿਆਂ ਉਨ੍ਹਾਂ ਨਾਲ ਇਕਜੁੱਟਤਾ ਪ੍ਰਗਟ ਕਰੇ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਕਤ ਘਟਨਾ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਸਿੱਖ ਮਾਨਸਿਕਤਾ ਨੂੰ ਗਹਿਰੀ ਸੱਟ ਮਾਰੀ ਹੈ ਅਤੇ ਪੂਰੇ ਸਿੱਖ ਜਗਤ ਅੰਦਰ ਰੋਸ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਇਹ ਘਿਨੌਣਾ ਅਪਰਾਧ ਮਨੁੱਖਤਾ ਦੇ ਨਾਂਅ ’ਤੇ ਧੱਬਾ ਹੈ।