ਮੁੱਖ ਮੰਤਰੀ ਦੀ ਕੋਠੀ ਅੱਗੇ ਸਿਹਤ ਮੁਲਾਜ਼ਮਾਂ ਨਾਲ ਖਿੱਚ-ਧੂਹ

ਸੰਗਰੂਰ – ਨੈਸ਼ਨਲ ਹੈਲਥ ਮਿਸ਼ਨ ਅਧੀਨ ਡੇਢ ਦਹਾਕੇ ਤੋਂ ਸਿਹਤ ਸੇਵਾਵਾਂ ਨਿਭਾਅ ਰਹੇ ਪੰਜਾਬ ਭਰ ਦੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਾਇਆ ਤੇ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਕੀਤੀ। ਇਸ ਮੌਕੇ ਪੁਲੀਸ ਵੱਲੋਂ ਮੁਲਾਜ਼ਮਾਂ ਨਾਲ ਖਿੱਚ-ਧੂਹ ਵੀ ਕੀਤੀ ਗਈ। ਇਸ ਤੋਂ ਪਹਿਲਾਂ ਨੈਸ਼ਨਲ ਹੈਲਥ ਮਿਸ਼ਨ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਮੁਲਾਜ਼ਮ ਕੌਮੀ ਮਾਰਗ ਦੇ ਬਾਈਪਾਸ ਓਵਰਬਰਿੱਜ ਨੇੜੇ ਇਕੱਠੇ ਹੋਏ ਤੇ ਇੱਥੋਂ ਰੋਸ ਮਾਰਚ ਕਰਦੇ ਹੋਏ ਉਹ ਜਿਸ ਤਰ੍ਹਾਂ ਹੀ ਮੁੱਖ ਮੰਤਰੀ ਦੀ ਰਿਹਾਇਸ਼ੀ ਕਲੋਨੀ ਦੇ ਗੇਟ ਨੇੜੇ ਪੁੱਜੇ ਤਾਂ ਪੁਲੀਸ ਨੇ ਨਾਕਾਬੰਦੀ ਕਰ ਕੇ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ। ਇਸ ਦੌਰਾਨ ਸਿਹਤ ਮੁਲਾਜ਼ਮਾਂ ਅਤੇ ਪੁਲੀਸ ਵਿਚਾਲੇ ਖਿੱਚ-ਧੂਹ ਵੀ ਹੋਈ। ਪੁਲੀਸ ਵੱਲੋਂ ਰੋਕੇ ਜਾਣ ’ਤੇ ਪ੍ਰਦਰਸ਼ਨਕਾਰੀ ਉੱਥੇ ਹੀ ਡਟ ਗਏ ਅਤੇ ਵਿਸ਼ਾਲ ਰੈਲੀ ਕੀਤੀ। ਰੈਲੀ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਡਾ. ਵਾਹਿਦ ਅਤੇ ਸੂਬਾ ਸਕੱਤਰ ਜੋਗਿੰਦਰ ਸਿੰਘ ਨੇ ਕਿਹਾ ਕਿ ਚੋਣਾਂ ਵੇਲੇ ‘ਆਪ’ ਨੇ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ’ਤੇ ਪਹਿਲੀ ਕੈਬਨਿਟ ਵਿੱਚ ਸਮੂਹ ਐੱਨਐੱਚਐਮ ਮੁਲਾਜ਼ਮਾਂ (ਕਰੋਨਾ ਯੋਧਿਆਂ) ਨੂੰ ਰੈਗੂਲਰ ਕੀਤਾ ਜਾਵੇਗਾ, ਪਰ ਹੁਣ ਪੰਜਾਬ ਸਰਕਾਰ ਆਪਣੇ ਵਾਅਦੇ ਤੋਂ ਭੱਜ ਰਹੀ ਹੈ। ਇਸ ਮੌਕੇ ਯੂਨੀਅਨ ਆਗੂ ਗੁਲਸ਼ਨ ਸ਼ਰਮਾ ਫਰੀਦਕੋਟ, ਡਾ. ਪ੍ਰਭਜੋਤ ਜੱਬਲ, ਹਰਜਿੰਦਰ ਸਿੰਘ, ਹਰਪ੍ਰੀਤ ਸਿੰਘ ਭੰਡਾਰੀ, ਡਾ. ਸਿਮਰਪਾਲ, ਡਾ. ਸ਼ਿਵ ਰਾਜ, ਅਵਤਾਰ ਸਿੰਘ ਮਾਨਸਾ, ਨੀਤੂ ਸ਼ਰਮਲ ਹੁਸ਼ਿਆਰਪੁਰ ਨੇ ਵੀ ਸੰਬੋਧਨ ਕੀਤਾ।