ਮਾਲਬਰੋਜ ਵਿਵਾਦ: ਪੁਲਿਸ ਤੇ ਧਰਨਾਕਾਰੀਆਂ ਵਿਚਾਲੇ ਝੜਪ

ਮਾਲਬਰੋਜ ਵਿਵਾਦ: ਪੁਲਿਸ ਤੇ ਧਰਨਾਕਾਰੀਆਂ ਵਿਚਾਲੇ ਝੜਪ

ਕਈ ਕਿਸਾਨ ਤੇ ਪੁਲਿਸ ਮੁਲਾਜ਼ਮ ਜ਼ਖ਼ਮੀ, ਪੁਲਿਸ ਵੱਲੋਂ ਲਾਠੀਚਾਰਜ; ਬੈਰੀਕੇਡ ਤੋੜ ਕੇ ਧਰਨਾ ਸਥਾਨ ’ਤੇ ਪੁੱਜੇ ਕਿਸਾਨ
ਫ਼ਿਰੋਜ਼ਪੁਰ/ਜੀਰਾ : ਕੜਾਕੇ ਦੀ ਠੰਢ ਦੇ ਬਾਵਜੂਦ ਜ਼ੀਰਾ ਦੇ ਪਿੰਡ ਮਨਸੂਰਵਾਲ ਕਲਾਂ ’ਚ ਸਥਿਤ ਮਾਲਬਰੋਜ਼ ਸ਼ਰਾਬ ਫ਼ੈਕਟਰੀ ਦੇ ਬਾਹਰ ਲੱਗੇ ਧਰਨੇ ’ਚ ਅੱਜ ਵੱਡੀ ਗਿਣਤੀ ’ਚ ਕਿਸਾਨ ਪੁੱਜੇ। ਕਿਸਾਨ, ਪੁਲੀਸ ਵੱਲੋਂ ਲਾਈਆਂ ਰੋਕਾਂ ਤੋੜ ਕੇ ਧਰਨੇ ਵਿੱਚ ਸ਼ਾਮਲ ਹੋਏ। ਇਸ ਦੌਰਾਨ ਪੁਲੀਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ ਹੋਈ। ਸਥਿਤੀ ਕਾਬੂ ਹੇਠ ਕਰਨ ਲਈ ਪੁਲੀਸ ਨੂੰ ਹਲਕਾ ਲਾਠੀਚਾਰਜ ਵੀ ਕਰਨਾ ਪਿਆ। ਖਿੱਚ-ਧੂਹ ਵਿੱਚ ਕੁਝ ਕਿਸਾਨ ਅਤੇ ਪੁਲੀਸ ਮੁਲਾਜ਼ਮ ਜਖਮੀ ਹੋਏ ਹਨ। ਪੁਲੀਸ ਨੇ ਕਈ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਕੇਸ ਦਰਜ ਕੀਤੇ ਹਨ ਤੇ ਕਈਆਂ ਨੂੰ ਗਿ੍ਰਫਤਾਰ ਕੀਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦਾ ਇੱਕ ਵੱਡਾ ਜੱਥਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਹੇਠ ਸਰਾਬ ਫੈਕਟਰੀ ਦੇ ਸਾਹਮਣੇ ਲੱਗੇ ਧਰਨੇ ਵਿੱਚ ਸਾਮਲ ਹੋਣ ਲਈ ਪੁੱਜਾ। ਪੁਲੀਸ ਨੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਹ ਧਰਨੇ ਵਿੱਚ ਸ਼ਾਮਲ ਹੋਣ ਦੀ ਜ਼ਿੱਦ ’ਤੇ ਅੜੇ ਰਹੇ। ਇਸ ਦੌਰਾਨ ਸ਼ੁਰੂ ਹੋਈ ਬਹਿਸ ਮਗਰੋਂ ਖਿੱਚ-ਧੂਹ ਵਿੱਚ ਬਦਲ ਗਈ। ਪੁਲੀਸ ਨੇ ਕਿਸਾਨਾਂ ਨੂੰ ਰੋਕਣ ਲਈ ਲਾਠੀਚਾਰਜ ਕੀਤਾ ਜਿਸ ਤੋਂ ਸਥਿਤੀ ਹੋਰ ਵਿਗੜ ਗਈ। ਧਰਨਾਕਾਰੀਆਂ ਨੇ ਵੀ ਅੱਗੋਂ ਲਾਠੀਚਾਰਜ ਦਾ ਜਵਾਬ ਲਾਠੀਆਂ ਨਾਲ ਦਿੱਤਾ। ਹੁਣ ਤੱਕ 32 ਕਿਸਾਨ ਜਥੇਬੰਦੀਆਂ ਦੇ ਆਗੂ ਅਤੇ ਉਨ੍ਹਾਂ ਦੇ ਸਮਰਥਕ ਵੱਡੀ ਗਿਣਤੀ ਵਿਚ ਇਸ ਧਰਨੇ ਦੇ ਬਾਹਰ ਪਹੁੰਚ ਚੁੱਕੇ ਹਨ। ਧਰਨਾਕਾਰੀ ਸ਼ਰਾਬ ਫ਼ੈਕਟਰੀ ਨੂੰ ਬੰਦ ਕਰਵਾਉਣ ਦੀ ਮੰਗ ’ਤੇ ਅੜੇ ਹੋਏ ਹਨ। ਇਨ੍ਹਾਂ ਵਿਚ ਵੱਡੀ ਗਿਣਤੀ ਔਰਤਾਂ ਵੀ ਸ਼ਾਮਲ ਹਨ। ਇਸ ਤੋਂ ਪਹਿਲਾਂ ਉਗਰਾਹਾਂ ਧੜੇ ਦੇ ਮੈਂਬਰ ਪੁਲੀਸ ਬੈਰੀਕੇਡ ਹਟਾ ਕੇ ਧਰਨੇ ਵਿੱਚ ਸ਼ਾਮਲ ਹੋਏ ਸਨ ਅਤੇ ਹੋਰਨਾਂ ਕਿਸਾਨ ਜਥੇਬੰਦੀਆਂ ਦੇ ਕਾਰਕੁਨਾਂ ਨੇ ਪੁਲੀਸ ਬੈਰੀਕੇਡ ਤੋੜ ਕੇ ਧਰਨੇ ਵਿਚ ਆਪਣੀ ਸ਼ਮੂਲੀਅਤ ਦਰਜ ਕਰਵਾਈ। ਇਥੇ ਹੁਣ ਦਿੱਲੀ ਕਿਸਾਨ ਅੰਦੋਲਨ ਵਾਲੇ ਹਾਲਾਤ ਬਣਦੇ ਜਾ ਰਹੇ ਹਨ। ਪ੍ਰਦਰਸ਼ਨਕਾਰੀਆਂ ਨੇ ਸਪਸ਼ਟ ਕੀਤਾ ਹੈ ਕਿ ਜਦੋਂ ਤੱਕ ਇਹ ਫ਼ੈਕਟਰੀ ਬੰਦ ਨਹੀਂ ਕੀਤੀ ਜਾਂਦੀ ਉਦੋਂ ਤੱਕ ਉਨ੍ਹਾਂ ਦਾ ਰੋਸ ਪ੍ਰਦਰਸ਼ਨ ਜਾਰੀ ਰਹੇਗਾ। ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਵੀ ਪ੍ਰਦਰਸ਼ਨਕਾਰੀਆਂ ਨੂੰ ਮਨਾਉਣ ਦੇ ਯਤਨ ਕੀਤੇ ਜਾ ਰਹੇ ਹਨ। ਫ਼ਿਰੋਜ਼ਪੁਰ ਰੇਂਜ ਦੇ ਆਈਜੀ ਜਸਕਰਨ ਸਿੰਘ ਨੇ ਅੱਜ ਸਾਂਝਾ ਮੋਰਚਾ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਨਿਰਧਾਰਤ ਕੀਤੀਆਂ ਗਈਆਂ ਪੰਜ ਜਾਂਚ ਕਮੇਟੀਆਂ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ, ਪਰ ਆਗੂ ਇਸ ਗੱਲ ਲਈ ਰਾਜ਼ੀ ਨਹੀਂ ਹੋਏ। ਉਹ ਫ਼ੈਕਟਰੀ ਮਾਲਕ ਦੀਪ ਮਲਹੋਤਰਾ ਖਿਲਾਫ ਕੇਸ ਦਰਜ ਕਰਨ ਦੀ ਮੰਗ ਕਰ ਰਹੇ ਹਨ।