ਮੀਂਹ ਤੇ ਤੇਜ਼ ਹਵਾਵਾਂ ਮਗਰੋਂ ਤਾਪਮਾਨ ਡਿੱਗਿਆ

ਮੀਂਹ ਤੇ ਤੇਜ਼ ਹਵਾਵਾਂ ਮਗਰੋਂ ਤਾਪਮਾਨ ਡਿੱਗਿਆ

ਜ਼ੀਰਕਪੁਰ ਤੇ ਬਲਟਾਣਾ ਹੋਇਆ ਜਲ-ਥਲ; ਲੋਕਾਂ ਦੀਆਂ ਮੁਸ਼ਕਲਾਂ ਵਧੀਆਂ
ਚੰਡੀਗੜ੍ਹ- ਹਿਮਾਚਲ ਪ੍ਰਦੇਸ਼ ਵਿੱਚ ਪਿਛਲੇ ਹੋ ਰਹੀ ਬਰਫ਼ਬਾਰੀ ਤੇ ਮੀਂਹ ਪੈਣ ਦਾ ਅਸਰ ਮੈਦਾਨੀ ਇਲਾਕਿਆਂ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਚੰਡੀਗੜ੍ਹ ਵਿੱਚ ਬੀਤੀ ਰਾਤ ਤੋਂ ਮੌਸਮ ਨੇ ਆਪਣਾ ਮਿਜ਼ਾਜ ਬਦਲਿਆ ਹੋਇਆ ਹੈ। ਸ਼ਹਿਰ ਵਿੱਚ ਤੇਜ਼ ਹਵਾਵਾਂ ਚੱਲ ਰਹੀਆਂ ਹਨ ਅਤੇ ਅੱਜ ਸਵੇਰ ਤੋਂ ਮੀਂਹ ਪੈਣ ਕਰ ਕੇ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਸਿਟੀ ਬਿਊਟੀਫੁੱਲ ’ਚ ਸਵੇਰ ਸਮੇਂ ਮੀਂਹ ਪਿਆ, ਜਿਸ ਤੋਂ ਬਾਅਦ ਦੁਪਹਿਰ ਸਮੇਂ ਧੁੱਪ ਨਿਕਲ ਗਈ ਪਰ ਬਾਅਦ ਦੁਪਹਿਰ ਅਚਾਨਕ ਮੌਸਮ ਫਿਰ ਤੋਂ ਬਦਲ ਗਿਆ ਅਤੇ ਮੀਂਹ ਪੈਣਾ ਸ਼ੁਰੂ ਹੋ ਗਿਆ। ਦੂਜੇ ਪਾਸੇ ਮੁਹਾਲੀ ਵਿੱਚ ਅੱਜ ਤੜਕੇ ਪਏ ਤੇਜ਼ ਮੀਂਹ ਨੇ ਜ਼ੀਰਕਪੁਰ ਤੇ ਬਲਟਾਣਾ ਨੂੰ ਜਲ-ਥਲ ਕਰਕੇ ਰੱਖ ਦਿੱਤਾ ਹੈ। ਇਨ੍ਹਾਂ ਇਲਾਕਿਆਂ ਦੀਆਂ ਮੁੱਖ ਸੜਕਾਂ ਪਾਣੀ ਵਿੱਚ ਡੁੱਬਣ ਕਰ ਕੇ ਲੋਕਾਂ ਨੂੰ ਸੜਕਾਂ ਤੋਂ ਲੰਘਣ ਵਿੱਚ ਵੀ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਹੈ। ਮੌਸਮ ਵਿਭਾਗ ਨੇ 3 ਮਾਰਚ ਨੂੰ ਦੁਪਹਿਰ ਤੱਕ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀਆਂ ਰਫ਼ਤਾਰ ਨਾਲ ਹਵਾਵਾਂ ਚੱਲਣ ਅਤੇ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ।

ਮੌਸਮ ਵਿਭਾਗ ਤੋਂ ਮਿੱਲੀ ਜਾਣਕਾਰੀ ਅਨੁਸਾਰ ਅੱਜ ਸ਼ਹਿਰ ਵਿੱਚ 9 ਐੱਮਐੱਮ ਮੀਂਹ ਪਿਆ ਹੈ। ਇਸ ਦੇ ਨਾਲ ਹੀ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 21 ਡਿਗਰੀ ਸੈਲਸੀਅਸ ਦਰਜ ਕੀਤਾ ਹੈ, ਜੋ ਕਿ ਆਮ ਨਾਲੋਂ 4.1 ਡਿਗਰੀ ਸੈਲਸੀਅਸ ਘੱਟ ਹੈ। ਇਸੇ ਤਰ੍ਹਾਂ ਘੱਟ ਤੋਂ ਘੱਟ ਤਾਪਮਾਨ 16.5 ਡਿਗਰੀ ਸੈਲਸੀਅਸ ਦਰਜ ਕੀਤਾ ਹੈ, ਜੋ ਕਿ ਆਮ ਨਾਲੋ ਵੱਧ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਸ਼ਹਿਰ ਵਿੱਚ 3 ਮਾਰਚ ਤੋਂ ਮੁੜ ਮੌਸਮ ਖਰਾਬ ਹੋਵੇਗਾ। ਇਸੇ ਤਰ੍ਹਾਂ ਮੁਹਾਲੀ ਵਿੱਚ ਵੀ ਕਾਫੀ ਮੀਂਹ ਪਿਆ ਹੈ। ਅੱਜ ਮੁਹਾਲੀ ਦਾ ਵੱਧ ਤੋਂ ਵੱਧ ਤਾਪਮਾਨ 22.7 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 17.4 ਡਿਗਰੀ ਸੈਲਸੀਅਸ ਦਰਜ ਕੀਤਾ ਹੈ। ਅੱਜ ਸ਼ਨਿੱਚਰਵਾਰ ਨੂੰ ਸਵੇਰ ਸਮੇਂ ਮੀਂਹ ਪੈਣ ਤੋਂ ਬਾਅਦ ਦੁਪਹਿਰ 12 ਵਜੇ ਦੇ ਕਰੀਬ ਚੰਗੀ ਧੁੱਪ ਖਿੱਡ ਗਈ। ਧੁੱਪ ਖਿਡਣ ਦੇ ਨਾਲ ਹੀ ਸੁਖਨਾ ਝੀਲ, ਰੌਕ ਗਾਰਡਨ ਤੇ ਹੋਰਨਾਂ ਘੁੰਮਣ ਫਿਰਨ ਵਾਲੀਆਂ ਥਾਵਾਂ ’ਤੇ ਲੋਕਾਂ ਦੀ ਭੀੜ ਲੱਗ ਗਈ। ਲੋਕ ਦੁਪਹਿਰ ਸਮੇਂ ਮੱਠੀ ਜਿਹੀ ਧੁੱਪ ਦਾ ਆਨੰਦ ਮਾਣਦੇ ਦਿਖਾਈ ਦਿੱਤੇ।