ਮਾਨ ਨੇ ਪੰਜਾਬ ਪੁਲੀਸ ਦੀ ਕਾਰਗੁਜ਼ਾਰੀ ਨੂੰ ਸਰਾਹਿਆ

ਮਾਨ ਨੇ ਪੰਜਾਬ ਪੁਲੀਸ ਦੀ ਕਾਰਗੁਜ਼ਾਰੀ ਨੂੰ ਸਰਾਹਿਆ

ਅਮਨ-ਸ਼ਾਂਤੀ ਕਾਇਮ ਰੱਖਣ ਲਈ ਸੂਬਾ ਵਾਸੀਆਂ ਦਾ ਧੰਨਵਾਦ ਕੀਤਾ
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਬਾਰੇ ਪੰਜਾਬ ਪੁਲੀਸ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ ਹੈ ਅਤੇ ਸੂਬੇ ਵਿੱਚ ਅਮਨ ਕਾਇਮ ਰੱਖਣ ਲਈ ਪੰਜਾਬ ਵਾਸੀਆਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਗੁੰਮਰਾਹ ਕਰਨ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅੱਜ ਇਥੇ ਮੀਡੀਆ ਨੂੰ ਸੰਬੋਧਨ ਕਰਦਿਆਂ ਸ੍ਰੀ ਮਾਨ ਨੇ ਕਿਹਾ ਕਿ ‘ਆਪ’ ਸਰਕਾਰ ਪੰਜਾਬ ਵਿੱਚ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੂੰ ਅੱਜ ਗ੍ਰਿਫ਼ਤਾਰ ਕੀਤੇ ਜਾਣ ਬਾਰੇ ਉਨ੍ਹਾਂ ਨੂੰ ਬੀਤੀ ਰਾਤ ਹੀ ਸੂਚਿਤ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਵੇਲੇ ਗੋਲੀਬਾਰੀ ਵੀ ਹੋ ਸਕਦੀ ਸੀ ਪਰ ਸਰਕਾਰ ਅਜਿਹਾ ਨਹੀਂ ਚਾਹੁੰਦੀ ਸੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਅਮਨ ਸ਼ਾਂਤੀ ਕਾਇਮ ਰੱਖਣ ਦੀ ਇੱਛੁਕ ਹੈ।