ਮਿਲਟਰੀ ਲਿਟਰੇਚਰ ਫੈਸਟੀਵਲ ਦਾ ਘੇਰਾ ਵਧਾਉਣ ਦਾ ਐਲਾਨ

ਮਿਲਟਰੀ ਲਿਟਰੇਚਰ ਫੈਸਟੀਵਲ ਦਾ ਘੇਰਾ ਵਧਾਉਣ ਦਾ ਐਲਾਨ

ਮੁੱਖ ਮੰਤਰੀ ਨੇ ਸਮਾਪਤੀ ਸਮਾਗਮ ’ਚ ਕੀਤੀ ਸ਼ਿਰਕਤ; ਨੌਜਵਾਨਾਂ ’ਚ ਰਾਸ਼ਟਰਵਾਦ ਤੇ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਨੂੰ ਸਮੇਂ ਦੀ ਲੋੜ ਦੱਸਿਆ
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਿਲਟਰੀ ਲਿਟਰੇਚਰ ਫੈਸਟੀਵਲ (ਐੱਮਐੱਲਐੱਫ) ਦਾ ਦਾਇਰਾ ਜ਼ਿਲ੍ਹਾ ਅਤੇ ਯੂਨੀਵਰਸਿਟੀ ਪੱਧਰ ਤੱਕ ਵਧਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਸੂਬਾ ਸਰਕਾਰ ਨੌਜਵਾਨਾਂ ਨੂੰ ਹਥਿਆਰਬੰਦ ਫ਼ੌਜਾਂ ਦੀ ਅਮੀਰ ਵਿਰਾਸਤ ਤੋਂ ਜਾਣੂੰ ਕਰਵਾਉਣ ਅਤੇ ਉਨ੍ਹਾਂ ਵਿੱਚ ਫੌਜ ’ਚ ਭਰਤੀ ਹੋਣ ਦੀ ਭਾਵਨਾ ਪੈਦਾ ਕਰਨ ਲਈ ਜ਼ਿਲ੍ਹਾ ਅਤੇ ਯੂਨੀਵਰਸਿਟੀ ਪੱਧਰ ’ਤੇ ਇਹ ਮੇਲਾ ਕਰਵਾਏਗੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਵਿੱਚ ਰਾਸ਼ਟਰਵਾਦ ਅਤੇ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨਾ ਸਮੇਂ ਦੀ ਲੋੜ ਹੈ, ਜਿਸ ਨਾਲ ਉਨ੍ਹਾਂ ਨੂੰ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਹੋਣ ਲਈ ਪ੍ਰੇਰਿਤ ਕੀਤਾ ਜਾ ਸਕੇ। ਸ੍ਰੀ ਮਾਨ ਮਿਲਟਰੀ ਲਿਟਰੇਚਰ ਫੈਸਟੀਵਲ ਐਸੋਸੀਏਸ਼ਨ ਵੱਲੋਂ ਪੰਜਾਬ ਸਰਕਾਰ, ਪੱਛਮੀ ਕਮਾਂਡ ਅਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਸਹਿਯੋਗ ਨਾਲ ਸੁਖਨਾ ਝੀਲ ’ਤੇ ਕਰਵਾਏ ਗਏ ਮਿਲਟਰੀ ਲਿਟਰੇਚਰ ਫੈਸਟੀਵਲ ਦੇ ਸਮਾਪਤੀ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਵਿੱਚ ਲੋਕਤੰਤਰ ਸਫ਼ਲਤਾਪੂਰਵਕ ਪ੍ਰਫੁੱਲਤ ਹੋਇਆ ਹੈ ਕਿਉਂਕਿ ਹਥਿਆਰਬੰਦ ਬਲਾਂ ਨੇ ਇਸ ਦੀ ਰਾਖੀ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਹਥਿਆਰਬੰਦ ਸੈਨਾਵਾਂ ਨੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਦੇ ਨਾਲ-ਨਾਲ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਵੀ ਬਰਕਰਾਰ ਰੱਖਿਆ ਹੈ। ਇਸ ਕਾਰਨ ਹੀ ਭਾਰਤ ਅੱਜ ਦੁਨੀਆ ਭਰ ਵਿੱਚ ਸਭ ਤੋਂ ਸਫ਼ਲ ਲੋਕਤੰਤਰ ਵਜੋਂ ਉਭਰਿਆ ਹੈ। ਸ੍ਰੀ ਮਾਨ ਨੇ ਕਿਹਾ ਕਿ ਪਾਕਿਸਤਾਨ ਵੀ ਭਾਰਤ ਦੇ ਨਾਲ ਹੀ ਆਜ਼ਾਦ ਹੋਇਆ ਸੀ, ਪਰ ਉਥੇ ਲੋਕਤੰਤਰ ਕਦੇ ਵੀ ਕਾਇਮ ਨਹੀਂ ਰਿਹਾ। ਉਸ ਦਾ ਕਾਰਨ ਹੈ ਕਿ ਫ਼ੌਜ ਨੇ ਗੁਆਂਢੀ ਮੁਲਕ ਵਿੱਚ ਕਈ ਵਾਰ ਚੁਣੀਆਂ ਹੋਈਆਂ ਸਰਕਾਰਾਂ ਨੂੰ ਭੰਗ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਉਲਟ ਭਾਰਤ ਵਿੱਚ ਹਥਿਆਰਬੰਦ ਬਲਾਂ ਦੀ ਸਰਗਰਮ ਭੂਮਿਕਾ ਕਾਰਨ ਲੋਕਤੰਤਰ ਇੱਕ ਸਫਲ ਵਰਤਾਰਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸੇ ਕਾਰਨ ਹੀ ਅੱਜ ਉਨ੍ਹਾਂ ਵਰਗਾ ਆਮ ਆਦਮੀ ਸੂਬੇ ਦਾ ਮੁੱਖ ਮੰਤਰੀ ਬਣਿਆ ਹੈ। ਸ੍ਰੀ ਮਾਨ ਨੇ ਕਿਹਾ ਕਿ ਫੌਜ ਦੇ ਜਵਾਨਾਂ ਵੱਲੋਂ ਦੇਸ਼ ਦੀ ਸੇਵਾ ਵਿੱਚ ਪਾਏ ਬੇਮਿਸਾਲ ਯੋਗਦਾਨ ਲਈ ਹਰ ਦੇਸ਼ ਵਾਸੀ ਭਾਰਤੀ ਹਥਿਆਰਬੰਦ ਬਲਾਂ ਦਾ ਰਿਣੀ ਹੈ। ਜਦੋਂ ਸਾਡੇ ਵਿੱਚੋਂ ਹਰ ਕੋਈ ਆਪਣੇ ਪਰਿਵਾਰਾਂ ਨਾਲ ਆਰਾਮ ਦੀ ਨੀਂਦ ਸੌਂ ਰਿਹਾ ਹੁੰਦਾ ਹੈ, ਉਦੋਂ ਹਥਿਆਰਬੰਦ ਬਲ ਕੜਾਕੇ ਦੀ ਠੰਢ ਅਤੇ ਅਤਿ ਦੀ ਗਰਮੀ ਵਿੱਚ ਸਾਡੀਆਂ ਸਰਹੱਦਾਂ ਦੀ ਰਾਖੀ ਕਰ ਰਹੇ ਹੁੰਦੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਅਤੇ ਅਮਨ-ਕਾਨੂੰਨ ਦੀ ਰਾਖੀ ਲਈ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਬਹਾਦਰ ਸੈਨਿਕਾਂ ਨੂੰ ਨਿਮਰ ਸ਼ਰਧਾਂਜਲੀ ਵਜੋਂ ਸੂਬਾ ਸਰਕਾਰ ਨੇ ਸਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਦਿੱਤੇ ਜਾਣ ਵਾਲੇ ਮਾਣ ਭੱਤੇ ਨੂੰ ਵਧਾ ਕੇ ਇਕ ਕਰੋੜ ਰੁਪਏ ਕੀਤਾ ਹੈ। ਇਹ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਬਹਾਦਰ ਸੈਨਿਕਾਂ ਨੂੰ ਸਰਧਾਂਜਲੀ ਭੇਟ ਕਰਨ ਲਈ ਸੂਬਾ ਸਰਕਾਰ ਵੱਲੋਂ ਨਿਮਾਣਾ ਜਿਹਾ ਉਪਰਾਲਾ ਹੈ। ਮਿਲਟਰੀ ਲਿਟਰੇਚਰ ਫੈਸਟੀਵਲ ਦੇ ਆਖਰੀ ਦਿਨ ਵੀ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀਆਂ ਨੇ ਟੈਂਕਾਂ ਅਤੇ ਹਥਿਆਰਾਂ ਦੀ ਨੁਮਾਇਸ਼ ਦਾ ਆਨੰਦ ਮਾਣਿਆ। ਇਸੇ ਦੌਰਾਨ ਵੱਖ-ਵੱਖ ਟੀਮਾਂ ਵੱਲੋਂ ਗੱਤਕੇ, ਭੰਗੜੇ ਅਤੇ ਗਿੱਧੇ ਦੀ ਪੇਸ਼ਕਾਰੀ ਦਿੱਤੀ। ਇਸ ਤੋਂ ਇਲਾਵਾ ਪੇਂਟਿੰਗ ਪ੍ਰਦਰਸ਼ਨੀ ਵੀ ਨੌਜਵਾਨਾਂ ਲਈ ਖਿੱਚ ਦਾ ਕੇਂਦਰ ਬਣੀ ਰਹੀ।