ਮੁਹਾਲੀ ’ਚ ਬੀਬੀਆਂ ਨੇ ਸੰਭਾਲਿਆ ਪੱਕਾ ਮੋਰਚਾ

ਮੁਹਾਲੀ ’ਚ ਬੀਬੀਆਂ ਨੇ ਸੰਭਾਲਿਆ ਪੱਕਾ ਮੋਰਚਾ

ਐਸ.ਏ.ਐਸ. ਨਗਰ (ਮੁਹਾਲੀ)- ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਸਮੇਤ ਹੋਰ ਸਿੱਖ ਮਸਲਿਆਂ ਨੂੰ ਲੈ ਕੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਅਤੇ ਹੋਰ ਸਿੱਖ ਜਥੇਬੰਦੀਆਂ ਦਾ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਪੱਕਾ ਮੋਰਚਾ ਜਾਰੀ ਹੈ। ਇੱਥੇ ਅੱਜ ਬੀਬੀਆਂ ਨੇ ਮੋਰਚਾ ਸੰਭਾਲਿਆ। ਕੌਮੀ ਇਨਸਾਫ਼ ਮੋਰਚੇ ਦੇ ਬੈਨਰ ਹੇਠ ਬੀਬੀ ਰਾਜਿੰਦਰ ਕੌਰ ਦੀ ਅਗਵਾਈ ਵਿੱਚ ਔਰਤਾਂ ਦੇ 31 ਮੈਂਬਰੀ ਵਫ਼ਦ ਨੇ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ਵੱਲ ਵਧਣ ਦਾ ਯਤਨ ਕੀਤਾ ਪਰ ਮੁਹਾਲੀ-ਯੂਟੀ ਦੇ ਐਂਟਰੀ ਪੁਆਇੰਟ ’ਤੇ ਤਾਇਨਾਤ ਪੁਲੀਸ ਬਲ ਨੇ ਪ੍ਰਦਰਸ਼ਨਕਾਰੀ ਬੀਬੀਆਂ ਦਾ ਰਾਹ ਡੱਕ ਲਿਆ। ਪੁਲੀਸ ਵੱਲੋਂ ਰੋਕੇ ਜਾਣ ’ਤੇ ਬੀਬੀਆਂ ਉੱਥੇ ਹੀ ਧਰਨੇ ’ਤੇ ਬੈਠ ਗਈਆਂ। ਉਧਰ, ਪੱਕੇ ਮੋਰਚੇ ’ਤੇ ਡਟੇ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਸਰਕਾਰਾਂ ਉਨ੍ਹਾਂ ਦੀਆਂ ਮੰਗਾਂ ਪ੍ਰਵਾਨ ਨਹੀਂ ਕਰ ਲੈਂਦੀਆਂ ਅਤੇ ਬੰਦੀ ਸਿੰਘ ਰਿਹਾਅ ਹੋ ਕੇ ਪੱਕੇ ਮੋਰਚੇ ’ਤੇ ਨਹੀਂ ਪਹੁੰਚਦੇ, ਉਦੋਂ ਤਕ ਸੰਘਰਸ਼ ਜਾਰੀ ਰਹੇਗਾ। ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਗੁਰਮੀਤ ਸਿੰਘ ਮਹਿਮਾ ਨੇ ਦੱਸਿਆ ਕਿ ਬੰਦੀ ਸਿੰਘ ਦੀ ਰਿਹਾਈ ਲਈ ਚੱਲ ਰਹੇ ਪੱਕੇ ਮੋਰਚੇ ਦੀ ਹਮਾਇਤ ਵਿੱਚ ਭਲਕੇ ਸੰਯੁਕਤ ਕਿਸਾਨ ਮੋਰਚਾ ਦੇ ਸੀਨੀਅਰ ਆਗੂ ਅਤੇ ਸਰਗਰਮ ਕਿਸਾਨ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ ਅਤੇ ਕੌਮੀ ਇਨਸਾਫ਼ ਮੋਰਚੇ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਜਾਵੇਗਾ।