ਮੁੱਖ ਮੰਤਰੀ ਵੱਲੋਂ ਚੀਫ਼ ਲੈਫਟੀਨੈਂਟ ਜਨਰਲ ਨਾਲ ਮੁਲਾਕਾਤ

ਮੁੱਖ ਮੰਤਰੀ ਵੱਲੋਂ ਚੀਫ਼ ਲੈਫਟੀਨੈਂਟ ਜਨਰਲ ਨਾਲ ਮੁਲਾਕਾਤ

ਸਰਹੱਦੀ ਖੇਤਰ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਫੌਜ ਦਾ ਸਹਿਯੋਗ ਮੰਗਿਆ
ਚੰਡੀਗੜ੍ਹ- ਇੱਥੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਫੌਜ ਦੇ ਦੱਖਣੀ-ਪੱਛਮੀ ਕਮਾਂਡ ਦੇ ਚੀਫ਼ ਲੈਫਟੀਨੈਂਟ ਜਨਰਲ ਅਮਰਦੀਪ ਸਿੰਘ ਭਿੰਡਰ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਫੌਜ ਦੇ ਅਧਿਕਾਰੀ ਨਾਲ ਸੂਬੇ ਦੇ ਸਰਹੱਦੀ ਖੇਤਰ ਵਿੱਚ ਨਸ਼ਿਆਂ ਦੀ ਰੋਕਥਾਮ ਬਾਰੇ ਗੱਲਬਾਤ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਨਸ਼ੇ ਨੂੰ ਜੜ੍ਹ ਤੋਂ ਖਤਮ ਕਰਨ ਲਈ ਕੰਮ ਕਰ ਰਹੀ ਹੈ। ਇਸੇ ਦੌਰਾਨ ਪੰਜਾਬ ਪੁਲੀਸ ਵੱਲੋਂ ਰੋਜ਼ਾਨਾ ਕਈ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਸਰਹੱਦੀ ਖੇਤਰ ਵਿੱਚੋਂ ਨਸ਼ਿਆਂ ਦੀ ਰੋਕਥਾਮ ਲਈ ਭਾਰਤੀ ਫੌਜ ਤੋਂ ਸਹਿਯੋਗ ਮੰਗਿਆ। ਉਨ੍ਹਾਂ ਕਿਹਾ ਕਿ ਭਾਰਤੀ ਫੌਜ ਦੇ ਸਹਿਯੋਗ ਨਾਲ ਸਰਹੱਦੀ ਖੇਤਰ ਵਿੱਚੋਂ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕਦਾ ਹੈ। ਭਾਰਤੀ ਫੌਜ ਦੇ ਦੱਖਣੀ ਪੱਛਮੀ ਕਮਾਂਡ ਦੇ ਚੀਫ਼ ਲੈਫਟੀਨੈਂਟ ਜਨਰਲ ਅਮਰਦੀਪ ਸਿੰਘ ਭਿੰਡਰ ਨੇ ਮੁੱਖ ਮੰਤਰੀ ਨੂੰ ਭਰੋਸਾ ਦਿੱਤਾ ਕਿ ਉਹ ਨਸ਼ਿਆਂ ਦੀ ਰੋਕਥਾਮ ਲਈ ਸਰਕਾਰ ਦਾ ਪੂਰਾ ਸਾਥ ਦੇਣਗੇ ਤਾਂ ਜੋ ਪੰਜਾਬ ਦੀ ਧਰਤੀ ਨੂੰ ਨਸ਼ਿਆਂ ਤੋਂ ਮੁਕਤ ਕੀਤਾ ਜਾ ਸਕੇ।

ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਪੰਜਾਬ ਦੇ ਨੌਜਵਾਨਾਂ ਨੂੰ ਭਾਰਤੀ ਫੌਜ ਨਾਲ ਜੋੜਨ ਬਾਰੇ ਵੀ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਫੌਜ ਵਿੱਚ ਪੰਜਾਬ ਦੇ ਨੌਜਵਾਨਾਂ ਦੀ ਗਿਣਤੀ ਸਭ ਤੋਂ ਵੱਧ ਰਹੀ ਹੈ, ਜੋ ਕਿ ਅੱਜ ਘਟਦੀ ਜਾ ਰਹੀ ਹੈ। ਮੁੱਖ ਮੰਤਰੀ ਨੇ ਫੌਜ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਵਿੱਚ ਵੱਖ-ਵੱਖ ਥਾਵਾਂ ’ਤੇ ਫੌਜ ਦੀਆਂ ਪ੍ਰਦਰਸ਼ਨੀਆਂ ਲਗਾ ਕੇ ਨੌਜਵਾਨਾਂ ਨੂੰ ਜਾਗਰੂਕ ਕਰਨ ਤਾਂ ਜੋ ਮੁੜ ਭਾਰਤੀ ਫੌਜ ਵਿੱਚ ਪੰਜਾਬ ਦੇ ਨੌਜਵਾਨਾਂ ਦੀ ਗਿਣਤੀ ਵਧ ਸਕੇ।

ਬਨਾਰਸ ਜਾਣ ਵਾਲੀ ਰੇਲ ਗੱਡੀ ਨੂੰ ਝੰਡੀ ਦਿਖਾਉਣਗੇ ਭਗਵੰਤ ਮਾਨ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਗੁਰੂ ਰਵਿਦਾਸ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਦੋ ਫਰਵਰੀ ਨੂੰ ਜਲੰਧਰ ਸਿਟੀ ਸਟੇਸ਼ਨ ਤੋਂ ਬਨਾਰਸ ਜਾਣ ਵਾਲੀ ਰੇਲ ਗੱਡੀ ਨੂੰ ਹਰੀ ਝੰਡੀ ਦਿਖਾਉਣਗੇ। ਇਸ ਸਬੰਧੀ ਡੇਰਾ ਬੱਲਾਂ ਪ੍ਰਬੰਧਕ ਕਮੇਟੀ ਵੱਲੋਂ ਮੁੱਖ ਮੰਤਰੀ ਨੂੰ ਸੱਦਾ ਦਿੱਤਾ ਗਿਆ ਸੀ। ਮੁੱਖ ਮੰਤਰੀ ਨੇ ਅੱਜ ਇੱਥੇ ਆਪਣੀ ਸਰਕਾਰੀ ਰਿਹਾਇਸ਼ ਵਿੱਚ ਡੇਰਾ ਬੱਲਾਂ ਦੀ ਪ੍ਰਬੰਧਕ ਕਮੇਟੀ ਦੇ ਵਫ਼ਦ ਨਾਲ ਗੱਲਬਾਤ ਦੌਰਾਨ ਡੇਰਾ ਬੱਲਾਂ ਵੱਲੋਂ ਸਮਾਜ ਦੇ ਕਮਜ਼ੋਰ ਅਤੇ ਪੱਛੜੇ ਵਰਗਾਂ ਲਈ ਕੀਤੇ ਜਾ ਰਹੇ ਲੋਕ ਭਲਾਈ ਦੇ ਕਾਰਜਾਂ ਦੀ ਵੀ ਸ਼ਲਾਘਾ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਉਹ 5 ਫਰਵਰੀ ਨੂੰ ਜਲੰਧਰ ਵਿੱਚ ਹੋਣ ਵਾਲੇ ਇਸ ਸਮਾਗਮ ’ਚ ਆਪਣੇ ਕੈਬਨਿਟ ਸਾਥੀਆਂ ਸਮੇਤ ਸ਼ਿਰਕਤ ਕਰਨਗੇ।ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਵੱਲੋਂ ਜਲਦ ਹੀ ਬੱਲਾਂ ਵਿੱਚ ਅਤਿ ਆਧੁਨਿਕ ਗੁਰੂ ਰਵਿਦਾਸ ਬਾਣੀ ਅਧਿਐਨ (ਖੋਜ) ਕੇਂਦਰ ਦੀ ਸਥਾਪਨਾ ਲਈ ਫੰਡ ਜਾਰੀ ਕੀਤੇ ਜਾਣਗੇ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਸਰਕਾਰੀ ਰਿਹਾਇਸ ’ਤੇ ਸਾਲ 2023 ਲਈ ਸੂਬਾ ਸਰਕਾਰ ਦੀ ਡਾਇਰੀ ਜਾਰੀ ਕੀਤੀ। ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਦੱਸਿਆ ਕਿ ਡਾਇਰੀ ਦੀ ਰੂਪ-ਰੇਖਾ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਸੰਕਲਪਿਤ ਅਤੇ ਤਿਆਰ ਕੀਤੀ ਗਈ ਹੈ ਅਤੇ ਇਸ ਨੂੰ ਕੰਟਰੋਲਰ ਪ੍ਰਿੰਟਿੰਗ ਐਂਡ ਸਟੇਸਨਰੀ ਵਿਭਾਗ, ਪੰਜਾਬ ਵੱਲੋਂ ਛਾਪਿਆ ਗਿਆ ਹੈ।