ਮੀਡੀਆ ਨਾਲ ਰੂਬਰੂ ਹੋਏ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸੂਬਾ ਪ੍ਰਧਾਨ

ਮੀਡੀਆ ਨਾਲ ਰੂਬਰੂ ਹੋਏ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸੂਬਾ ਪ੍ਰਧਾਨ

ਮਹਾ ਜਨ ਸੰਪਰਕ ਮੁਹਿੰਮ ਤਹਿਤ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਦਾ ਕੀਤਾ ਗੁਣਗਾਨ
ਜਲੰਧਰ – ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਪਿਛਲੇ 9 ਸਾਲਾਂ ਦੀਆਂ ਪ੍ਰਾਪਤੀਆਂ ਤੋਂ ਪੰਜਾਬ ਦੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਸ਼ੁਰੂ ਕੀਤੇ ਗਏ ‘ਮਹਾਂ ਜਨਸੰਪਰਕ ਅਭਿਆਨ’ ਤਹਿਤ ਅੱਜ ਜਲੰਧਰ ਵਿੱਚ ਸਮਾਜ ਦਾ ਚੌਥਾ ਥੰਮ੍ਹ ਕਹੇ ਜਾਣ ਵਾਲੇ ਪ੍ਰਿੰਟ ਮੀਡੀਆ ਅਤੇ ਇਲੈਕਟ੍ਰਾਨਿਕ ਮੀਡੀਆ ਦੇ ਪੱਤਰਕਾਰਾਂ ਨੂੰ ਜਾਣਕਾਰੀ ਦਿੱਤੀ ਗਈ। ਇਸ ਸਬੰਧੀ ਜਾਣਕਾਰੀ ਦੇਣ ਲਈ ਕੇਂਦਰੀ ਸਹਿਕਾਰਤਾ ਰਾਜ ਮੰਤਰੀ ਬੀਐੱਲ ਵਰਮਾ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ ਅਤੇ ਉਨ੍ਹਾਂ ਨੇ ਕੇਂਦਰ ਸਰਕਾਰ ਦੀਆਂ ਪਿਛਲੇ 9 ਸਾਲਾਂ ਦੀਆਂ ਪ੍ਰਾਪਤੀਆਂ ਨੂੰ ਮੀਡੀਆ ਦੇ ਸਾਹਮਣੇ ਰੱਖਿਆ। ਇਸ ਮੌਕੇ ਉਨ੍ਹਾਂ ਨਾਲ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਵੀ ਮੌਜੂਦ ਸਨ। ਬੀਐੱਲ ਵਰਮਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 9 ਸਾਲਾਂ ਦੇ ਕਾਰਜਕਾਲ ’ਤੇ ਬਣੀ ਡਾਕੂਮੈਂਟਰੀ ਦਾ ਵੇਰਵਾ ਮੀਡੀਆ ਨੂੰ ਦਿੱਤਾ। ਇਸ ਮੌਕੇ ਸੂਬਾ ਜਨਰਲ ਸਕੱਤਰ ਰਾਜੇਸ਼ ਬਾਘਾ, ਸੂਬਾ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ, ਰਾਕੇਸ਼ ਰਾਠੌਰ, ਸੂਬਾ ਮੀਡੀਆ ਇੰਚਾਰਜ ਜਨਾਰਦਨ ਸ਼ਰਮਾ, ਸੂਬਾ ਆਈ.ਟੀ ਇੰਚਾਰਜ ਰਾਕੇਸ਼ ਗੋਇਲ, ਭਾਜਪਾ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਸ਼ਰਮਾ, ਸਾਬਕਾ ਸੀਪੀਐਸ ਕੇਡੀ ਭੰਡਾਰੀ, ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ, ਸਾਬਕਾ ਵਿਧਾਇਕ ਅਵਿਨਾਸ਼ ਚੰਦਰ, ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਮਨ ਪੱਬੀ, ਜ਼ਿਲ੍ਹਾ ਜਨਰਲ ਸਕੱਤਰ ਅਸ਼ੋਕ ਸਰੀਨ ਹਿੱਕੀ ਹਾਜ਼ਰ ਸਨ।