ਮੁੱਖ ਮੰਤਰੀ ਵੱਲੋਂ ਮਾਓ ਸਾਹਿਬ ਰੇਤ ਖੱਡ ਦਾ ਉਦਘਾਟਨ

ਮੁੱਖ ਮੰਤਰੀ ਵੱਲੋਂ ਮਾਓ ਸਾਹਿਬ ਰੇਤ ਖੱਡ ਦਾ ਉਦਘਾਟਨ

ਮੁੱਖ ਮੰਤਰੀ ਵੱਲੋਂ ਮਾਓ ਸਾਹਿਬ ਰੇਤ ਖੱਡ ਦਾ ਉਦਘਾਟਨ
ਫਿਲੌਰ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਿੰਡ ਮਾਓ ਸਾਹਿਬ ਰੇਤ ਖੱਡ ਲੋਕਾਂ ਨੂੰ ਸਮਰਪਿਤ ਕੀਤੀ। ਇਸ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਰੇਤੇ ਦੀ ਸਪਲਾਈ ਯਕੀਨੀ ਬਣਾਉਣ ਲਈ ਜਲਦੀ ਹੀ 150 ਹੋਰ ਜਨਤਕ ਰੇਤ ਖੱਡਾਂ ਲੋਕਾਂ ਨੂੰ ਸਮਰਪਿਤ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਅੱਜ ਅੱਠ ਜ਼ਿਲ੍ਹਿਆਂ ’ਚ 17 ਹੋਰ ਜਨਤਕ ਖੱਡਾਂ ਲੋਕਾਂ ਨੂੰ ਸਮਰਪਿਤ ਕੀਤੀਆਂ ਜਾ ਰਹੀਆਂ ਹਨ। ਹੁਣ ਤੱਕ 14 ਜ਼ਿਲ੍ਹਿਆਂ ਵਿੱਚ 33 ਰੇਤ ਖੱਡਾਂ ਲੋਕਾਂ ਨੂੰ ਸਮਰਪਿਤ ਕੀਤੀਆਂ ਗਈਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਰੇਤ ਮਾਫ਼ੀਆ ਦਾ ਖ਼ਾਤਮਾ ਕਰੇਗੀ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਵਿੱਚ ਮੁਲਕ ਭਰ ਵਿੱਚੋਂ ਸਭ ਤੋਂ ਘੱਟ ਦਰਾਂ ’ਤੇ ਰੇਤ ਉਪਲਬਧ ਹੋ ਰਹੀ ਹੈ। ਇਸ ਮੌਕੇ ਅਕਾਲੀ ਦਲ ਨੂੰ ਕਰੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਨੂੰ ਖਣਨ ਦੇ ਮੁੱਦੇ ’ਤੇ ਬੋਲਣ ਦਾ ਕੋਈ ਨੈਤਿਕ ਅਧਿਕਾਰ ਨਹੀਂ। ਉਨ੍ਹਾਂ ਕਿਹਾ ਕਿ ਜੱਗ-ਜ਼ਾਹਿਰ ਹੈ ਕਿ ਅਕਾਲੀਆਂ ਦੀ ਸੱਤਾ ’ਤੇ ਕਬਜ਼ੇ ਸਮੇਂ ਹਰ ਮਾਫ਼ੀਆ ਨਾਲ ਗੰਢਤੁੱਪ ਸੀ। ਸ੍ਰੀ ਮਾਨ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਜਿਸ ਦੀ ਪਾਰਟੀ ਨੇ ਸਾਰੀ ਗੜਬੜ ਕੀਤੀ, ਉਹ ਹੀ ਮਾਫੀਆ ਬਾਰੇ ਸਵਾਲ ਕਰ ਰਿਹਾ ਹੈ। ਉਨ੍ਹਾਂ ਇਹ ਐਲਾਨ ਵੀ ਕੀਤਾ ਕਿ ਲੰਬੇ ਸਮੇਂ ਤੋਂ ਲਟਕ ਰਹੀਆਂ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਅਤੇ ਕਮਿਸ਼ਨਾਂ ਦੀਆਂ ਸਾਰੀਆਂ ਰਿਪੋਰਟਾਂ ਜਲਦੀ ਹੀ ਜਨਤਕ ਕੀਤੀਆਂ ਜਾਣਗੀਆਂ ਤੇ ਲੋਕਾਂ ਨੂੰ ਲੁੱਟਣ ਵਾਲੇ ਤੇੇ ਅਧਿਕਾਰਾਂ ਦੀ ਦੁਰਵਰਤੋਂ ਕਰਨ ਵਾਲੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ।