ਮੁੱਖ ਮੰਤਰੀ ਵੱਲੋਂ ਕੈਨੇਡਾ ਦੇ ਉੱਚ ਪੱਧਰੀ ਵਫ਼ਦ ਨਾਲ ਮੁਲਾਕਾਤ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੈਨੇਡਾ ਦੇ ਸੂਬੇ ਸਸਕੈਚਵਨ ਤੋਂ ਆਏ ਉੱਚ ਪੱਧਰੀ ਵਫ਼ਦ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਤੇ ਕੈਨੇਡਾ ਵਿਚਾਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ’ਤੇ ਜ਼ੋਰ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸੋਹਣਾ ਅਤੇ ਵੇਰਕਾ ਦੇ ਉਤਪਾਦਾਂ ਨੂੰ ਕੈਨੇਡਾ ਵਿੱਚ ਵੱਸਦਾ ਪੰਜਾਬੀ ਭਾਈਚਾਰਾ ਖ਼ਾਸ ਤੌਰ ’ਤੇ ਪਸੰਦ ਕਰਦਾ ਹੈ। ਮੁੱਖ ਮੰਤਰੀ ਨੇ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀਆਂ ਤੱਕ ਇਹ ਵਸਤਾਂ ਆਸਾਨੀ ਨਾਲ ਪੁੱਜਦੀਆਂ ਕਰਨ ਲਈ ਕੈਨੇਡਾ ਦੇ ਵਫ਼ਦ ਤੋਂ ਸਹਿਯੋਗ ਮੰਗਿਆ। ਉਨ੍ਹਾਂ ਕਿਹਾ ਕਿ ਕੈਨੇਡਾ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਪੰਜਾਬੀ ਅਹਿਮ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਵਫ਼ਦ ਨੂੰ ਸੱਦਾ ਦਿੱਤਾ ਕਿ ਉਹ ਉੱਦਮੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਉਤਸ਼ਾਹਿਤ ਕਰਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਤੇ ਕੈਨੇਡਾ ਖ਼ਾਸ ਤੌਰ ’ਤੇ ਸਸਕੈਚਵਨ ਵਿਚਾਲੇ ਸਹਿਯੋਗ ਨਾਲ ਦੋਵਾਂ ਮੁਲਕਾਂ ਨੂੰ ਵੱਡਾ ਫਾਇਦਾ ਹੋ ਸਕਦਾ ਹੈ। ਪੰਜਾਬ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਅਤੇ ਸੂਬੇ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਇਸ ਦੀ ਫੌਰੀ ਲੋੜ ਹੈ।