ਮੀਂਹ ਨਾਲ ਫਸਲਾਂ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਕਰਾਵਾਂਗੇ: ਭਗਵੰਤ ਮਾਨ

ਮੀਂਹ ਨਾਲ ਫਸਲਾਂ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਕਰਾਵਾਂਗੇ: ਭਗਵੰਤ ਮਾਨ

ਮੁੱਖ ਮੰਤਰੀ ਵੱਲੋਂ ਮੀਂਹ ਪ੍ਰਭਾਵਿਤ ਖੇਤਰਾਂ ਦਾ ਦੌਰਾ

ਮਲੋਟ/ਫਾਜ਼ਿਲਕਾ/ਲੰਬੀ-ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਲੋਟ, ਫਾਜ਼ਿਲਕਾ ਅਤੇ ਲੰਬੀ ਦੇ ਮੀਂਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਦਿਆਂ ਫ਼ਸਲਾਂ ਦੇ ਖਰਾਬੇ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਮਾਲਵੇ ਖਿੱਤੇ ’ਚੋਂ ਸੇਮ ਦੀ ਸਮੱਸਿਆ ਹੱਲ ਕਰਨ ਲਈ ਯੋਜਨਾ ਬਣਾਉਣ ਦਾ ਐਲਾਨ ਕੀਤਾ। ਉਨ੍ਹਾਂ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਚੱਪੇ-ਚੱਪੇ ਦੀ ਗਿਰਦਾਵਰੀ ਕਰਨ ਦੀ ਹਦਾਇਤ ਵੀ ਕੀਤੀ। ਫਾਜ਼ਿਲਕਾ ਦੇ ਪਿੰਡ ਮੂਲਿਆਂਵਾਲੀ ਤੋਂ ਇਲਾਵਾ ਸ੍ਰੀ ਮੁਕਤਸਰ ਸਾਹਿਬ ਦੇ ਸੇਮ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਅਧਿਕਾਰੀਆਂ ਨੂੰ ਪੂਰੇ ਸੂਬੇ ਵਿੱਚ ਸੇਮ ਦੀ ਸਮੱਸਿਆ ਦਾ ਹੱਲ ਯਕੀਨੀ ਬਣਾਉਣ ਲਈ ਯੋਜਨਾ ਤਿਆਰ ਕਰਨ ਦੀ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕੋਲ ਕੁਦਰਤੀ ਆਫ਼ਤ ਦੀ ਮਾਰ ਨਾਲ ਨਜਿੱਠਣ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਅਗਲੇ ਸਾਲ ਤੋਂ ਸੂਬੇ ਦੇ ਕਿਸੇ ਵੀ ਹਿੱਸੇ ਵਿੱਚ ਸੇਮ ਦੀ ਸਮੱਸਿਆ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਸਮੱਸਿਆ ਨੂੰ ਕਦੇ ਵੀ ਗੰਭੀਰਤਾ ਨਾਲ ਨਹੀਂ ਲਿਆ, ਜਿਸ ਕਾਰਨ ਹੁਣ ਸਥਿਤੀ ਜ਼ਿਆਦਾ ਵਿਗੜ ਗਈ ਹੈ।