ਮੁੱਖ ਮੰਤਰੀ ਨੇ ਕਿਸਾਨਾਂ ਨੂੰ ਮੁਆਵਜ਼ੇ ਦੇ ਚੈੱਕ ਵੰਡੇ

ਮੁੱਖ ਮੰਤਰੀ ਨੇ ਕਿਸਾਨਾਂ ਨੂੰ ਮੁਆਵਜ਼ੇ ਦੇ ਚੈੱਕ ਵੰਡੇ

ਪਹਿਲਾਂ ਸਿਆਸੀ ਆਗੂਆਂ ਦੇ ਘਰਾਂ ’ਚ ਹੁੰਦੀਆਂ ਸਨ ਗਿਰਦਾਵਰੀਆਂ: ਭਗਵੰਤ ਮਾਨ

ਅਬੋਹਰ-ਮੁੱਖ ਮੰਤਰੀ ਭਗਵੰਤ ਮਾਨ ਨੇ ਇੱਥੇ ਕਿਸਾਨਾਂ ਨੂੰ ਮੁਆਵਜ਼ਾ ਵੰਡਣ ਦੀ ਪ੍ਰਕਿਰਿਆ ਸ਼ੁਰੂ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲੇ ਦਿਨ 40 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡ ਕੇ ਸਾਰੇ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਅਮਲ ਸ਼ੁਰੂ ਕਰ ਦਿੱਤਾ ਹੈ। ਇੱਥੇ ਮੀਂਹ ਕਾਰਨ ਹੋਏ ਫ਼ਸਲਾਂ ਅਤੇ ਘਰਾਂ ਦੇ ਨੁਕਸਾਨ ਲਈ ਮੁਆਵਜ਼ਾ ਵੰਡਣ ਦੀ ਮੁਹਿੰਮ ਦੀ ਸ਼ੁਰੂਆਤ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਫਾਜ਼ਿਲਕਾ ਜ਼ਿਲ੍ਹੇ ਦੇ 362 ਪਿੰਡਾਂ ਨੂੰ ਮੁਆਵਜ਼ੇ ਵਜੋਂ ਕੁੱਲ 12.94 ਕਰੋੜ ਰੁਪਏ ਵਿੱਚੋਂ 6 ਕਰੋੜ ਰੁਪਏ ਖੁਦ ਵੰਡੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਸਰਕਾਰਾਂ ਵੱਲੋਂ ਸਿਰਫ਼ ਫੋਕੇ ਦਾਅਵੇ ਹੀ ਕੀਤੇ ਜਾਂਦੇ ਸਨ ਅਤੇ ਜ਼ਮੀਨੀ ਪੱਧਰ ਉਤੇ ਲੋਕਾਂ ਨੂੰ ਕੋਈ ਮੁਆਵਜ਼ਾ ਨਹੀਂ ਦਿੱਤਾ ਜਾਂਦਾ ਸੀ ਪਰ ਇਸ ਵਾਰ ਵੱਡਾ ਬਦਲਾਅ ਲਿਆਉਂਦਾ ਗਿਆ ਹੈ। ਪਿਛਲੀਆਂ ਸਰਕਾਰਾਂ ਦੌਰਾਨ ਗਿਰਦਾਵਰੀ ਸਿਰਫ ਸਿਆਸੀ ਰਸੂਖਵਾਨ ਲੋਕਾਂ ਦੀ ਮਰਜ਼ੀ ਉਤੇ ਨਿਰਭਰ ਹੁੰਦੀ ਸੀ ਜਿਸ ਕਰਕੇ ਕਿਸੇ ਵੀ ਅਸਲ ਲਾਭਪਾਤਰੀ ਨੂੰ ਮਦਦ ਨਹੀਂ ਮਿਲਦੀ ਸੀ। ਅਜਿਹੀਆਂ ਗਿਰਦਾਵਰੀਆਂ ਖੇਤਾਂ ਵਿਚ ਜਾ ਕੇ ਕਰਨ ਦੀ ਬਜਾਏ ਅਮੀਰ ਲੋਕਾਂ ਦੇ ਘਰਾਂ ਵਿੱਚ ਹੀ ਨੇਪਰੇ ਚਾੜ੍ਹ ਲਈਆਂ ਜਾਂਦੀਆਂ ਸਨ ਪਰ ਇਸ ਵਾਰ ਗਿਰਦਾਵਰੀ ਲਈ ਪਾਰਦਰਸ਼ੀ ਵਿਧੀ ਅਪਣਾਈ ਗਈ ਹੈ। ਮਾਨ ਨੇ ਕਿਹਾ ਕਿ ਉਨ੍ਹਾਂ ਵਾਅਦਾ ਕੀਤਾ ਸੀ ਕਿ ਵਿਸਾਖੀ ਤੋਂ ਪਹਿਲਾਂ ਮੁਆਵਜ਼ੇ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ ਅਤੇ ਅੱਜ ਮਿੱਥੇ ਸਮੇਂ ਤੋਂ ਪਹਿਲਾਂ ਇਸ ਮੁਹਿੰਮ ਦੀ ਸ਼ੁਰੂਆਤ ਹੋ ਗਈ ਹੈ।

‘ਦੁਪਹਿਰ 12 ਵਜੇ ਉੱਠਣ ਵਾਲਿਆਂ ਨੂੰ ਸਾਝਰੇ ਦਫਤਰ ਖੁੱਲ੍ਹਣ ਦਾ ਫਾਇਦਾ ਨਹੀਂ ਹੋਣਾ’

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਜਿਹੜਾ ਵਿਅਕਤੀ ਖ਼ੁਦ ਦੁਪਹਿਰ 12 ਵਜੇ ਜਾਗਦਾ ਹੈ, ਉਹ ਕਦੇ ਵੀ ਦਫ਼ਤਰਾਂ ਦਾ ਸਮਾਂ ਸਵੇਰੇ 7:30 ਤੋਂ ਦੁਪਹਿਰ 2 ਵਜੇ ਤੱਕ ਬਦਲਣ ਦੇ ਫਾਇਦੇ ਦੀ ਉਮੀਦ ਨਹੀਂ ਲਾ ਸਕਦਾ। ਇਨ੍ਹਾਂ ਆਗੂਆਂ ਨੂੰ ਲੋਕਾਂ ਨੇ ਬੁਰੀ ਤਰ੍ਹਾਂ ਨਕਾਰ ਦਿੱਤਾ ਹੈ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਵਾਸਤੇ ਆਹਲਾ ਦਰਜੇ ਦੇ 10 ਕੇਂਦਰ ਖੋਲ੍ਹੇਗੀ।