ਮਹਿਲਾ ਪਹਿਲਵਾਨਾਂ ਨਾਲ ਧੱਕੇਸ਼ਾਹੀ ਦਾ ਅਕਾਲ ਤਖਤ ਤੇ ਸ਼੍ਰੋਮਣੀ ਕਮੇਟੀ ਵਲੋਂ ਨੋਟਿਸ

ਮਹਿਲਾ ਪਹਿਲਵਾਨਾਂ ਨਾਲ ਧੱਕੇਸ਼ਾਹੀ ਦਾ ਅਕਾਲ ਤਖਤ ਤੇ ਸ਼੍ਰੋਮਣੀ ਕਮੇਟੀ ਵਲੋਂ ਨੋਟਿਸ

ਅੰਮ੍ਰਿਤਸਰ- ਦਿੱਲੀ ਦੇ ਜੰਤਰ ਮੰਤਰ ’ਤੇ ਇਨਸਾਫ ਲਈ ਧਰਨੇ ’ਤੇ ਬੈਠੀਆਂ ਓਲੰਪੀਅਨ ਮਹਿਲਾ ਪਹਿਲਵਾਨਾਂ ਨਾਲ ਸਰਕਾਰ ਵੱਲੋਂ ਕੀਤੀ ਗਈ ਧੱਕੇਸ਼ਾਹੀ ਦੀ ਸ੍ਰੀ ਅਕਾਲ ਤਖਤ ਦੇ ਜਥੇਦਾਰ ਅਤੇ ਸ਼੍ਰੋਮਣੀ ਕਮੇਟੀ ਨੇ ਸਖ਼ਤ ਨਿੰਦਾ ਕੀਤੀ ਹੈ। ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਸੋਸ਼ਲ ਮੀਡੀਆ ਖਾਤੇ ਵਿਚ ਇਸ ਧੱਕੇਸ਼ਾਹੀ ਖ਼ਿਲਾਫ ਰੋਸ ਦਰਜ ਕਰਦਿਆਂ ਕਿਹਾ ਕਿ ਨਵੇਂ ਸੰਸਦ ਭਵਨ ਦੇ ਉਦਘਾਟਨ ਮੌਕੇ ਭਾਰਤ ਵਾਸਤੇ ਸੋਨ ਤਗਮੇ ਜਿੱਤਣ ਵਾਲੀਆਂ ਕੁੜੀਆਂ ਨੂੰ ਡਾਂਗਾਂ ਨਾਲ ਕੁੱਟਣਾ ਤੇ ਬੇਵੱਸ ਕੁੜੀਆਂ ਦੀਆਂ ਹੂਕਾਂ ਨਵੀਂ ਸੰਸਦ ਦੇ ਇਤਿਹਾਸ ਦਾ ਪਹਿਲਾ ਕਾਲਾ ਵਰਕਾ ਹੈ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਆਖਿਆ ਕਿ ਸਰਕਾਰੀ ਤੰਤਰ ਵੱਲੋਂ ਮਨੁੱਖੀ ਹੱਕਾਂ ਲਈ ਆਵਾਜ਼ ਉਠਾਉਣ ਵਾਲਿਆਂ ਨਾਲ ਜ਼ਬਰਦਸਤੀ ਕਰਨਾ ਲੋਕਤੰਤਰ ’ਤੇ ਦਾਗ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਦੇਸ਼ ਲਈ ਨਵੀਂ ਬਣੀ ਸੰਸਦ ਦਾ ਉਦਘਾਟਨ ਹੋ ਰਿਹਾ ਸੀ ਤੇ ਦੂਜੇ ਪਾਸੇ ਦੇਸ਼ ਦਾ ਨਾਮ ਰੋਸ਼ਨ ਕਰਨ ਵਾਲੀਆਂ ਮਹਿਲਾ ਪਹਿਲਵਾਨਾਂ ’ਤੇ ਤਸ਼ੱਦਦ ਕੀਤਾ ਜਾ ਰਿਹਾ ਸੀ ਜਿਸ ਨਾਲ ਪੂਰੇ ਦੇਸ਼ ਸ਼ਰਮਸ਼ਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਆਪਣੇ ਹੱਕਾਂ ਲਈ ਲੜਾਈ ਲੜ ਰਹੀਆਂ ਇਨ੍ਹਾਂ ਮਹਿਲਾ ਪਹਿਲਵਾਨਾਂ ਨਾਲ ਡੱਟ ਕੇ ਖੜ੍ਹੀ ਹੈ ਅਤੇ ਇਨ੍ਹਾਂ ਨੂੰ ਪੂਰਨ ਸਹਿਯੋਗ ਦਿੱਤਾ ਜਾਵੇਗਾ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਮੈਂਬਰ ਬੀਬੀ ਗੁਰਿੰਦਰ ਕੌਰ ਭੋਲੂਵਾਲ ਨੇ ਕਿਹਾ ਕਿ ਅਫ਼ਸੋਸ ਦੀ ਗੱਲ ਹੈ ਕਿ ਜਿਨ੍ਹਾਂ ਬੱਚੀਆਂ ਨੇ ਖੇਡਾਂ ਵਿਚ ਮੈਡਲ ਜਿੱਤ ਕੇ ਦੇਸ਼ ਦਾ ਨਾਮ ਰੋਸ਼ਨ ਕੀਤਾ ਅੱਜ ਉਨ੍ਹਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ। ਸਰਕਾਰ ਵੱਲੋਂ ਇਨ੍ਹਾਂ ਬੱਚੀਆਂ ਦੀ ਗੱਲ ਸੁਣਨ ਦੀ ਥਾਂ ਉਨ੍ਹਾਂ ਨੂੰ ਸੜਕਾਂ ’ਤੇ ਰੋਲਿਆ ਜਾ ਰਿਹਾ ਹੈ।