ਮੁੱਖ ਮੰਤਰੀ ਦੀ ਕੋਠੀ ਘੇਰਨ ਪੁੱਜੇ ਭਰਤੀ ਉਮੀਦਵਾਰਾਂ ਦੀ ਖਿੱਚ-ਧੂਹ

ਮੁੱਖ ਮੰਤਰੀ ਦੀ ਕੋਠੀ ਘੇਰਨ ਪੁੱਜੇ ਭਰਤੀ ਉਮੀਦਵਾਰਾਂ ਦੀ ਖਿੱਚ-ਧੂਹ

ਬੇਰੁਜ਼ਗਾਰਾਂ ਵੱਲੋਂ ਧਰਨਾ ਲਾ ਕੇ ਚੱਕਾ ਜਾਮ; ਤਰੁੱਟੀਆਂ ਦੂਰ ਕਰ ਕੇ ਅਧਿਆਪਕ ਭਰਤੀ ਮੁਕੰਮਲ ਕਰਨ ਦੀ ਮੰਗ
ਸੰਗਰੂਰ-ਇੱਥੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਕਰਨ ਪੁੱਜੇ 4161 ਮਾਸਟਰ ਕੇਡਰ ਭਰਤੀ ਦੇ ਉਮੀਦਵਾਰਾਂ ਅਤੇ ਪੁਲੀਸ ਵਿਚਾਲੇ ਖਿੱਚ-ਧੂਹ ਹੋਈ ਅਤੇ ਪੁਲੀਸ ਵੱਲੋਂ ਰੋਕੇ ਜਾਣ ’ਤੇ ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਦੀ ਰਿਹਾਇਸ਼ੀ ਕਲੋਨੀ ਦੇ ਮੁੱਖ ਗੇਟ ਦੇ ਸਾਹਮਣੇ ਵਾਲੀ ਸੜਕ ’ਤੇ ਆਵਾਜਾਈ ਠੱਪ ਕਰ ਕੇ ਰੋਸ ਧਰਨਾ ਦਿੱਤਾ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਧਰਨਾਕਾਰੀ ਉਮੀਦਵਾਰ 4161 ਮਾਸਟਰ ਕੇਡਰ ਭਰਤੀ ਵਿੱਚ ਮਾਤ ਭਾਸ਼ਾ ਪੰਜਾਬੀ ਅਤੇ ਗਣਿਤ ਵਿਸ਼ਿਆਂ ਦੀਆਂ ਉੱਤਰ ਕਾਪੀਆਂ ਵਿੱਚ ਤਰੁੱਟੀਆਂ ਹੋਣ ਦਾ ਦਾਅਵਾ ਕਰਦਿਆਂ ਇਨ੍ਹਾਂ ਤਰੁੱਟੀਆਂ ਨੂੰ ਦਰੁਸਤ ਕਰ ਕੇ ਭਰਤੀ ਪ੍ਰਕਿਰਿਆ ਜਲਦੀ ਮੁਕੰਮਲ ਕਰਨ ਦੀ ਮੰਗ ਕਰ ਰਹੇ ਸਨ। ਅੱਜ ਪੀੜਤ ਬੇਰੁਜ਼ਗਾਰ ਅਧਿਆਪਕ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਵੱਖ-ਵੱਖ ਜ਼ਿਲ੍ਹਿਆਂ ਤੋਂ ਪੁੱਜੇ ਉਮੀਦਵਾਰ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਲਈ ਰੋਸ ਮਾਰਚ ਕਰਦੇ ਹੋਏ ਜਿਉਂ ਹੀ ਰਿਹਾਇਸ਼ੀ ਕਲੋਨੀ ਦੇ ਮੁੱਖ ਗੇਟ ਨੇੜੇ ਪੁੱਜੇ ਤਾਂ ਪੁਲੀਸ ਵੱਲੋਂ ਨਾਕਾ ਲਗਾ ਕੇ ਉਨ੍ਹਾਂ ਨੂੰ ਰੋਕ ਲਿਆ ਗਿਆ। ਪ੍ਰਦਰਸ਼ਨਕਾਰੀਆਂ ਵੱਲੋਂ ਜਬਰੀ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਪੁਲੀਸ ਵੱਲੋਂ ਉਨ੍ਹਾਂ ਦੀ ਖਿੱਚ-ਧੂਹ ਕੀਤੀ ਗਈ। ਬਾਅਦ ਵਿੱਚ ਪ੍ਰਦਰਸ਼ਨਕਾਰੀਆਂ ਵਲੋਂ ਮੁੱਖ ਸੜਕ ’ਤੇ ਆਵਾਜਾਈ ਠੱਪ ਕਰ ਕੇ ਰੋਸ ਧਰਨਾ ਦਿੱਤਾ। ਇਸ ਮੌਕੇ ਸੰਬੋਧਨ ਕਰਦਿਆਂ ਯੂਨੀਅਨ ਆਗੂ ਬਲਕਾਰ ਸਿੰਘ ਮਘਾਣੀਆਂ ਨੇ ਮੰਗ ਕੀਤੀ ਕਿ ਉੱਤਰ ਕਾਪੀਆਂ ਨੂੰ ਦਰੁਸਤ ਕਰ ਕੇ ਭਰਤੀ ਸਮੇਂ ਸਿਰ ਮੁਕੰਮਲ ਕੀਤੀ ਜਾਵੇ। ਪ੍ਰਸ਼ਾਸਨ ਵੱਲੋਂ ਧਰਨਾਕਰੀਆਂ ਨੂੰ ਮੁੱਖ ਮੰਤਰੀ ਦੇ ਓਐੱਸਡੀ ਨਾਲ ਮਿਲਾ ਕੇ ਮੀਟਿੰਗ ਨਿਸ਼ਚਿਤ ਕਰਾਉਣ ਦਾ ਭਰੋਸਾ ਦਿੱਤਾ ਗਿਆ, ਜਿਸ ਮਗਰੋਂ ਧਰਨਾ ਸਮਾਪਤ ਹੋਇਆ।